ਗਗਨ ਹਰਗੁਣ, ਬਰਨਾਲਾ, 3 ਨਵੰਬਰ 2023
ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਨੇ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਸਖ਼ਤ ਰੁੱਖ ਅਪਣਾਉਂਦਿਆਂ ਫੈਸਲਾ ਲਿਆ ਹੈ ਕਿ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਬੁਲਾਈ ਗਈ ਵਿਸ਼ੇਸ਼ ਬੈਠਕ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਪਰਾਲੀ ਪ੍ਰਬੰਧਾਂ ਸਬੰਧੀ ਤੈਨਾਤ ਸਾਰੇ ਨੋਡਲ ਅਫ਼ਸਰ ਅਤੇ ਕਲੱਸਟਰ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਪਿੰਡ – ਪਿੰਡ ਜਾ ਸਕੇ ਸਬੰਧੀ ਕਿਸਾਨਾਂ ਨਾਲ ਰਾਬਤਾ ਕਾਇਮ ਕਰਨ। ਜਿਸ ਵੀ ਕਿਸਾਨ ਨੂੰ ਪਰਾਲੀ ਪ੍ਰਬੰਧਨ ਲਈ ਜਿਸ ਤਰ੍ਹਾਂ ਦੇ ਵੀ ਸੰਦ ਦੀ ਲੋੜ ਹੈ, ਉਹ ਸੰਦ/ ਸੰਦਾਂ ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਨਾਲ ਤਾਲਮੇਲ ਕਰਕੇ ਉਨ੍ਹਾਂ ਕਿਸਾਨਾਂ ਨੂੰ ਮੁਹੱਈਆ ਕਰਵਾਏ ਜਾਣ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਪ੍ਰਬੰਧਨ ਲਈ ਕਾਫੀ ਮਾਤਰਾ ਵਿੱਚ ਖੇਤੀ ਸੰਦ ਉਪਲਬੱਧ ਹਨ ਅਤੇ ਇਸ ਗੱਲ ਦਾ ਖਾਸ ਖਿਆਲ ਰੱਖਿਆ ਜਾਵੇ ਕਿ ਕੋਈ ਵੀ ਸੰਦ ਅਣਵਰਤਿਆ ਨਾ ਰਹੇ। ਉਨ੍ਹਾਂ ਸਹਿਕਾਰਤਾ ਵਿਭਾਗ ਨੂੰ ਹਦਾਇਤ ਕੀਤੀ ਕਿ ਰੋਜ਼ਾਨਾ ਖੇਤੀ ਸੰਦਾਂ ਦੀ ਵਰਤੋਂ ਸਬੰਧੀ ਰੋਸਟਰ ਤਿਆਰ ਕੀਤਾ ਜਾਵੇ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਫ਼ਤਰ ਵਿਖੇ ਭੇਜਿਆ ਜਾਵੇ ਤਾਂ ਜੋ ਲੋੜ ਪੈਣ ਉੱਤੇ ਇਸ ਦੀ ਵਰਤੋਂ ਚੈਕਿੰਗ ਲਈ ਕੀਤੀ ਜਾ ਸਕੇ। ਨਾਲ ਹੀ ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਸਹਿਕਾਰਤਾ ਸੋਸਾਇਟੀ ਦਾ ਮੈਂਬਰ ਪਰਾਲੀ ਨੂੰ ਅੱਗ ਨਾ ਲਗਾਵੇ। ਜੇ ਕਰ ਕੋਈ ਵੀ ਮੈਂਬਰ ਇੰਝ ਕਰਦਾ ਹੈ ਤਾਂ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਨੰਬਰਦਾਰਾਂ ਅਤੇ ਸਰਪੰਚਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਇਸ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰੇ ਅਤੇ ਜਿਸ ਵੀ ਕਿਸਾਨ ਨੂੰ ਪਰਾਲੀ ਪ੍ਰਬੰਧਨ ਸਬੰਧੀ ਮਸ਼ੀਨ ਦੀ ਲੋੜ ਹੈ ਉਸ ਨੂੰ ਮਸ਼ੀਨਾਂ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਨਾਲ ਰਾਬਤਾ ਕਰੇ। ਬੈਠਕ ਦੌਰਾਨ ਉੱਪ ਮੰਡਲ ਮੈਜਿਸਟ੍ਰੇਟ ਬਰਨਾਲਾ ਸ਼੍ਰੀ ਗੋਪਾਲ ਸਿੰਘ, ਉੱਪ ਮੰਡਲ ਮੈਜਿਸਟ੍ਰੇਟ ਤਪਾ ਸ਼੍ਰੀ ਸੁਖਪਾਲ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ, ਜਗਦੀਸ਼ ਸਿੰਘ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐੱਸ. ਡੀ. ਓ. ਵਿਪਨ ਕੁਮਾਰ, ਵੱਖ ਵੱਖ ਨੋਡਲ ਅਤੇ ਕਲੱਸਟਰ ਅਫ਼ਸਰ, ਪਿੰਡਾਂ ਦੇ ਨੁਮਾਇੰਦੇ ਅਤੇ ਹੋਰ ਲੋਕ ਹਾਜ਼ਰ ਸਨ।