ਭਾਕਿਯੂ (ਏਕਤਾ) ਡਕੌਂਦਾ ਦੇ ਸੂਬਾ ਕਮੇਟੀ ਮੈਂਬਰ ਮੱਖਣ ਸਿੰਘ ਭੈਣੀ ਬਾਘਾ ਨੇ ਇਸ ਇੱਕਪਾਸੜ ਅਤੇ ਪੱਖਪਾਤੀ ਕਾਰਵਾਈ ਦਾ ਵਿਰੋਧ ਕਰਦਿਆਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਕਿਸਾਨਾਂ ਨਾਲ ਧੱਕੇਸ਼ਾਹੀ ਬੰਦ ਕਰ ਕੇ ਜ਼ਖ਼ਮੀ ਕਿਸਾਨ ਦੇ ਬਿਆਨ ਲੈ ਕੇ ਦੋਸ਼ੀਆਂ ਖਿਲਾਫ਼ ਇਰਾਦਾ ਕਤਲ, ਧਾਰਮਿਕ ਸਥਾਨ ਤੇ ਕਬਜ਼ਾ ਕਰ ਕੇ ਧਾਰਮਿਕ ਭਾਵਨਾਵਾਂ ਭੜਕਾਉਣ ਅਤੇ ਹੋਰ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾਵੇ।ਭਾਕਿਯੂ (ਏਕਤਾ) ਡਕੌਂਦਾ ਦੇ ਜਿਲਾ ਮਾਨਸਾ ਦੇ ਪ੍ਰਧਾਨ ਲਖਵੀਰ ਸਿੰਘ ਅਕਲੀਆ ਨੇ ਕਿਹਾ ਕਿ ਇਹ ਭੂ ਮਾਫ਼ੀਆ ਪਹਿਲਾਂ ਵੀ ਦੋ ਵਾਰ ਕਿਸਾਨਾਂ ਦੀ ਜ਼ਮੀਨ ਖੋਹਣ ਲਈ ਕਿਸਾਨਾਂ ਤੇ ਹਮਲੇ ਕਰ ਚੁੱਕਿਆ ਹੈ ਪਰ ਪੁਲਸ ਵੱਲੋਂ ਪਰਚੇ ਵੀ ਪ੍ਰਭਾਵਿਤ ਕਿਸਾਨਾਂ ਖਿਲਾਫ਼ ਹੀ ਦਰਜ ਕੀਤੇ ਗਏ ਹਨ। ਉਹਨਾਂ ਨੇ ਇਹ ਵੀ ਕਿਹਾ ਕਿ ਕੁੱਲਰੀਆਂ ਸਿਰਫ ਸ਼ੁਰੂਆਤ ਹੈ। ਪੰਜਾਬ ਸਰਕਾਰ 17 ਪਿੰਡਾਂ ਦੀਆਂ ਪੰਚਾਇਤਾਂ ਨੂੰ ਕਿਸਾਨਾਂ ਦੀ ਜਮੀਨ ਖੋਹਣ ਲਈ ਨੋਟਿਸ ਕੱਢ ਚੁੱਕੀ ਹੈ। ਬੁਲਾਰਿਆਂ ਨੇ ਕਿਸਾਨਾਂ ਨੂੰ ਸਾਵਧਾਨ ਕੀਤਾ ਕਿ ਜੇਕਰ ਕੁੱਲਰੀਆਂ ਦਾ ਘੋਲ ਨਾ ਜਿੱਤਿਆ ਗਿਆ ਤਾਂ ਹੋਰ ਪਿੰਡਾਂ ਦੇ ਕਿਸਾਨਾਂ ਦੀ ਜ਼ਮੀਨ ਵੀ ਖੋਹੀ ਜਾਵੇਗੀ।
ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਧੱਕੇਸ਼ਾਹੀ ਕਾਰਨ ਕੁੱਲਰੀਆਂ ਦੇ ਹਾਲਾਤ ਦਿਨੋਂ ਦਿਨ ਵਿਗੜਦੇ ਜਾ ਰਹੇ ਹਨ। ਆਬਾਦਕਾਰ ਕਿਸਾਨ ਹਰ ਕੁਰਬਾਨੀ ਦੇ ਕੇ ਵੀ ਆਪਣੀ ਜ਼ਮੀਨ ਤੇ ਕਬਜ਼ਾ ਬਰਕਰਾਰ ਰੱਖਣਗੇ। ਇਸ ਲਈ ਹਰ ਤਰਾਂ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ।ਮੋਗਾ ਜ਼ਿਲ੍ਹੇ ਦੇ ਪ੍ਰਧਾਨ ਸੁਖਚੈਨ ਸਿੰਘ ਰਾਜੂ ਅਤੇ ਬਰਨਾਲਾ ਜ਼ਿਲ੍ਹੇ ਦੇ ਪ੍ਰਧਾਨ ਕੁਲਵੰਤ ਸਿੰਘ ਮਾਨ ਨੇ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਪਿੰਡ ਧੂੜਕੋਟ ਰਣਸੀਂਹ ਇਕਾਈ ਦੇ ਪ੍ਰਧਾਨ ਇੰਦਰਪਾਲ ਸਿੰਘ ਉਰਫ ਸੁਹਣਾ ਨੂੰ ਥਾਣੇ ਅੰਦਰ ਕੁੱਟਮਾਰ ਅਤੇ ਜ਼ਲੀਲ ਕਰ ਕੇ ਆਤਮ ਹੱਤਿਆ ਕਰਨ ਲਈ ਮਜ਼ਬੂਰ ਕਰਨ ਵਾਲੇ ਥਾਣੇਦਾਰ ਅਤੇ ਹੋਰ ਦੋਸ਼ੀਆਂ ਖਿਲਾਫ਼ ਕਤਲ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਅਤੇ ਚਿਤਾਵਨੀ ਦਿੱਤੀ ਕਿ ਇਨਸਾਫ ਨਾ ਮਿਲਣ ਦੀ ਹਾਲਤ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।ਫਿਰੋਜ਼ਪੁਰ ਜ਼ਿਲ੍ਹੇ ਦੇ ਚਾਰ ਪਿੰਡਾਂ ਦੀ ਜ਼ਮੀਨ ਤੇ , ਮਫੌਜ ਵੱਲੋਂ ਕਿਸੇ ਕਾਨੂੰਨੀ ਕਾਰਵਾਈ ਤੋਂ ਬਿਨਾਂ , ਕਿਸਾਨਾਂ ਦੀ ਸਹਿਮਤੀ ਅਤੇ ਕੋਈ ਵੀ ਮੁਆਵਜ਼ਾ ਦਿੱਤੇ ਬਿਨਾਂ ਕਬਜ਼ਾ ਕਰਨ ਦੀ ਕੋਸ਼ਿਸ਼ ਜਥੇਬੰਦੀ ਵੱਲੋਂ ਅਸਫ਼ਲ ਬਣਾਈ ਗਈ ਹੈ। ਕਿਸਾਨਾਂ ਦੀ ਜ਼ਮੀਨ ਦੀ ਰਾਖੀ ਹਰ ਹਾਲਤ ਵਿੱਚ ਕੀਤੀ ਜਾਵੇਗੀ।
ਬੁਲਾਰਿਆਂ ਨੇ ਨਿਊਜਕਲਿੱਕ ਐਫ਼.ਆਈ.ਆਰ ਦੇ ਬਹਾਨੇ ਸੰਯੁਕਤ ਕਿਸਾਨ ਮੋਰਚੇ ਨੂੰ ਬਦਨਾਮ ਕਰਨ ਦੀ ਸਖਤ ਨਿਖੇਧੀ ਕੀਤੀ। ਦੁਆਬਾ ਦੇ ਕਿਸਾਨਾਂ ਨੂੰ ਗੰਨੇ ਦੇ ਬਕਾਏ ਦਿਵਾਉਣ ਲਈ ਅਤੇ ਨਿਊਜਕਲਿੱਕ ਖਿਲਾਫ਼ ਦਰਜ ਕੀਤੀ ਝੂਠੀ ਐਫ਼ ਆਈ ਆਰ ਰੱਦ ਕਰਵਾਉਣ ਲਈ ਪਿੰਡਾਂ ਅੰਦਰ ਅਰਥੀ ਫੂਕ ਪ੍ਰਦਰਸ਼ਨ ਅਤੇ 26 ਤੋਂ 28 ਨਵੰਬਰ ਤੱਕ ਚੰਡੀਗੜ੍ਹ ਕੂਚ ਦੇ ਐਲਾਨ ਵੀ ਕੀਤੇ।ਵੋਟ ਪਾਰਟੀਆਂ ਵੱਲੋਂ ਸਤਲੁਜ ਯਮੁਨਾ ਲਿੰਕ ਨਹਿਰ ਦੇ ਮਸਲੇ ਤੇ ਸਿਆਸਤ ਖੇਡਣ ਦੀ ਨਿਖੇਧੀ ਕਰਦਿਆਂ ਕਿਹਾ ਗਿਆ ਕਿ ਇਸ ਮਸਲੇ ਦਾ ਹੱਲ ਕਿਸਾਨ ਜਥੇਬੰਦੀਆਂ ਅਤੇ ਪਾਣੀ ਦੇ ਸੁਹਿਰਦ ਮਾਹਰਾਂ ਵੱਲੋਂ ਸਹਿਮਤੀ ਨਾਲ ਸਹਿਜੇ ਹੀ ਹੱਲ ਕੀਤਾ ਜਾ ਸਕਦਾ ਹੈ।
ਧਰਨੇ ਵਿੱਚ ਵਿੱਚ ਸੂਬਾ ਖ਼ਜ਼ਾਨਚੀ ਬਲਵੰਤ ਸਿੰਘ ਉੱਪਲੀ ਅਤੇ ਸੂਬਾ ਕਮੇਟੀ ਮੈਂਬਰ ਮਹਿੰਦਰ ਸਿੰਘ ਦਿਆਲਪੁਰਾ ਤੋਂ ਇਲਾਵਾ ਪੰਜਾਬ ਦੇ 13 ਜ਼ਿਲਿਆਂ ਫਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ, ਮੁਕਤਸਰ ਸਾਹਿਬ, ਫਰੀਦਕੋਟ, ਬਠਿੰਡਾ, ਮੋਗਾ, ਲੁਧਿਆਣਾ, ਮਾਨਸਾ, ਬਰਨਾਲਾ, ਮੁਹਾਲੀ, ਮਲੇਰਕੋਟਲਾ ਅਤੇ ਸੰਗਰੂਰ ਦੇ ਹਜ਼ਾਰਾਂ ਕਿਸਾਨ ਸ਼ਾਮਲ ਹੋਏ।