ਰਘਬੀਰ ਹੈਪੀ, ਬਰਨਾਲਾ, 25 ਅਕਤੂਬਰ 2023
ਪੰਜਾਬ ਸਰਕਾਰ ਅਤੇ ਡਾਇਰੈਕਟੋਰੇਟ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਅਗਵਾਈ ਵਿੱਚ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਸੀਨੀਅਰ ਸਿਟੀਜ਼ਨ ਦੀ ਭਲਾਈ ਲਈ ਜ਼ਿਲ੍ਹਾ ਪੱਧਰੀ ਕੈਂਪ 27 ਅਕਤੂਬਰ ਨੂੰ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ, ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਕੁੱਲ ਸੱਤ ਸੇਵਾਵਾਂ ਦਿੱਤੀਆਂ ਜਾਣੀਆਂ ਹਨ ਜਿਨ੍ਹਾਂ ਵਿੱਚ ਨੱਕ, ਕੰਨ ਅਤੇ ਗਲੇ ਦਾ ਚੈੱਕਅਪ, ਐਨਕਾਂ ਦੀ ਵੰਡ, ਅੱਖਾਂ ਦੇ ਆਪ੍ਰੇਸ਼ਨ, ਬੁਢਾਪਾ ਪੈਨਸ਼ਨ ਦਾ ਲਾਭ ਲੈਣ ਲਈ ਬੇਨਤੀ ਪੱਤਰ ਅਤੇ ਸੀਨੀਅਰ ਸਿਟੀਜ਼ਨਾਂ ਦੇ ਕਾਰਡ ਦੀ ਵੰਡ ਆਦਿ ਸ਼ਾਮਲ ਹੈ। ਇਹ ਸਾਰੀਆਂ ਸੇਵਾਵਾਂ ਬਜ਼ੁਰਗਾਂ ਨੂੰ ਮੁਫ਼ਤ ਵਿੱਚ ਮੁਹੱਈਆ ਕਰਵਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ, ਬਰਨਾਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਬਜ਼ੁਰਗ ਇਸ ਕੈਂਪ ਦਾ ਲਾਹਾ ਲੈਣ ।
ਇਸ ਸਬੰਧੀ ਬੁਲਾਈ ਗਈ ਵਿਸ਼ੇਸ਼ ਬੈਠਕ ਨੂੰ ਸੰਬੋਧਨ ਕਰਦਿਆਂ ਸਹਾਇਕ ਕਮਿਸ਼ਨਰ ਸੁਖਪਾਲ ਸਿੰਘ ਨੇ ਦੱਸਿਆ ਕਿ ਸਿਹਤ ਸੇਵਾਵਾਂ ਸਿਹਤ ਵਿਭਾਗ ਵੱਲੋਂ ਅਤੇ ਦੋ ਸੇਵਾਵਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਬਰਨਾਲਾ ਵੱਲੋਂ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਰਾਹੀਂ ਕੈਂਪ ਸਮੇਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕੈਂਪ ‘ਚ ਆਉਣ ਵਾਲੇ ਬਜ਼ੁਰਗ ਆਪਣੇ ਨਾਲ ਆਪਣੇ ਪਛਾਣ ਪੱਤਰ ਜਿਵੇਂ ਕਿ ਆਧਾਰ ਕਾਰਡ, ਵੋਟਰ ਆਈ ਕਾਰਡ ਅਤੇ ਦੋ ਫੋਟੋਆਂ ਨਾਲ ਲੈ ਕੇ ਆਉਣ ।
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਕੁਲਵਿੰਦਰ ਸਿੰਘ, ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਮਸ਼ੇਰ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰੀਮਤੀ ਮੇਘਾ ਮਾਨ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ, ਮਹਿਲ ਕਲਾਂ ਸ੍ਰੀਮਤੀ ਕਿਰਨਾ ਰਾਣੀ ਮੌਜੂਦ ਸਨ।