ਰਿਚਾ ਨਾਗਪਾਲ, ਪਟਿਆਲਾ, 5 ਨਵੰਬਰ 2023
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੰਡੀਆਂ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੁਣ ਤੱਕ ਕੀਤੀ ਝੋਨੇ ਦੀ ਖਰੀਦ ਸਬੰਧੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਭਾਵੇਂ 80 ਫ਼ੀਸਦੀ ਤੋਂ ਵਧੇਰੇ ਝੋਨੇ ਦੀ ਵਾਢੀ ਹੋ ਚੁੱਕੀ ਹੈ ਪਰ ਇਹ ਯਕੀਨੀ ਬਣਾ ਕੇ ਰੱਖਿਆ ਜਾਵੇ ਕਿ ਬਿਨ੍ਹਾਂ ਐਸ.ਐਮ.ਐਸ ਦੇ ਕੰਬਾਇਨ ਨਾਲ ਵਾਢੀ ਨਾ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 109 ਖਰੀਦ ਕੇਂਦਰਾਂ ਵਿਚੋਂ ਪਿਛਲੇ ਦਿਨ ਤੱਕ 10 ਲੱਖ 17 ਹਜ਼ਾਰ 940 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ 10 ਲੱਖ 16 ਹਜ਼ਾਰ 902 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 438508 ਮੀਟਰਿਕ ਟਨ, ਮਾਰਕਫੈਡ ਵੱਲੋਂ 252221 ਮੀਟਰਿਕ ਟਨ, ਪਨਸਪ ਵੱਲੋਂ 196408 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 129615 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਜਦਕਿ ਵਾਪਰੀਆਂ ਵੱਲੋਂ 150 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਝੋਨੇ ਵਿਚੋਂ 820214 ਮੀਟ੍ਰਿਕ ਟਨ ਝੋਨੇ ਦੀ ਚੁਕਾਈ ਵੀ ਕਰਵਾਈ ਜਾ ਚੁੱਕੀ ਹੈ ਤੇ ਕਿਸਾਨਾਂ ਨੂੰ 2079.34 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਲਈ ਇਨ ਸੀਟੂ ਤਕਨੀਕਾਂ ਦੀ ਵਰਤੋਂ ਕਰਦੇ ਹੋਏ ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਮਸ਼ੀਨਰੀ ਦੀ ਜ਼ਰੂਰਤ ਹੈ ਤਾਂ ਉਹ ਸਹਿਕਾਰੀ ਸਭਾਵਾਂ, ਖੇਤੀਬਾੜੀ ਵਿਭਾਗ ਜਾਂ ਫੇਰ ਵਟਸ ਐਪ ਚੈਟ ਬੋਟ ਨੰਬਰ 73800-16070 ‘ਤ ਮੈਸੇਜ ਭੇਜ ਕੇ ਆਪਣੇ ਨੇੜੇ ਮੌਜੂਦ ਮਸ਼ੀਨਰੀ ਸਬੰਧੀ ਜਾਣਕਾਰੀ ਲੈ ਸਕਦੇ ਹਨ।