ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ, 31 ਅਕਤੂਬਰ 2023
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਝੋਨੇ ਦੀ ਫ਼ਸਲ ਦੀ ਨਿਰਵਿਘਨ ਖਰੀਦ, ਚੁਕਾਈ ਅਤੇ ਅਦਾਇਗੀ ਆਦਿ ਦਾ ਜਾਇਜ਼ਾ ਲੈਣ ਲਈ ਰਾਜ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਦਾ ਦੌਰਾ ਕੀਤੇ ਜਾਣ ਦੀ ਲੜੀ ਤਹਿਤ ਅੱਜ ਜ਼ਿਲ੍ਹਾ ਫਿਰੋਜ਼ਪੁਰ ਦੀ ਅਨਾਜ ਮੰਡੀ ਫਿਰੋਜ਼ਪੁਰ ਸ਼ਹਿਰ ਆਦਿ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਐਸ.ਐਸ.ਪੀ. ਸ੍ਰੀ ਦੀਪਕ ਹਿਲੌਰੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਇਸ ਮੌਕੇ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਵਿਖੇ ਵਿਸ਼ੇਸ਼ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਸੀਜ਼ਨ ਵਿੱਚ ਝੋਨੇ ਦੀ ਨਿਰਵਿਘਨ ਖਰੀਦ, ਚੁਕਾਈ ਅਤੇ ਸਮੇਂ ਸਿਰ ਅਦਾਇਗੀ ਕਰ ਕੇ ਮਿਸਾਲ ਕਾਇਮ ਕੀਤੀ ਗਈ ਹੈ ਅਤੇ ਕਿਸਾਨ ਬਿਨ੍ਹਾਂ ਕਿਸੇ ਦਿੱਕਤ ਦੇ ਆਪਣੀ ਫਸਲ ਵੇਚ ਕੇ ਸਮੇਂ ਸਿਰ ਘਰ ਨੂੰ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਫਸਲ ਦੀ ਚੁਕਾਈ ਸਮੇਂ ਸਿਰ ਹੋ ਰਹੀ ਹੈ ਉੱਥੇ ਹੀ ਸਰਕਾਰ ਵੱਲੋਂ ਫਸਲ ਖਰੀਦਣ ਉਪਰੰਤ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਅਦਾਇਗੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਕੈਬਨਿਟ ਮੰਤਰੀ ਸ੍ਰੀ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 94 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ ਜਿਸ ਵਿਚੋਂ 92 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਰਾਜ ਦੇ ਕਿਸਾਨਾਂ ਦੇ ਖਾਤਿਆਂ ਵਿੱਚ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ 16 ਹਜ਼ਾਰ ਕਰੋੜ ਰੁਪਏ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਆਪ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਾ ਆਵੇ। ਉਨ੍ਹਾਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਹਨ ਕਿ ਖ਼ਰੀਦ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਜਾਂ ਬੇਲੋੜੀ ਦੇਰੀ ਹਰਗਿਜ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉੁਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਸੁੱਕਾ ਝੋਨਾ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਖਰੀਦ ਏਜੰਸੀਆਂ ਵੱਲੋਂ ਇਸਨੂੰ ਬਿਨਾਂ ਕਿਸੇ ਦੇਰੀ ਤੋਂ ਖਰੀਦਿਆ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਪੰਜਾਬ ਸਰਕਾਰ ਦੁਆਰਾ ਸਬਸਿਡੀ ‘ਤੇ ਉਪਲਬੱਧ ਕਰਵਾਈ ਜਾਂਦੀ ਮਸ਼ੀਨਰੀ ਦੀ ਵਰਤੋਂ ਨਾਲ ਪਰਾਲੀ ਦੀਆਂ ਗੱਠਾਂ ਬਣਾ ਕੇ ਜਾਂ ਇਸ ਨੂੰ ਜ਼ਮੀਨ ਵਿੱਚ ਹੀ ਵਾਹ ਕੇ ਇਸ ਦਾ ਨਿਪਟਾਰਾ ਕਰਨ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਵਾਤਾਵਰਨ ਸਾਫ਼-ਸੁੱਥਰਾ ਰਹਿੰਦਾ ਹੈ ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਣੀ ਰਹਿੰਦੀ ਹੈ ਅਤੇ ਮਨੁੱਖ ਤੇ ਜੀਵ ਜੰਤੂਆਂ ਦੀ ਸਿਹਤ ‘ਤੇ ਵੀ ਮਾੜਾ ਅਸਰ ਨਹੀਂ ਪੈਂਦਾ। ਉਨ੍ਹਾਂ ਦੱਸਿਆ ਕਿ ਰਾਜ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਭਾਰੀ ਕਮੀ ਆਈ ਹੈ।
ਉਨ੍ਹਾਂ ਇਸ ਦੌਰਾਨ ਮੰਡੀ ਵਿੱਚ ਮੌਜੂਦ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਖ਼ਰੀਦ ਪ੍ਰਬੰਧਾਂ ਬਾਰੇ ਗੱਲਬਾਤ ਕੀਤੀ। ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੇ ਸਰਕਾਰ ਦੁਆਰਾ ਕੀਤੇ ਗਏ ਖ਼ਰੀਦ ਪ੍ਰਬੰਧਾਂ ਤੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਫਸਲ ਵੇਚਣ ਜਾਂ ਖਰੀਦਣ ਵਿੱਚ ਕਿਸੇ ਵੀ ਪ੍ਰਕਾਰ ਦੀ ਦਿੱਕਤ ਨਹੀਂ ਆ ਰਹੀ। ਕਿਸਾਨਾਂ ਨੇ ਕਿਹਾ ਕਿ ਵੇਚੀ ਗਈ ਫਸਲ ਦੀ ਅਦਾਇਗੀ ਬਿਨ੍ਹਾਂ ਕਿਸੇ ਦੇਰੀ ਦੇ ਉਨ੍ਹਾਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਜਾ ਰਹੀ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਤੋਂ ਲੋਕਾਂ ਦੇ ਹਿੱਤ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਪਣੇ ਕਾਰਜਕਾਲ ਦੌਰਾਨ ਰਾਜ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਤਿਹਾਸਕ ਕਦਮ ਚੁੱਕੇ ਹਨ ਅਤੇ ਅੱਗੇ ਵੀ ਪੰਜਾਬ ਸਰਕਾਰ, ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕਾਰਜਸ਼ੀਲ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਈ.ਡੀ. ਦਾ ਦੁਰਉਪਯੋਗ ਕਰਕੇ ਪਾਰਟੀ ਆਗੂਆਂ ਨੂੰ ਝੂਠੇ ਕੇਸਾਂ ਵਿੱਚ ਫਸਾ ਰਹੀ ਹੈ।
ਇਸ ਮੌਕੇ ਡੀ.ਐਫ.ਐਸ.ਸੀ. ਸ੍ਰੀ ਰਾਜ ਰਿਸ਼ੀ ਮਹਿਰਾ, ਚੇਅਰਮੈਨ ਮਾਰਕਿਟ ਕਮੇਟੀ ਫਿਰੋਜ਼ਪੁਰ ਸ਼ਹਿਰ ਸ੍ਰੀ ਬਲਰਾਜ ਸਿੰਘ ਕਟੋਰਾ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਤਿਲਕ ਰਾਜ, ਡੀ.ਐਫ.ਐਸ.ਓ. ਸ੍ਰੀ ਸਮਰਜੀਤ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਮਨਿੰਦਰ ਜੀਤ ਸਿੰਘ, ਸ੍ਰੀ ਰਾਜ ਬਹਾਦਰ ਸਿੰਘ, ਸ੍ਰੀ ਕਿੱਕਰ ਸਿੰਘ ਕੁੱਤਬੇਵਾਲਾ, ਅਮਰਿੰਦਰ ਬਰਾੜ, ਸ੍ਰੀ ਸ਼ਾਮ ਸਿੰਘ ਮੁੱਦਕਾ ਤੋਂ ਇਲਾਵਾ ਆਪ ਪਾਰਟੀ ਦੇ ਆਗੂ ਤੇ ਵਰਕਰ ਮੌਜੂਦ ਸਨ।