ਬਜ਼ੁਰਗਾਂ ਨੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਕੀਤੀ ਸ਼ਲਾਘਾ

Advertisement
Spread information
ਬਿੱਟੂ ਜਲਾਲਾਬਾਦੀ, ਫ਼ਿਰੋਜ਼ਪੁਰ, 13 ਅਕਤੂਬਰ 2023
          ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਸਾਡੇ ਬਜ਼ੁਰਗ ਸਾਡਾ ਮਾਣ‘ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵੱਲੋਂ ਸ੍ਰੀ ਰਾਮ ਬਾਗ ਬਿਰਧ ਆਸ਼ਰਮ ਫ਼ਿਰੋਜ਼ਪੁਰ ਛਾਉਣੀ ਵਿਖੇ ਬਜ਼ੁਰਗਾਂ ਲਈ ਜ਼ਿਲ੍ਹਾ ਪੱਧਰੀ ਮੈਡੀਕਲ, ਪੈਨਸ਼ਨ ਅਤੇ ਸੀਨੀਅਰ ਸਿਟੀਜਨ ਕਾਰਡ ਬਾਰੇ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਬਜ਼ੁਰਗਾਂ ਨਾਲ ਮੁਲਾਕਾਤ ਕੀਤੀ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਸਬੰਧਤ ਅਧਿਕਾਰੀਆਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ।
            ਇਸ ਮੌਕੇ ਡਿਪਟੀ ਕਮਿਸ਼ਨ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਪੰਜਾਬ ਦੇ ਲੋਕਾਂ ਲਈ ਵੱਖ-ਵੱਖ ਉਪਰਾਲੇ ਕਰ ਰਹੀ ਹੈ ਜਿਸ ਤਹਿਤ ਇਹ ਜ਼ਿਲ੍ਹਾ ਪੱਧਰੀ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੀ ਦੇਖਭਾਲ, ਸਤਿਕਾਰ ਤੇ ਸੇਵਾ ਕਰਨਾ ਸਾਡਾ ਸਾਰਿਆਂ ਦਾ ਮੁੱਢਲਾ ਫ਼ਰਜ਼ ਹੈ।
          ਇਸ ਮੌਕੇ ਡਿਪਟੀ ਕਿਮ਼ਸਨਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਸਪੈਸ਼ਲਿਸਟ ਡਾਕਟਰਾਂ ਵੱਲੋਂ ਬਜ਼ੁਰਗਾਂ ਦੀ ਸਿਹਤ ਜਾਂਚ, ਈ.ਐਨ.ਟੀ. ਚੈਕਅੱਪ, ਅੱਖਾਂ ਦਾ ਚੈਕਅੱਪ, ਨਜ਼ਰ ਵਾਲੀਆਂ ਐਨਕਾਂ ਦੀ ਵੰਡ, ਅੱਖਾਂ ਦਾ ਓਪਰੇਸ਼ਨ, ਮੁਫ਼ਤ ਦਵਾਈਆਂ ਦੀ ਵੰਡ ਤੋਂ ਇਲਾਵਾ ਸਬੰਧਤ ਵਿਭਾਗਾਂ ਵੱਲੋਂ ਬੁਢਾਪਾ ਪੈਨਸ਼ਨ ਲਈ ਰਜਿਸਟ੍ਰੇਸ਼ਨ, ਸੀਨੀਅਰ ਸਿਟੀਜਨ ਕਾਰਡਾਂ ਦੀ ਵੰਡ ਅਤੇ ਹੋਰ ਸੇਵਾਵਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਅੱਜ ਦੇ ਸੁਵਿਧਾ ਕੈਂਪ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਹਸਪਤਾਲਾਂ, ਸਰਕਾਰੀ ਦਫ਼ਤਰਾਂ ਅਤੇ ਸੇਵਾ ਕੇਂਦਰਾਂ ਵਿੱਚ ਵੀ ਬਜ਼ੁਰਗਾਂ/ਸੀਨੀਅਰ ਸਿਟੀਜਨਾਂ ਦੇ ਓ.ਪੀ.ਡੀ. ਚੈਕਅੱਪ ਅਤੇ ਸਰਕਾਰੀ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
          ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਜ਼ਬੂਤ, ਸਿਹਤਮੰਦ ਅਤੇ ਖੁਸ਼ਹਾਲ ਰਾਜ ਦੇ ਨਿਰਮਾਣ ਲਈ ਸਰਬਪੱਖੀ ਯਤਨ ਕਰ ਰਹੀ ਹੈ ਅਤੇ ਇਸ ਲਈ ਬਜ਼ੁਰਗਾਂ ਨੂੰ ਅਣਗੌਲਿਆਂ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਚਾਨਣ ਮੁਨਾਰਾ ਹੁੰਦੇ ਹਨ ਇਨ੍ਹਾਂ ਦੇ ਤਜ਼ਰਬਿਆਂ ਤੋਂ ਸਿੱਖ ਲੈ ਕੇ ਚੰਗੇ ਸਮਾਜ ਦੀ ਉਸਾਰੀ ਕੀਤੀ ਜਾ ਸਕਦੀ ਹੈ। ਇਸ ਦੌਰਾਨ ਉਨ੍ਹਾਂ ਕੈਂਪ ਵਿੱਚ ਬੈਠੇ ਬਜ਼ੁਰਗਾਂ ਕੋਲ ਖੁਦ ਜਾ ਉਨ੍ਹਾਂ ਨਾਲ ਗੱਲਬਾਤ ਕੀਤੀ, ਉਨ੍ਹਾਂ ਦੀ ਮਿਜ਼ਾਜਪੁਰਸੀ ਤੋਂ ਬਾਅਦ ਮੁਸ਼ਕਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਮੌਕੇ ‘ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ।
          ਕੈਂਪ ਵਿੱਚ ਸਹੂਲਤਾਂ ਲੈਣ ਲਈ ਪਹੁੰਚੇ ਬਜ਼ੁਰਗ ਵਿਅਕਤੀਆਂ ਨੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ, ਜਿਸ ਨਾਲ ਸਮਾਜ ਨੂੰ ਨਵੀ ਸੇਧ ਮਿਲ ਰਹੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਜ਼ੁਰਗਾਂ ਦੀ ਸੁਵਿਧਾ ਲਈ ਅਜਿਹੇ ਕੈਂਪ ਭਵਿੱਖ ਵਿੱਚ ਵੀ ਲਗਦੇ ਰਹਿਣਗੇ।
            ਇਸ ਮੌਕੇ ਸਕੱਤਰ ਰੈਡ ਕਰਾਸ ਸ੍ਰੀ ਅਸ਼ੋਕ ਬਹਿਲ, ਸ੍ਰੀ ਰਾਮ ਬਾਗ ਬਿਰਧ ਸੇਵਾ ਆਸ਼ਰਮ ਕਮੇਟੀ ਦੇ ਪ੍ਰਧਾਨ ਸ੍ਰੀ ਹਰੀਸ਼ ਗੋਇਲ, ਸੀਨੀਅਰ ਸਿਟੀਜਨ ਫੋਰਮ ਵੱਲੋਂ ਸ੍ਰੀ ਐਸ.ਪੀ.ਖੇੜਾ, ਸ੍ਰੀ ਹਰੀਸ਼ ਮੌਂਗਾ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ। 
—-
Advertisement
Advertisement
Advertisement
Advertisement
Advertisement
error: Content is protected !!