ਜ਼ਿਲ੍ਹੇ ਦੀਆਂ ਮੰਡੀਆਂ ‘ਚ 156626 ਮੀਟ੍ਰਿਕ ਟਨ ਝੋਨੇ ਦੀ ਆਮਦ

Advertisement
Spread information

ਰਿਚਾ ਨਾਗਪਾਲ,ਪਟਿਆਲਾ, 11 ਅਕਤੂਬਰ 2023
       ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਮੰਡੀਆਂ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੱਖ-ਵੱਖ ਖਰੀਦ ਏਜੰਸੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕਰਕੇ ਹੁਣ ਤੱਕ ਕੀਤੀ ਝੋਨੇ ਦੀ ਖਰੀਦ ਸਬੰਧੀ ਸਮੀਖਿਆ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਆਉਦੇ ਦਿਨਾਂ ਵਿੱਚ ਹੋਰ ਤੇਜ਼ ਹੋਵੇਗੀ।
      ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 109 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 96 ਵਿੱਚ ਝੋਨੇ ਦੀ ਆਮਦ ਸ਼ੁਰੂ ਹੋਈ ਹੈ ਤੇ 94 ਖਰੀਦ ਕੇਂਦਰਾਂ ਵਿਖੇ ਖ਼ਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਬੀਤੇ ਦਿਨ ਤੱਕ ਮੰਡੀਆਂ ‘ਚ 156624 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ 151859 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
      ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 67122 ਮੀਟਰਿਕ ਟਨ, ਮਾਰਕਫੈਡ ਵੱਲੋਂ 31433 ਮੀਟਰਿਕ ਟਨ, ਪਨਸਪ ਵੱਲੋਂ 30792 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 22512 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
      ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੁੰਦੇ ਨੁਕਸਾਨ ਅਤੇ ਖੇਤਾਂ ਵਿੱਚ ਵਾਹੁਣ ਅਤੇ ਗੱਠਾਂ ਬਣਾਉਣ ਲਈ ਜਮੀਨ ਨੂੰ ਹੋਣ ਵਾਲੇ ਫਾਇਦੇ ਸਬੰਧੀ ਜਾਗਰੂਕ ਕਰਨ ਲਈ ਕਿਹਾ।        ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ਵਿੱਚ ਨਮੀਂ ਦੀ ਮਾਤਰਾ ਵੱਧ ਜਾਂਦੀ ਹੈ। ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿੱਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ। ਉਨ੍ਹਾਂ ਇਹ ਅਪੀਲ ਵੀ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਕਿਉਂਕਿ ਅਜਿਹਾ ਕਰਨਾ ਜਿਥੇ ਗੈਰ ਕਾਨੂੰਨੀ ਹੈ ਉਥੇ ਹੀ ਇਸ ਦਾ ਸਭ ਤੋਂ ਵੱਧ ਨੁਕਸਾਨ ਕਿਸਾਨਾਂ ਨੂੰ ਹੀ ਝੱਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਤੇ ਧਰਤੀ ਵਿਚਲੇ ਕਿਸਾਨ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ।
      ਇਸ ਮੌਕੇ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਅਨੂਪ੍ਰਿਤਾ ਜੌਹਲ, ਡੀ.ਆਰ. ਸਹਿਕਾਰੀ ਸਭਾਵਾਂ ਸਰਬੇਸ਼ਵਾਰ ਸਿੰਘ ਮੋਹੀ, ਡੀ.ਐਫ.ਐਸ.ਸੀ. ਰਵਿੰਦਰ ਕੌਰ ਸਮੇਤ ਵੱਖ ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ।  

Advertisement
Advertisement
Advertisement
Advertisement
Advertisement
error: Content is protected !!