ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ, 10 ਅਕਤੂਬਰ 2023
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੱਲ ਸ਼ਾਮ ਤੱਕ 18 ਹਜ਼ਾਰ 291 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 15 ਹਜ਼ਾਰ 913 ਮੀਟਰਕ ਟਨ ਝੋਨਾ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦਿਆ ਜਾ ਚੁੱਕਾ ਹੈ ਅਤੇ 798 ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਸਾਂਝੀ ਕੀਤੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨ ਮੰਡੀਆਂ ਵਿੱਚ ਕੀਤੇ ਖ਼ਰੀਦ ਪ੍ਰਬੰਧਾਂ ‘ਤੇ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀ ਵਿਚ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਸਾਨਾਂ ਨੂੰ ਜ਼ਿਲ੍ਹੇ ਦੇ ਅਗਾਂਹ ਵਧੂ ਕਿਸਾਨਾਂ ਤੋਂ ਸੇਧ ਲੈ ਕੇ ਫ਼ਸਲਾਂ ਦੀ ਰਹਿੰਦ-ਖੂਹਿੰਦ ਨੂੰ ਅੱਗ ਨਾ ਲਗਾ ਕੇ ਪਰਾਲੀ ਦੇ ਨਿਪਟਾਰੇ ਲਈ ਯੋਗ ਪ੍ਰਬੰਧ ਕਰਨ ਦੀ ਅਪੀਲ ਵੀ ਕੀਤੀ ਤਾਂ ਕਿ ਵਾਤਾਵਰਣ ਦੀ ਸ਼ੁੱਧਤਾ ਕਾਇਮ ਰਹੇ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਣੀ ਰਹੇ।
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਖਰੀਦ ਲਈ ਕੁੱਲ 127 ਖਰੀਦ ਕੇਂਦਰਾਂ ਵਿੱਚ ਪੀਣ ਵਾਲੇ ਪਾਣੀ, ਛਾਂ, ਰੌਸ਼ਨੀ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ‘ਚ ਸੁੱਕੀ ਫਸਲ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਮੰਡੀ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ ਤੇ ਮੰਡੀਆਂ ਵਿੱਚ ਭੀੜ ਦੀ ਸਮੱਸਿਆ ਨਾ ਬਣੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ‘ਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਵੇਗੀ ਅਤੇ ਕਿਸਾਨਾਂ ਵੱਲੋਂ ਲਿਆਂਦੀ ਗਈ ਫ਼ਸਲ ਦਾ ਦਾਣਾ-ਦਾਣਾ ਖਰੀਦ ਕੀਤਾ ਜਾਵੇਗਾ।
ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਰਾਜ ਰਿਸ਼ੀ ਮਹਿਰਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਵੱਲੋਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮਾਰਕੀਟ ਕਮੇਟੀ ਮਮਦੋਟ ਅਧੀਨ ਆਉਂਦੇ ਵੱਖ-ਵੱਖ ਖ਼ਰੀਦ ਕੇਂਦਰਾਂ ਦਾ ਦੌਰਾ ਕੀਤਾ ਗਿਆ ਤੇ ਨਿਰਵਿਘਨ ਖਰੀਦ, ਲਿਫਟਿੰਗ, ਅਦਾਇਗੀ ਆਦਿ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੇ ਗਏ ਕੁਲ ਝੋਨੇ ਵਿਚੋਂ ਪਨਗ੍ਰੇਨ ਵੱਲੋਂ 2719 ਮੀਟਰਕ ਟਨ, ਮਾਰਕਫੈੱਡ ਵਲੋਂ 6691 ਮੀਟਰਕ ਟਨ, ਪਨਸਪ ਵੱਲੋਂ 3363 ਮੀਟਰਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 2138 ਮੀਟਰਕ ਟਨ, ਪ੍ਰਈਵੇਟ ਵਪਾਰੀਆਂ ਵੱਲੋਂ 1002 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਵਰਗ ਖ਼ਰੀਦ ਪ੍ਰਬੰਧਾਂ ਤੋਂ ਸੰਤੁਸ਼ਟ ਹੈ ਅਤੇ ਕਿਸਾਨਾਂ, ਆੜ੍ਹਤੀਆਂ ਅਤੇ ਸਾਰੀਆਂ ਖ਼ਰੀਦ ਏਜੰਸੀਆਂ ਵੱਲੋਂ ਪੂਰੇ ਸਹਿਯੋਗ ਦਾ ਭਰੋਸਾ ਦਿੱਤਾ ਗਿਆ ਹੈ।