ਰਿਚਾ ਨਾਗਪਾਲ, ਪਟਿਆਲਾ, 11 ਅਕਤੂਬਰ 2023
ਪਟਿਆਲਾ ਦੇ ਏ.ਡੀ.ਸੀ. (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ ਨੇ ਅੱਜ ਸਮਾਣਾ ਦੇ ਪਿੰਡਾਂ ਕੁਲਾਰਾਂ ਤੇ ਫ਼ਤਹਿਪੁਰ, ਜਿੱਥੇ ਖੇਤਾਂ ਵਿੱਚ ਬੇਲਰਾਂ ਨਾਲ ਪਰਾਲੀ ਸੰਭਾਲੀ ਜਾ ਰਹੀ ਹੈ, ਦਾ ਦੌਰਾ ਕਰਕੇ ਕਿਸਾਨਾਂ ਤੇ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਕੇ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਚਰਨਜੀਤ ਸਿੰਘ ਤੇ ਨਾਇਬ ਤਹਿਸੀਲਦਾਰ ਸਤਗੁਰ ਸਿੰਘ ਵੀ ਮੌਜੂਦ ਸਨ।
ਕਿਸਾਨਾਂ ਨਾਲ ਗੱਲਬਾਤ ਕਰਦਿਆਂ ਏ.ਡੀ.ਸੀ. ਨੇ ਦੱਸਿਆ ਕਿ ਪਰਾਲੀ ਨੂੰ ਅੱਗ ਨਾ ਲੱਗਣ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ‘ਤੇ ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਇਸ ਵਾਰ ਸਮੇਂ ਤੋਂ ਪਹਿਲਾਂ ਹੀ ਪਰਾਲੀ ਸੰਭਾਲਣ ਵਾਲੀ ਇੰਡਸਟਰੀ ਤੇ ਬੇਲਰਾਂ ਨਾਲ ਤਾਲਮੇਲ ਕਰਕੇ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੀ ਅਗੇਤੀ ਮੈਪਿੰਗ ਕਰਵਾ ਲਈ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ, ਐਨ.ਜੀ.ਟੀ., ਸੀ.ਏ.ਕਿਉ.ਐਮ ਤੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਹਰ ਪਿੰਡ ਵਿੱਚ ਜਾ ਕੇ ਕਿਸਾਨਾਂ ਤੇ ਕਿਸਾਨ ਜਥੇਬੰਦੀਆਂ ਨਾਲ ਤਾਲਮੇਲ ਕਰਕੇ ਖੇਤਾਂ ਵਿੱਚ ਅੱਗ ਨਾਲ ਲਗਾਉਣ ਦੀ ਅਪੀਲ ਕੀਤੀ ਜਾ ਰਹੀ ਹੈ।
ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਨਿਵੇਕਲੀ ਪਹਿਲਕਦਮੀ ਕਰਕੇ ਕਿਸਾਨਾਂ ਦੀ ਸਹੂਲਤ ਲਈ ਵਟਸਐਪ ਚੈਟਬੋਟ ਨੰਬਰ 73800-16070 ਵੀ ਸ਼ੁਰੂ ਕੀਤਾ ਹੈ, ਤਾਂ ਕਿ ਕਿਸਾਨਾਂ ਨੂੰ ਪਰਾਲੀ ਸੰਭਾਲਣ ਲਈ ਲੋੜੀਂਦੀ ਮਸ਼ੀਨਰੀ ਉਪਲਬੱਧ ਕਰਵਾਈ ਜਾ ਸਕੇ। ਉਨ੍ਹਾਂ ਅਪੀਲ ਕੀਤੀ ਕਿ ਵਾਤਾਵਰਣ ਦੀ ਸੰਭਾਲ ਤੇ ਮਨੁੱਖੀ ਸਿਹਤ, ਜਮੀਨ ਦੀ ਉਪਜਾਊ ਸ਼ਕਤੀ ਸੰਭਾਲਣ ਲਈ ਪਰਾਲੀ ਨੂੰ ਲੱਗ ਨਾ ਲਗਾਈ ਜਾਵੇ।
ਏ.ਡੀ.ਸੀ. ਨੇ ਕਿਹਾ ਕਿ ਮਲਚਰ, ਸੁਪਰ ਸੀਡਰ, ਸਰਫੇਸ ਸੀਡਰ, ਬੇਲਰਾਂ ਆਦਿ ਨਾਲ ਪਰਾਲੀ ਦੀ ਸੰਭਾਲ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਸਮਾਣਾ ਦੇ ਪਿੰਡ ਬਦਨਪੁਰ ਵਿਖੇ ਐਸ.ਪੀ.ਐਸ. ਈਕੋ ਫਰੈਂਡਲੀ ਫਿਊਲਜ ਵੱਲੋਂ ਪਰਾਲੀ ਲੈਣ ਦਾ ਕਿਸਾਨਾਂ ਨੂੰ ਭਰੋਸਾ ਦਿੱਤਾ ਗਿਆ ਹੈ, ਇਸ ਲਈ ਕੋਈ ਵੀ ਕਿਸਾਨ ਪਰਾਲੀ ਜਾਂ ਨਾੜ ਨੂੰ ਅੱਗ ਨਾ ਲਗਾਵੇ। ਡੀ.ਏ.ਪੀ. ਦੀ ਪੂਰਤੀ ਬਾਰੇ ਉਨ੍ਹਾਂ ਕਿਹਾ ਕਿ ਕਿਸਾਨਾਂ ਵਾਸਤੇ ਲੋੜੀਦੇ ਡੀ.ਏ.ਪੀ. ਦੀ ਸਪਲਾਈ ਉਪਲਬੱਧ ਕਰਵਾਈ ਜਾ ਰਹੀ ਹੈ। ਇਸ ਦੌਰਾਨ ਫ਼ਤਹਿਪੁਰ ਦੇ ਪਿੰਡ ਵਾਸੀਆਂ ਤੋਂ ਇਲਾਵਾ ਗੋਬਿੰਦ ਨਗਰ ਕੁਲਾਰਾਂ ਤੇ ਕੁਲਾਰਾਂ ਦੀਆਂ ਗ੍ਰਾਮ ਪੰਚਾਇਤਾਂ ਦੇ ਸਰਪੰਚ ਤੇ ਪਿੰਡ ਵਾਸੀ ਵੀ ਮੌਜੂਦ ਸਨ।