ਰਘਬੀਰ ਹੈਪੀ, ਬਰਨਾਲਾ, 30 ਅਕਤੂਬਰ 2023
ਪਰਾਲੀ ਨੂੰ ਅੱਗ ਨਾ ਲਗਾਉਣਾ ਅਤੇ ਵਾਤਾਵਰਨ ਸੀ ਸੰਭਾਲ ਕਰਨਾ ਸਾਡਾ ਸਭ ਦਾ ਇਖਲਾਕੀ ਫਰਜ਼ ਹੈ। ਅਸੀਂ ਸਾਰੀਆਂ ਨੇ ਆਪਣੇ ਅਤੇ ਆਪਣੇ ਪਰਿਵਾਰਾਂ ਦੀਆਂ ਸਿਹਤ ਦਾ ਖਿਆਲ ਰੱਖਣਾ ਹੈ ਤਾਂ ਜੋ ਪਰਾਲੀ ਦੇ ਧੂਏਂ ਨਾਲ ਕਿਸੇ ਦਾ ਵੀ ਨੁਕਸਾਨ ਨਾ ਹੋਵੇ ਅਤੇ ਨਾਲ ਹੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਅਸੀਂ ਸੇਹਤਮੰਦ ਹਵਾ ਦੇ ਸਕੀਏ।
ਇਸ ਗੱਲ ਦਾ ਪ੍ਰਗਟਾਵਾ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਨੇ ਅੱਜ ਪਰਾਲੀ ਪ੍ਰਬੰਧਾਂ ਸਬੰਧੀ ਬੁਲਾਈ ਗਈ ਵਿਸ਼ੇਸ਼ ਬੈਠਕ ਨੂੰ ਸੰਬੋਧਨ ਕਰਦਿਆਂ ਕੀਤਾ । ਵੱਖ ਵੱਖ ਵਿਭਾਗਾਂ ਚੋਂ ਪਰਾਲੀ ਪ੍ਰਬੰਧਾਂ ਲਈ ਤਾਇਨਾਤ ਕੀਤੇ ਗਏ ਅਫ਼ਸਰ ਅਤੇ ਕਰਮਚਾਰੀਆਂ ਨੂੰ ਸੰਬੋਧਿਤ ਕਰਦਿਆਂ ਉਨ੍ਹਾਂ ਕਿਹਾ ਕਿ ਹਰ ਇਕ ਵਿਅਕਤੀ ਇਸ ਕੰਮ ਨੂੰ ਕੇਵਲ ਡਿਊਟੀ ਸਮਝ ਕੇ ਨਾ ਕਰੇ । ਉਨ੍ਹਾਂ ਕਿਹਾ ਕਿ ਪਰਾਲੀ ਦੀ ਧੂਏਂ ਕਾਰਣ ਬਿਮਾਰ ਹੋਣ ਵਾਲੇ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਕੰਮ ਨੂੰ ਤਨਦੇਹੀ ਨਾਲ ਕਰਨ ਅਤੇ ਵੱਧ ਤੋਂ ਵੱਧ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਲਈ ਪ੍ਰੇਰਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿਚ ਪਰਾਲੀ ਪ੍ਰਬੰਧਾਂ ਲਈ ਸੰਦਾਂ ਦੀ ਕੋਈ ਕਮੀ ਨਹੀਂ। ਉਨ੍ਹਾਂ ਜਾਣਕਾਰੀ ਦਿੱਤੀ ਕਿ ਇਸ ਵੇਲੇ ਜ਼ਿਲ੍ਹੇ ‘ਚ 50 ਬੇਲਰ ਕੰਮ ਕਰ ਰਹੇ ਨੇ ਜਿਹੜੇ ਕਿ ਪਰਾਲੀ ਦੀਆਂ ਗੱਠਾਂ ਬਣਾ ਰਹੇ ਹਨ । ਕਿਸਾਨ ਵੀਰ ਆਪਣੇ ਖੇਤਾਂ ‘ਚ ਬੇਲਰ ਦੀ ਸੁਵਿਧਾ ਲੈਣ ਲਈ ਆਪਣੇ ਸਬੰਧਿਤ ਕਲੱਸਟਰ ਅਫ਼ਸਰ ਜਾਂ ਖੇਤੀਬਾੜੀ ਵਿਭਾਗ ਨਾਲ ਸਬੰਧਿਤ ਅਫ਼ਸਰਾਂ ਅਤੇ ਕਰਮਚਾਰੀਆਂ ਨਾਲ ਸੰਪਰਕ ਕਰ ਸਕਦੇ ਹਨ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 2650 ਸੁਪਰ ਸੀਡਰ, 702 ਹੈਪੀ ਸੀਡਰ ਅਤੇ 37 ਸਰਫੇਸ ਸੀਡਰ ਉਪਲਬਧ ਹਨ ਜਿਨ੍ਹਾਂ ਦੀ ਵਰਤੋਂ ਕਰਕੇ ਕਿਸਾਨ ਵੀਰ ਆਪਣੇ ਖੇਤਾਂ ਵਿੱਚ ਕਣਕ ਦੀ ਸਿੱਧੀ ਬਿਜਾਈ ਕਰ ਸਕਦੇ ਹਨ।
ਇਸ ਬੈਠਕ ‘ਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸਤਵੰਤ ਸਿੰਘ, ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਗੋਪਾਲ ਸਿੰਘ, ਉੱਪ ਮੰਡਲ ਮੈਜਿਸਟ੍ਰੇਟ ਤਪਾ ਸੁਖਪਾਲ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੀਸ਼ ਸਿੰਘ, ਐੱਸ. ਡੀ. ਓ. ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਿਪਨ, ਵੱਖ ਵੱਖ ਖੇਤੀਬਾੜੀ ਅਫ਼ਸਰ, ਖੇਤੀਬਾੜੀ ਵਿਕਾਸ ਅਫ਼ਸਰ, ਕਲੱਸਟਰ ਅਫ਼ਸਰ ਅਤੇ ਹੋਰ ਅਫ਼ਸਰ ਅਤੇ ਕਰਮਚਾਰੀ ਹਾਜ਼ਰ ਸਨ ।