ਬਿੱਟੂ ਜਲਾਲਾਬਾਦੀ, ਫ਼ਿਰੋਜ਼ਪੁਰ, 11 ਅਕਤੂਬਰ 2023
ਜ਼ਿਲ੍ਹੇ ਅੰਦਰ ਪਿਛਲੇ ਸਮੇਂ ਦੌਰਾਨ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਜਿਹੜੇ-ਜਿਹੜੇ ਕਿਸਾਨਾਂ ਜਾਂ ਆਮ ਲੋਕਾਂ ਦੀਆਂ ਫ਼ਸਲਾਂ ਦਾ ਮਾਲੀ ਜਾਂ ਕੋਈ ਜਾਨੀ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਪੰਜਾਬ ਸਰਕਾਰ ਦੇ ਨਿਯਮਾਂ ਅਤੇ ਹਦਾਇਤਾਂ ਅਨੁਸਾਰ ਬਣਦਾ ਯੋਗ ਮੁਆਵਜਾ ਦਿੱਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਈ ਜਮੀਨਾਂ ਦੇ ਮਾਲਕ ਜੋ ਸਬੰਧਤ ਪਿੰਡ ਵਿੱਚ ਨਹੀਂ ਰਹਿੰਦੇ, ਉਹ ਆਪਣੇ ਬੈਂਕ ਖਾਤੇ ਅਤੇ ਲੋੜੀਂਦੀ ਤਫਸੀਲ ਸਬੰਧਤ ਪਟਵਾਰੀ ਜਾਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਕੇ ਦੇਣ ਤਾਂ ਜੋ ਕੋਈ ਵੀ ਪ੍ਰਭਾਵਿਤ ਵਿਅਕਤੀ ਜਾਂ ਪਰਿਵਾਰ ਮੁਆਵਜੇ ਤੋਂ ਵਾਂਝਾ ਨਾ ਰਹਿ ਜਾਵੇ।
ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਜਾ ਕੇ ਨੁਕਸਾਨ ਦਾ ਜਾਇਜ਼ਾ ਲੈ ਕੇ ਹੜ੍ਹ ਪੀੜਤਾਂ ਨੂੰ ਰਾਸ਼ੀ ਜਾਰੀ ਕਰ ਰਹੀਆਂ ਹਨ। ਉਨ੍ਹਾਂ ਪੰਚਾਇਤਾਂ ਨੂੰ ਵੀ ਕਿਹਾ ਕਿ ਉਹ ਪਿੰਡ ਵਿੱਚ ਪੜਤਾਲ ਕਰਨ ਤਾਂ ਜੋ ਕੋਈ ਵਿਅਕਤੀ ਮੁਆਵਜੇ ਤੋਂ ਵਾਂਝਾ ਨਾ ਰਹਿ ਜਾਵੇ।