ਅਸ਼ੋਕ ਵਰਮਾ, ਬਠਿੰਡਾ 12 ਅਕਤੂਬਰ 2023
ਬਠਿੰਡਾ ਦੇ ਪਾਸ਼ ਇਲਾਕੇ ਮਾਡਲ ਟਾਊਨ ਵਿੱਚ ਪਲਾਟ ਖਰੀਦਣ ਦੇ ਮਾਮਲੇ ਨੂੰ ਲੈ ਕੇ ਵਿਜੀਲੈਂਸ ਵੱਲੋਂ ਕੇਸ ਦਰਜ ਕਰਨ ਉਪਰੰਤ ਡੇਢ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਫਰਾਰ ਚੱਲ ਰਹੇ ਸਾਬਕਾ ਵਿੱਤ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਕੋਰ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਬਾਦਲ ਨੇ ਅਗਾਂਊ ਜਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁੱਖ ਕੀਤਾ ਹੈ।ਮਨਪ੍ਰੀਤ ਬਾਦਲ ਨੇ ਇਹ ਅਰਜੀ ਆਪਣੇ ਵਕੀਲ ਅਰਸ਼ਦੀਪ ਸਿੰਘ ਚੀਮਾ ਰਾਹੀਂ ਅੱਜ 11 ਸਤੰਬਰ ਨੂੰ ਦਾਇਰ ਕੀਤੀ ਹੈ ਜੋ ਹਾਈ ਕੋਰਟ ਦੀ ਵੈੱਬਸਾਈਟ ਮੁਤਾਬਕ ਫਿਲਹਾਲ ਪੈਂਡਿੰਗ ਪਈ ਹੈ। ਮਨਪ੍ਰੀਤ ਬਾਦਲ ਵੱਲੋਂ ਹਾਈਕੋਰਟ ਦਾ ਰੁੱਖ ਕਰਨ ਤੋਂ ਬਾਅਦ ਸਿਆਸੀ ਤੌਰ ਤੇ ਅਹਿਮ ਮੰਨੇ ਜਾਂਦੇ ਇਸ ਮਾਮਲੇ ਤੇ ਹੁਣ ਸਭ ਦੀਆਂ ਨਜ਼ਰਾਂ ਟਿਕ ਗਈਆਂ ਹਨ।
ਇਸ ਤੋਂ ਪਹਿਲਾਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ 29 ਸਤੰਬਰ ਸ਼ੁੱਕਰਵਾਰ ਨੂੰ ਆਪਣੇ ਵਕੀਲ ਸੁਖਦੀਪ ਸਿੰਘ ਭਿੰਡਰ ਰਾਹੀਂ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਬਠਿੰਡਾ ਦੀ ਅਦਾਲਤ ‘ਚ ਪਟੀਸ਼ਨ ਦਾਇਰ ਕਰਕੇ ਸੀ ਆਰ ਪੀ ਸੀ ਦੀ ਧਾਰਾ 438 ਤਹਿਤ ਅਦਾਲਤ ਤੋਂ ਜ਼ਮਾਨਤ ਦੀ ਮੰਗ ਕੀਤੀ ਸੀ ਜੋ 4 ਅਕਤੂਬਰ ਨੂੰ ਰੱਦ ਕਰ ਦਿੱਤੀ ਗਈ ਸੀ। ਮਹੱਤਵਪੂਰਨ ਤੱਥ ਇਹ ਵੀ ਹੈ ਕਿ ਇਸ ਮਾਮਲੇ ਦੀ ਸ਼ਿਕਾਇਤ ਕਰਨ ਵਾਲੇ ਭਾਜਪਾ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਸਰੂਪ ਸਿੰਗਲਾ ਦਾ ਪੈਂਤੜਾ ਵੀ ਦੇਖਣ ਵਾਲਾ ਹੋਵੇਗਾ ਜਿਨ੍ਹਾਂ ਨੇ ਸਾਬਕਾ ਵਿੱਤ ਮੰਤਰੀ ਦੀ ਅਗਾਊ ਜਮਾਨਤ ਅਰਜੀ ਰੱਦ ਕਰਨ ਦੀ ਮੰਗ ਲਈ ਬਠਿੰਡਾ ਅਦਾਲਤ ‘ਚ ਆਪਣਾ ਵਕੀਲ ਖੜ੍ਹਾ ਕਰ ਦਿੱਤਾ ਸੀ।
ਸਾਬਕਾ ਵਿੱਤ ਮੰਤਰੀ ਦੇ ਵਕੀਲ ਨੇ ਅਦਾਲਤ ਅੱਗੇ ਦਲੀਲ ਦਿੱਤੀ ਸੀ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਮੁਵੱਕਿਲ ਨੂੰ ਸਿਆਸੀ ਰੰਜ਼ਿਸ਼ ਤਹਿਤ ਫ਼ਸਾ ਰਹੀ ਹੈ। ਉਨ੍ਹਾਂ ਮਨਪ੍ਰੀਤ ਬਾਦਲ ਦੇ ਪੱਖ ਵਿੱਚ ਹੋਰ ਵੀ ਕਈ ਤਰਾਂ ਦੀਆਂ ਦਲੀਲਾਂ ਦੇ ਕੇ ਜਮਾਨਤ ਦੇਣ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਰਾਹਤ ਨਹੀਂ ਦਿੱਤੀ ਦਿੱਤੀ ਸੀ। ਦੱਸਣਯੋਗ ਹੈ ਕਿ ਵਿਜੀਲੈਂਸ ਜਾਂਚ ਦੇ ਚੱਲਦਿਆਂ ਸ਼ੁਰੂਆਤੀ ਦੌਰ ਵਿੱਚ ਵੀ ਮਨਪ੍ਰੀਤ ਬਾਦਲ ਨੇ ਬਠਿੰਡਾ ਅਦਾਲਤ ‘ਚ ਅਗਾਊਂ ਜਮਾਨਤ ਦੀ ਅਰਜੀ ਦਿੱਤੀ ਸੀ ਜੋ ਕੇਸ ਦਰਜ ਹੋਣ ਤੋਂ ਬਾਅਦ ਵਾਪਸ ਲੈ ਲਈ ਸੀ। ਮਾਮਲਾ ਦਰਜ ਹੋਣ ਤੋਂ ਪਿੱਛੋਂ ਮਨਪ੍ਰੀਤ ਬਾਦਲ ਲਗਾਤਾਰ ਰੂਪੋਸ਼ ਹੈ ਤੇ ਵਿਜੀਲੈਂਸ ਦੀਆਂ ਵੱਖ-ਵੱਖ ਟੀਮਾਂ ਉਨ੍ਹਾਂ ਨੂੰ ਲੱਭਣ ਵਿੱਚ ਸਫਲ ਨਹੀਂ ਹੋ ਸਕੀਆਂ ਹਨ। ਵਿਜੀਲੈਂਸ ਨੇ ਫੌਜਦਾਰੀ ਮਾਮਲਿਆਂ ਦੇ ਅਧਾਰ ’ਤੇ ਵਿਜੀਲੈਂਸ ਨੇ ਲੁੱਕ ਆਊਟ ਸਰਕੁਲਰ (ਐਲਓਸੀ) ਜਾਰੀ ਕਰਵਾਇਆ ਹੋਇਆ ਹੈ।
ਮਨਪ੍ਰੀਤ ਸਿੰਘ ਬਾਦਲ ਪਲਾਟ ਮਾਮਲਾ
ਮਨਪ੍ਰੀਤ ਬਾਦਲ ਨੇ ਬਠਿੰਡਾ ‘ਚ ਆਪਣੀ ਰਿਹਾਇਸ਼ ਬਣਾਉਣ ਲਈ ਸ਼ਹਿਰ ਦੇ ਪਾਸ਼ ਇਲਾਕੇ ਮਾਡਲ ਟਾਊਨ ਵਿੱਚ ਬਠਿੰਡਾ ਵਿਕਾਸ ਅਥਾਰਟੀ ਤੋਂ ਦੋ ਪਲਾਟ ਖਰੀਦੇ ਸਨ।ਵਿਜੀਲੈਂਸ ਜਾਂਚ ‘ਚ ਸਾਹਮਣੇ ਆਇਆ ਸੀ ਕਿ ਪਲਾਟ ਖਰੀਦਣ ਵੇਲੇ ਵੱਡੀ ਪੱਧਰ ਤੇ ਬੇਨਿਯਮੀਆਂ ਕੀਤੀਆਂ ਗਈਆਂ ਹਨ। ਮਾਮਲੇ ਦੀ ਪੜਤਾਲ ਮਗਰੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ,ਬਠਿੰਡਾ ਵਿਕਾਸ ਅਥਾਰਟੀ ਦੇ ਤੱਤਕਾਲੀ ਪ੍ਰਸ਼ਾਸਕ ਬਿਕਰਮ ਸਿੰਘ ਸ਼ੇਰਗਿੱਲ, ਬੀਡੀਏ ਦੇ ਸੁਪਰਡੈਂਟ ਪੰਕਜ਼ ਕਾਲੀਆ ,ਸ਼ਹਿਰ ਦੇ ਨਾਮੀ ਹੋਟਲ ਦੇ ਮਾਲਕ ਰਾਜੀਵ ਕੁਮਾਰ, ਵਿਕਾਸ ਕੁਮਾਰ ਤੇ ਸ਼ਰਾਬ ਦੇ ਇੱਕ ਵਪਾਰੀ ਦੇ ਮੁਲਾਜ਼ਮ ਅਮਨਦੀਪ ਸਿੰਘ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮੁਕੱਦਮਾ ਦਰਜ ਕੀਤਾ ਸੀ । ਵਿਜੀਲੈਂਸ ਨੇ ਰਾਜੀਵ ਕੁਮਾਰ, ਵਿਕਾਸ ਕੁਮਾਰ ਅਤੇ ਅਮਨਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ ਜੋ ਇਸ ਵੇਲੇ ਅਦਾਲਤੀ ਹਿਰਾਸਤ ਤਹਿਤ ਜੇਲ ਵਿੱਚ ਬੰਦ ਹਨ।