ਰਘਬੀਰ ਹੈਪੀ, ਬਰਨਾਲਾ, 10 ਅਕਤੂਬਰ 2023
ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਬ ਡਵੀਜਨਲ ਹਸਪਤਾਲ ਤਪਾ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਕਰਾਇਆ ਗਿਆ ਤੇ ਇਸ ਮੌਕੇ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਨਰਸਿੰਗ ਵਿਦਿਆਰਥੀਆਂ ਦੇ ਨਾਲ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਨਵਜੋਤਪਾਲ ਸਿੰਘ ਭੁੱਲਰ ਨੇ ਕਿਹਾ ਕਿ ਇਹ ਦਿਨ ਮਨਾਉਣ ਦਾ ਮਕਸਦ ਲੋਕਾਂ ਨੂੰ ਮਾਨਸਿਕ ਸਿਹਤ ਸੰਬੰਧੀ ਜਾਗਰੂਕ ਕਰਨਾ ਅਤੇ ਮਾਨਸਿਕ ਰੋਗਾਂ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਬਾਰੇ ਦੱਸਣਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਮਾਨਸਿਕ ਬਿਮਾਰੀ ਨਾਲ ਜੂਝ ਰਿਹਾ ਹੈ ਤਾਂ ਇਸਦੇ ਲੱਛਣਾਂ ਤੋਂ ਜਾਗਰੂਕ ਹੋਵੋ, ਇਲਾਜ ਕਰਵਾਓ ਤੇ ਇਸ ਬਾਰੇ ਆਪਣੇ ਪਰਿਵਾਰ ਨਾਲ ਖੁੱਲ੍ਹ ਕੇ ਗੱਲ ਕਰੋ।
ਇਸ ਮੌਕੇ ਬਲਾਕ ਐਜੂਕੇਟਰ ਜਸਪਾਲ ਸਿੰਘ ਜਟਾਣਾ ਨੇ ਦੱਸਿਆ ਕਿ ਮਾਨਸਿਕ ਸਿਹਤ ਬਾਰੇ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨਸ਼ੇ ਨੂੰ ਵੀ ਮਾਨਸਿਕ ਰੋਗ ਦਾ ਇੱਕ ਕਾਰਨ ਦੱਸਿਆ ਕਿ ਕਿਵੇਂ ਨਸ਼ਾ ਕਰਨ ਵਾਲੇ ਵਿਅਕਤੀ ਆਪਣਾ ਦਿਮਾਗੀ ਸੰਤੁਲਨ ਗਵਾ ਦਿੰਦੇ ਹਨ। ਨਸ਼ੇ ਦੇ ਮਾੜੇ ਪ੍ਰਭਾਵਾਂ ਦੇ ਅਸਰ ਨਾਲ ਕੁਝ ਵੀ ਪਤਾ ਨਹੀਂ ਚਲਦਾ। ਕਈ ਵਿਅਕਤੀ ਘੱਟ ਸੌਣਾ,ਇਕੱਲਾਪਨ,ਮਾੜੀ ਸੰਗਤ, ਬੇਰੋਜ਼ਗਾਰੀ ਆਦਿ ਕਾਰਨਾਂ ਕਰਕੇ ਨਸ਼ੇ ਗ੍ਰਸਤ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮਾਨਸਿਕ ਤਣਾਓ ਹੋਣ ‘ਤੇ ਆਪਣੇ ਪਰਿਵਾਰ, ਸਕੇ ਸੰਬੰਧੀਆਂ ਜਾਂ ਮਾਨਸਿਕ ਰੋਗਾਂ ਦੇ ਮਾਹਰ ਡਾਕਟਰ ਨਾਲ ਗੱਲ ਕਰਨੀ ਚਾਹੀਦੀ ਹੈ।ਸਮੇਂ ਸਿਰ ਸਲਾਹ ਲੈ ਕੇ ਮਰੀਜ ਨੂੰ ਇਲਾਜ ਕਰਾਉਣਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਕੰਵਲਜੀਤ ਸਿੰਘ ਬਾਜਵਾ, ਐਸ.ਆਈ ਰਣਜੀਵ ਕੁਮਾਰ, ਬੀ.ਏ.ਸੀ.ਸੀ. ਅਨੀਤਾ ਆਦਿ ਹਾਜ਼ਰ ਸਨ।