ਪਰਾਲੀ ਦੀਆਂ ਗੱਠਾਂ ਬਣਾਉਣ ਦੇ ਕੰਮ ਦਾ ਲਿਆ ਜਾਇਜ਼ਾ- ਡੀ.ਸੀ

Advertisement
Spread information
ਰਿਚਾ ਨਾਗਪਾਲ, ਪਟਿਆਲਾ, 3 ਨਵੰਬਰ 2023


      ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਬੇਲਰ ਐਸੋਸੀਏਸ਼ਨ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਅੰਦਰ ਪਰਾਲੀ ਦੀਆਂ ਗੱਠਾਂ ਬਣਾਉਣ ਦੇ ਕੰਮ ਦਾ ਜਾਇਜ਼ਾ ਲਿਆ ਅਤੇ ਆਉਂਦੇ ਦਿਨਾਂ ਵਿੱਚ ਪੱਕਣ ਵਾਲੀ ਫ਼ਸਲ ਵਾਲੇ ਖੇਤਾਂ ‘ਚ ਗੱਠਾ ਬਣਾਉਣ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੀ ਰਣਨੀਤੀ ‘ਤੇ ਚਰਚਾ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰੀਤਾ ਜੌਹਲ ਵੀ ਮੌਜੂਦ ਸਨ।
     ਡਿਪਟੀ ਕਮਿਸ਼ਨਰ ਨੇ ਬੇਲਰ ਮਾਲਕਾਂ ਨੂੰ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਹੜ੍ਹਾਂ ਕਾਰਨ ਪ੍ਰਭਾਵਿਤ ਹੋਈ ਫ਼ਸਲ ਆਉਂਦੇ ਕੁਝ ਦਿਨਾਂ ਵਿੱਚ ਪੱਕ ਕੇ ਤਿਆਰ ਹੋਵੇਗੀ ਅਤੇ ਇਹ ਉਹ ਜ਼ਮੀਨਾਂ ਹਨ, ਜੋ ਕਿ ਭਾਰੀਆਂ ਹਨ ਤੇ ਇਥੇ ਪਰਾਲੀ ਪ੍ਰਬੰਧਨ ਲਈ ਬੇਲਰ ਸਭ ਤੋਂ ਜ਼ਿਆਦਾ ਕਾਮਯਾਬ ਹਨ, ਇਸ ਲਈ ਇਨ੍ਹਾਂ ਖੇਤਰਾਂ ‘ਤੇ ਆਉਣ ਵਾਲੇ ਦਿਨਾਂ ਵਿੱਚ ਧਿਆਨ ਕੇਂਦਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਪ੍ਰਭਾਵਿਤ ਰਹੇ ਖੇਤਰਾਂ ਦੇ ਕਿਸਾਨ ਪਹਿਲਾ ਹੀ ਮੁਸ਼ਕਲਾਂ ਦਾ ਸਾਹਮਣਾ ਕਰ ਚੁੱਕੇ ਹਨ, ਇਸ ਲਈ ਪਰਾਲੀ ਪ੍ਰਬੰਧਨ ਕਰਨ ਸਮੇਂ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਪਰਾਲੀ ਪ੍ਰਬੰਧਨ ਲਈ ਮਾਈਕਰੋ ਪਲਾਨਿੰਗ ਨਾਲ ਕੰਮ ਕੀਤਾ ਜਾਵੇ।
      ਮੀਟਿੰਗ ਦੌਰਾਨ ਬੇਲਰ ਐਸੋਸੀਏਸ਼ਨ ਵੱਲੋਂ ਲੇਬਰ ਅਤੇ ਗੱਠਾਂ ਰੱਖਣ ਸਬੰਧੀ ਸਥਾਨ ਬਾਰੇ ਦੱਸਿਆ ਗਿਆ ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਡੀ.ਡੀ.ਪੀ.ਓ ਨੂੰ ਬੇਲਰ ਮਾਲਕਾਂ ਦੀ ਸਮੱਸਿਆ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ, ਬੇਲਰ ਮਾਲਕਾਂ ਅਤੇ ਪਰਾਲੀ ਦੀ ਵਰਤੋਂ ਕਰਨ ਵਾਲੀ ਇੰਡਸਟਰੀ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਕਿਸੇ ਤਰ੍ਹਾਂ ਸਮੱਸਿਆ ਆਉਂਦੀ ਹੈ ਤਾਂ ਉਹ ਸਬੰਧਤ ਖੇਤਰ ਦੇ ਐਸ.ਡੀ.ਐਮ. ਜਾਂ ਫੇਰ ਡਿਪਟੀ ਕਮਿਸ਼ਨਰ ਦਫ਼ਤਰ ਨਾਲ ਸਿੱਧਾ ਰਾਬਤਾ ਕਰ ਸਕਦਾ ਹੈ।
    ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਪ੍ਰਬੰਧਨ ਲਈ ਇਨ ਸੀਟੂ ਤਕਨੀਕਾਂ ਦੀ ਵਰਤੋਂ ਕਰਨ ਨੂੰ ਤਰਜੀਹ ਦੇਣ ਕਿਉਂਕਿ ਇਸ ਨਾਲ ਜਮੀਨ ਦੀ ਉਪਜਾਊ ਸ਼ਕਤੀ ਵੀ ਵਧਦੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਭਾਰੀਆਂ ਜ਼ਮੀਨਾਂ ਲਈ ਐਕਸ ਸੀਟੂ ਤਕਨੀਕ ਦੀ ਵਰਤੋਂ ਕੀਤੀ ਜਾਂਦੀ ਹੈ, ਉਥੇ ਪਹਿਲ ਦੇ ਆਧਾਰ ‘ਤੇ ਬੇਲਰ ਉਪਲਬੱਧ ਕਰਵਾਏ ਜਾ ਰਹੇ ਹਨ। ਮੀਟਿੰਗ ‘ਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪ੍ਰਦੂਸ਼ਨ ਰੋਕਥਾਮ ਬੋਰਡ, ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਸਮੇਤ ਬੇਲਰ ਐਸੋਸੀਏਸ਼ਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Advertisement
Advertisement
Advertisement
Advertisement
Advertisement
error: Content is protected !!