ਬਿੱਟੂ ਜਲਾਲਾਬਾਦੀ, ਫਾਜਿ਼ਲਕਾ, 4 ਨਵੰਬਰ 2023
ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਉਪਗ੍ਰਹਿ ਨਾਲ ਨਜਰ ਰੱਖੀ ਜਾ ਰਹੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਜਿ਼ਲ੍ਹੇ ਦੇ ਕਿਸਾਨਾਂ ਨੂੰ ਮੁੜ ਅਪੀਲ ਕੀਤੀ ਹੈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਖੇਤੀਬਾੜੀ ਵਿਭਾਗ ਦੀ ਸਲਾਹ ਅਨੁਸਾਰ ਪਰਾਲੀ ਦਾ ਨਿਬੇੜਾ ਕਰਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਸਾੜਨ ਵਾਲੇ ਲੋਕਾਂ ਦੇ ਚਲਾਨ ਕੱਟੇ ਜਾ ਰਹੇ ਹਨ ਅਤੇ ਹੋਰ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਉਨ੍ਹਾਂ ਦੀ ਬਿਹਤਰੀ ਲਈ ਹੀ ਪਰਾਲੀ ਨਾ ਸਾੜਨ ਦੀ ਅਪੀਲ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜਦ ਅਸੀਂ ਪਰਾਲੀ ਨੂੰ ਅੱਗ ਲਗਾ ਕੇ ਸਾੜਦੇ ਹਾਂ ਤਾਂ ਅਸੀਂ ਪ੍ਰਤੀ ਏਕੜ 25 ਤੋਂ 35 ਕੁਇੰਟਲ ਤੱਕ ਆਰਗੈਨਿਕ ਮਾਦਾ ਨਸ਼ਟ ਕਰ ਦਿੰਦੇ ਹਾਂ ਜੋ ਕਿ ਜਮੀਨ ਦੇ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਜਦ ਕਿ ਜੇਕਰ ਇਸ ਨੂੰ ਮਿੱਟੀ ਵਿਚ ਹੀ ਮਿਲਾ ਕੇ ਕਣਕ ਦੀ ਬਿਜਾਈ ਕਰੀਏ ਦਾ ਇਸ ਨਾਲ ਜਮੀਨ ਵਿਚ ਕਾਰਬਨਿਕ ਮਾਦਾ ਵੱਧਦਾ ਹੈ ਅਤੇ ਇਸ ਨਾਲ ਜਮੀਨ ਦੀ ਊਪਜਾਊ ਸ਼ਕਤੀ ਵੱਧਦੀ ਹੈ।ਇਸੇ ਲਈ ਸਰਕਾਰ ਤੇ ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਆਖ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਲਚਿੰਗ ਵਾਲੀ ਤਕਨੀਕ ਨਾਲ ਕਿਸਾਨ ਬਹੁਤ ਆਸਾਨੀ ਨਾਲ ਅਤੇ ਸਸਤੇ ਤਰੀਕੇ ਨਾਲ ਕਣਕ ਦੀ ਬਿਜਾਈ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਕਿਸਾਨ ਮਸ਼ੀਨਾਂ ਕਿਰਾਏ ਤੇ ਲੈਣਾ ਚਾਹੁੰੰਦੇ ਹਨ ਉਹ ਆਈ ਖੇਤ ਐਪ ਰਾਹੀਂ ਮਸ਼ੀਨਾਂ ਦੀ ਜਾਣਕਾਰੀ ਲੈ ਕੇ ਮਸ਼ੀਨਾਂ ਕਿਰਾਏ ਤੇ ਲੈ ਸਕਦੇ ਹਨ।