ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ 12 ਅਕਤੂਬਰ 2023
ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਫਿਰੋਜ਼ਪੁਰ ਵਿਖੇ ਆਏ ਹੜ੍ਹ ਕਾਰਨ ਪਿੰਡ ਧੀਰਾ ਘਾਰਾ ਦੇ ਨੌਜਵਾਨ ਜਗਮੀਤ ਸਿੰਘ ਪੁੱਤਰ ਨਿਸ਼ਾਨ ਸਿੰਘ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਸੀ। ਜਿਸ ਦੇ ਵਾਰਸਾਂ ਨੂੰ ਪੰਜਾਬ ਸਰਕਾਰ ਦੇ ਰਾਹਤ ਫੰਡ ’ਚੋਂ 4 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਕਰ ਦਿੱਤੀ ਗਈ ਹੈ।
ਇਸ ਮੌਕੇ ਵਿਧਾਇਕ ਸ. ਭੁੱਲਰ ਨੇ ਦੱਸਿਆ ਕਿ ਮ੍ਰਿਤਕ ਜਗਮੀਤ ਸਿੰਘ ਦੀ ਮਾਤਾ ਪਰਮਜੀਤ ਕੌਰ ਦੇ ਬੈਂਕ ਖਾਤੇ ਵਿੱਚ ਪੰਜਾਬ ਸਰਕਾਰ ਵੱਲੋਂ ਰਾਜ ਆਫ਼ਤ ਰਾਹਤ ਫੰਡ ਤਹਿਤ ਮੁਆਵਜ਼ਾ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਹੜ੍ਹਾਂ ਅਤੇ ਭਾਰੀ ਮੀਂਹ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਬੀਤੇ ਦਿਨੀਂ ਫਿਰੋਜ਼ਪੁਰ ਵਿਖੇ ਆਏ ਸਨ। ਮੁੱਖ ਮੰਤਰੀ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਰਾਜ ਵਿੱਚ ਹੜ੍ਹਾਂ ਕਾਰਨ ਹੋਏ ਜਾਨੀ ਅਤੇ ਮਾਲੀ ਨੁਕਸਾਨ ਦਾ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਯਮਾਂ ਅਤੇ ਹਦਾਇਤਾਂ ਅਨੁਸਾਰ ਹੜ੍ਹ ਪੀੜਤਾਂ ਨੂੰ ਬਣਦਾ ਯੋਗ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਦੀ ਕੁਦਰਤੀ ਆਫਤ ਕਾਰਨ ਮੌਤ ਹੋ ਗਈ ਸੀ, ਉਨ੍ਹਾਂ ਨੂੰ ਵਾਪਸ ਤਾਂ ਨਹੀਂ ਲਿਆਂਦਾ ਜਾ ਸਕਦਾ ਪਰ ਉਨ੍ਹਾਂ ਦੇ ਪਰਿਵਾਰਾਂ ਦੀ ਆਰਥਿਕ ਮਦਦ ਕੀਤੀ ਜਾ ਸਕਦੀ ਹੈ ਅਤੇ ਮੁੱਖ ਮੰਤਰੀ, ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਇਸ ਕੰਮ ਵਿਚ ਲੱਗੇ ਹੋਏ ਹਨ ਅਤੇ ਹਰੇਕ ਹੜ੍ਹ ਪੀੜਤ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।
ਇਸ ਮੌਕੇ ਨਾਇਬ ਤਹਿਸੀਲਦਾਰ ਰਾਕੇਸ਼ ਅਗਰਵਾਲ, ਪਟਵਾਰੀ ਵਿਜੇ ਕੁਮਾਰ ਅਤੇ ਬਲਦੇਵ ਸਿੰਘ ਮੱਲ੍ਹੀ ਆਦਿ ਹਾਜ਼ਰ ਸਨ।