ਰਿਚਾ ਨਾਗਪਾਲ, ਪਟਿਆਲਾ 15 ਅਕਤੂਬਰ 2023
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਪਿੱਛਲੀਆਂ ਸਰਕਾਰਾਂ ਦੀ ਅਣਦੇਖੀ ਦੇ ਸ਼ਿਕਾਰ ਪਿੰਡਾਂ ਦੇ ਵਿਕਾਸ ਲਈ ਵਿਆਪਕ ਯੋਜਨਾ ਉਲੀਕੀ ਗਈ ਹੈ। ਜੌੜਾਮਾਜਰਾ ਅੱਜ ਪਿੰਡ ਧਨੌਰੀ, ਰੇਤਗੜ੍ਹ ਤੇ ਫ਼ਤਿਹਮਾਜਰੀ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਲਈ ਪੁੱਜੇ ਹੋਏ ਸਨ।
ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਲਕਾ ਸਮਾਣਾ ਦੇ ਸਕੂਲਾਂ ਲਈ 18.41 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਪੰਜਾਬ ਸਰਕਾਰ ਦੀ ਮੁਢਲੀ ਤਰਜੀਹ ਹੈ, ਇਸ ਲਈ ਪੰਜਾਬ ਸਰਕਾਰ ਅਜਿਹੇ ਕੰਮ ਕਰ ਰਹੀ ਹੈ, ਜਿਸ ਦਾ ਲਾਭ ਕਿਸੇ ਇੱਕ ਵਿਅਕਤੀ ਦੀ ਬਜਾਇ ਸਮੁੱਚੇ ਲੋਕਾਂ ਨੂੰ ਹੋਵੇ।
ਕੈਬਨਿਟ ਮੰਤਰੀ ਜੌੜਾਮਾਜਰਾ ਨੇ ਇਸ ਮੌਕੇ ਰੇਤਗੜ੍ਹ ਤੇ ਧਨੌਰੀ ਵਿਖੇ ਛੱਪੜਾਂ ਦੇ ਸੀਚੇਵਾਲ ਮਾਡਲ ਨਾਲ ਕਰੀਬ 80 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਨਵੀਨੀਕਰਨ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਪਿੰਡ ਫ਼ਤਿਹਮਾਜਰੀ ਵਿਖੇ ਐਸ.ਸੀ. ਕਲੋਨੀ ਦਾਨੀਪੁਰ ਰੋਡ ‘ਤੇ ਖੜਬੰਜਾ ਲਈ 8.5 ਲੱਖ ਰੁਪਏ ਨਾਲ ਉਦਘਾਟਨ ਕੀਤਾ ਤੇ 15 ਲੱਖ ਰੁਪਏ ਦੀ ਲਾਗਤ ਨਾਲ ਫ਼ਤਿਹਮਾਜਰੀ ਵਿਖੇ ਗਲੀਆਂ ਨਾਲੀਆਂ ਦਾ ਨੀਂਹ ਪੱਥਰ ਵੀ ਰੱਖਿਆ। ਜਦਕਿ ਪਿੰਡ ਧਨੌਰੀ ‘ਚ 7 ਲੱਖ ਰੁਪਏ ਨਾਲ ਬਣਾਂਏ ਆਂਗਣਵਾੜੀ ਤੇ 4 ਲੱਖ ਰੁਪਏ ਦੀ ਲਾਗਤ ਨਾਲ ਸਾਲਿਡ ਵੇਸਟ ਮੈਨੇਜਮੈਂਟ ਤੇ 15 ਲੱਖ ਰੁਪਏ ਦੀ ਲਾਗਤ ਨਾਲ ਕਮਿਉਨਿਟੀ ਸੈਂਟਰ ਦਾ ਉਦਘਾਟਨ ਕੀਤਾ।
ਚੇਤਨ ਸਿੰਘ ਜੌੜਮਾਜਰਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ ਸਮਾਣਾ ਸ਼ਹਿਰ ਅਤੇ ਹਲਕੇ ਦੇ ਪਿੰਡਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਹਰ ਪੱਖੋਂ ਵਿਕਸਤ ਬਣਾਇਆ ਜਾਵੇਗਾ। ਜੌੜਾਮਾਜਰਾ ਨੇ ਕਿਹਾ ਕਿ ਕਿਸੇ ਵੀ ਵਿਕਾਸ ਕਾਰਜ ਲਈ ਫੰਡਾਂ ਦੀ ਕੋਈ ਤੋਟ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਹਰਜਿੰਦਰ ਸਿੰਘ ਮਿੰਟੂ, ਓ.ਐਸ.ਡੀ. ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਪੀ.ਏ. ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸਰਕਲ ਇੰਚਾਰਜ ਸੁਰਜੀਤ ਸਿੰਘ ਫ਼ੌਜੀ, ਅਮਰਦੀਪ ਸਿੰਘ ਸੋਨੂ ਥਿੰਦ, ਬੀ.ਡੀ.ਪੀ.ਓ. ਸੁਖਵਿੰਦਰ ਸਿੰਘ ਟਿਵਾਣਾ, ਐਸ.ਡੀ.ਓ. ਪੰਚਾਇਤੀ ਰਾਜ ਦਿਨੇਸ਼ ਕੁਮਾਰ ਆਦਿ ਸਮੇਤ ਹੋਰ ਪਤਵੰਤੇ ਵੀ ਮੌਜੂਦ ਰਹੇ।