ਰਘਬੀਰ ਹੈਪੀ, ਬਰਨਾਲਾ, 7 ਨਵੰਬਰ 2023
ਜ਼ਿਲ੍ਹਾ ਬਰਨਾਲਾ ਦੇ ਅਗਾਂਹਵਧੂ ਕਿਸਾਨ ਖੇਤੀਬਾੜੀ ਵਿਭਾਗ ਦੀ ਸਹਾਇਤਾ ਨਾਲ ਸਬਸਿਡੀ ਉੱਤੇ ਲਈ ਗਈਆਂ ਮਸ਼ੀਨਾਂ ਦੀ ਵਰਤੋਂ ਕਰਕੇ ਜਿੱਥੇ ਖੇਤਾਂ ‘ਚ ਪਰਾਲੀ ਨੂੰ ਬਿਨਾਂ ਅੱਗ ਲਗਾਏ ਸਾਂਭ ਰਹੇ ਹਨ ਉੱਥੇ ਨਾਲ ਹੀ ਕਣਕ ਦੀ ਸਿੱਧੀ ਬਿਜਾਈ ਕਰ ਰਹੇ ਹਨ । ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ‘ਚ ਪਰਾਲੀ ਪ੍ਰਬੰਧਾਂ ਦੇ ਖੇਤਰ ਵਿੱਚ ਆਪਣਾ ਯੋਗਦਾਨ ਪਾਉਂਦਿਆਂ, ਕਿਸਾਨਾਂ ਵੱਲੋਂ ਹੈਪੀ ਸੀਡਰ, ਸੁਪਰ ਸੀਡਰ ਅਤੇ ਸਰਫੇਸ ਸੀਡਰ ਦੀ ਵਰਤੋਂ ਕਰਕੇ ਕਣਕ ਦੀ ਸਿੱਧੀ ਬਿਜਾਈ ਝੋਨੇ ਦੀ ਪਰਾਲੀ ‘ਚ ਕੀਤੀ ਜਾ ਰਹੀ ਹੈ। “ਇਸ ਨਾਲ ਨਾ ਸਿਰਫ ਮਿੱਟੀ ਦੇ ਪੋਸ਼ਾਕ ਤੱਤਾਂ ‘ਚ ਵਾਧਾ ਹੁੰਦਾ ਹੈ ਬਲਕਿ ਨਾਲ ਹੀ ਪਰਾਲੀ ਨੂੰ ਅੱਗ ਨਾ ਲਗਾਉਣ ਨਾਲ ਵਾਤਾਵਰਣ ਸੁਰੱਖਿਅਤ ਰਹਿੰਦਾ ਹੈ,” ਉਨ੍ਹਾਂ ਕਿਹਾ। ਉਨ੍ਹਾਂ ਪਿੰਡ ਮਨਾਲ ਦੇ ਅਗਾਂਹਵਧੂ ਕਿਸਾਨ ਹਰਜਿੰਦਰ ਸਿੰਘ ਦੀ ਸ਼ਲਾਘਾ ਕੀਤੀ ਜੋ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤਾਂ ਵਿੱਚ ਵਾਹ ਕੇ ਉਸ ਦਾ ਪ੍ਰਬੰਧਨ ਕਰ ਰਿਹਾ ਹੈ।
ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੀਸ਼ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ‘ਚ ਕੁੱਲ 2674 ਸੁਪਰ ਸੀਡਰ ਹਨ ਜਿਨ੍ਹਾਂ ਦੀ ਮਦਦ ਰਾਹੀਂ ਕਿਸਾਨਾਂ ਵੱਲੋਂ ਕਣਕ ਦੀ ਸਿੱਧੀ ਬਿਜਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੇ ਗਰੁੱਪਾਂ ਰਾਹੀਂ ਅਤੇ ਵਿਅਕਤੀਗਤ ਤੌਰ ਉੱਤੇ ਅਪਲਾਈ ਕਰਕੇ ਇਹ ਸੰਦ ਲਾਏ ਹਨ।
ਆਪਣਾ ਤਜੁਰਬਾ ਸਾਂਝਾ ਕਰਦਿਆਂ ਕਿਸਾਨ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਪਿਛੱਲੇ 5 ਸਾਲਾਂ ਤੋਂ ਆਪਣੇ 20 ਏਕੜ ਦੀ ਖੇਤਾਂ ‘ਚ ਪਰਾਲੀ ਨੂੰ ਬਿਨਾਂ ਅੱਗ ਲਗਾਏ ਸਾਂਭ ਰਿਹਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਵਾਢੀ ਦੇ ਨਾਲ ਸੁਪਰ ਸੀਡਰ ਰਾਹੀਂ ਬਿਜਾਈ ਕੀਤੀ ਜਾਂਦੀ ਹੈ ਜਿਸ ਨਾਲ ਸਮੇਂ ਦੀ ਬਚਤ ਹੁੰਦੀ ਹੈ । ਪਿਛਲੇ 5 ਸਾਲਾਂ ਤੋਂ ਉਹ ਇਹ ਤਕਨੀਕ ਅਪਣਾ ਕੇ ਖੇਤੀ ਕਰ ਰਿਹਾ ਹੈ ਅਤੇ ਉਸ ਨੂੰ ਚੰਗਾ ਝਾੜ ਮਿਲਦਾ ਹੈ । ਹਰਜਿੰਦਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਨਾ ਅਗ ਲਗਾਉਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅਗ ਨਾ ਲਗਾਉਣਾ ਨ ਸਿਰਫ ਸਾਡੀ ਜਿੰਮੇਵਾਰੀ ਬਲਕਿ ਅਸੀਂ ਆਪਣੇ ਪਰਿਵਾਰਾਂ ਨੂੰ ਬਚਾਉਣ ਲਈ ਇਹ ਕਵਾਇਦ ਚਲਾਉਣੀ ਹੈ।
ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਕੱਟੇ ਜਾਣਗੇ ਚਲਾਨ
ਪਰਾਲੀ ਪ੍ਰਬੰਧਨ ‘ਚ ਤਾਇਨਾਤ ਵੱਖ ਵੱਖ ਅਫ਼ਸਰਾਂ ਅਤੇ ਕਰਮਚਾਰੀਆਂ ਦੀ ਬੈਠਕ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਕਿਹਾ ਕਿ ਕਿਸਾਨ ਵੀਰ ਜੇ ਕਰ ਪਰਾਲੀ ਨੂੰ ਅੱਗ ਲਾਉਂਦੇ ਹੈ ਤਾਂ ਉਨ੍ਹਾਂ ਦੇ ਚਲਾਨ ਕੱਟੇ ਜਾਣ। ਉਨ੍ਹਾਂ ਸਖ਼ਤ ਹਦਾਇਤ ਦਿੱਤੀ ਕਿ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਇਸ ਕਿਸਮ ਦੀ ਕਾਰਵਾਈ ਕਰਨ ਤੋਂ ਗੁਰੇਜ਼ ਨਾ ਕਰਨ। ਇਸ ਮੌਕੇ ਉੱਪ ਮੰਡਲ ਮੈਜਿਸਟਰੇਟ ਬਰਨਾਲਾ ਗੋਪਾਲ ਸਿੰਘ, ਉੱਪ ਮੰਡਲ ਮੈਜਿਸਟਰੇਟ ਤਪਾ ਸੁਖਪਾਲ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਕਰੁਣ ਸ਼ਰਮਾ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੀਸ਼ ਸਿੰਘ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐੱਸ. ਡੀ. ਓ. ਵਿਪਨ ਕੁਮਾਰ ਅਤੇ ਹੋਰ ਅਫ਼ਸਰ ਮੌਜੂਦ ਸਨ।