ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਸੰਘਰਸ਼ਸ਼ੀਲ ਧਿਰਾਂ ਦੀ ਮੀਟਿੰਗ ਜਾਰੀ
ਮਨੀ ਗਰਗ, ਬਰਨਾਲਾ 9 ਜੂਨ 2020
ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੇ ਪ੍ਰਿੰਸੀਪਲ, ਪ੍ਰਬੰਧਕ ਕਮੇਟੀ ਅਤੇ ਪੁਲਿਸ ਪ੍ਰਸ਼ਾਸਨ ਦੇ ਰਵੱਈਏ ਦੇ ਵਿਰੋਧ ਵਿੱਚ ਰੋਸ ਪ੍ਰਗਟ ਕਰਨ ਲਈ ਕੱਲ ਟੈਂਕੀ ਤੇ ਚੜ੍ਹੀਆਂ 5 ਅਧਿਆਪਕ ਔਰਤਾਂ ਵਿੱਚੋਂ ਇੱਕ ਸੀਮਾ ਮਿੱਤਲ ਗਰਮੀ ਕਾਰਣ ਬੇਹੋਸ਼ ਹੋ ਕੇ ਡਿੱਗ ਪਈ। ਜਿਸ ਨੂੰ ਪ੍ਰਦਰਸ਼ਨਕਾਰੀਆਂ ਨੇ ਤੁਰੰਤ ਹੀ ਸੰਭਾਲ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆ ਇਨਸਾਫ ਦੀ ਅਵਾਜ਼ ਪਾਰਟੀ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਦਾਨਗੜ੍ਹ ਨੇ ਕਿਹਾ ਕਿ ਅੱਤ ਦੀ ਗਰਮੀ ਵਿੱਚ ਟੈਂਕੀ ਤੇ ਚੜ੍ਹੀਆਂ ਅਧਿਆਪਕਾਵਾਂ ਦੀਆਂ ਮੰਗਾਂ ਵੱਲ ਪ੍ਰਸ਼ਾਸਨ ਕੋਈ ਧਿਆਨ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਕਿ ਸਕੂਲ ਦੀ ਪ੍ਰਬੰਧਕ ਕਮੇਟੀ ਨੇ ਵੀ ਸੰਘਰਸ਼ ਦੇ ਰਾਹ ਪਈਆਂ ਅਧਿਆਪਕਾਵਾਂ ਨੂੰ ਅਣਗੌਲਿਆ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸੀਮਾ ਮਿੱਤਲ ਅਤੇ ਕਿਸੇ ਹੋਰ ਅਧਿਆਪਕਾ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਪੂਰੀ ਜਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਅਧਿਆਪਕਾਵਾਂ ਦੇ ਹੱਕ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੇ ਸੂਬਾ ਪ੍ਰੈਸ ਸਕੱਤਰ ਬਲਵੰਤ ਉੱਪਲੀ, ਬੀ.ਕੇ.ਯੂ ਏਕਤਾ ਡਕੌਦਾ ਸੂਬਾ, ਦਰਸ਼ਨ ਸਿੰਘ ਉੱਗੋਕੇ, ਡੀ.ਟੀ.ਐਫ ਦੇ ਗੁਰਮੀਤ ਸੁਖਪੁਰਾ, ਇਨਕਲਾਬੀ ਕੇਂਦਰ ਪੰਜਾਬ ਦੀ ਆਗੂ ਅਮਰਜੀਤ ਕੌਰ ਤੇ ਕੇਵਲ ਜੀਤ ਕੌਰ ਨੇ ਪ੍ਰਦਰਸ਼ਨਕਾਰੀਆਂ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਨੂੰ ਸਕੂਲ ਪ੍ਰਬੰਧਕ ਕਮੇਟੀ ਨਾਲ ਗੱਲਬਾਤ ਦੀ ਪਹਿਲਕਦਮੀ ਕਰਨੀ ਚਾਹੀਦੀ ਹੈ ਤਾਂ ਕਿ ਅਧਿਆਪਕਾਵਾਂ ਦੀਆਂ ਮੰਗਾਂ ਪੂਰੀਆਂ ਹੋ ਸਕਣ।
ਡੀ.ਟੀ.ਐਫ ਦੇ ਆਗੂ ਗੁਰਮੀਤ ਸੁਖਪੁਰਾ ਨੇ ਕਿਹਾ ਕਿ ਅਧਿਆਪਕ ਔਰਤਾਂ ਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਸੰਘਰਸ਼ ਕਮੇਟੀ ਦੀ ਇੱਕ ਮੀਟਿੰਗ ਪ੍ਰਦਰਸ਼ਨ ਵਾਲੀ ਜਗ੍ਹਾ ਹੈ। ਮੀਟਿੰਗ ਤੋਂ ਬਾਅਦ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਅਗਲੀ ਰੂਪ ਰੇਖਾ ਦਾ ਐਲਾਨ ਕੀਤਾ ਜਾਵੇਗਾ।