ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ, 7 ਨਵੰਬਰ 2023
ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਅਹਿਮ ਉਪਰਾਲੇ ਕਰ ਰਹੀ ਹੈ ਅਤੇ ਖਿਡਾਰੀਆਂ ਨੂੰ ਖੇਡ ਖੇਤਰ ਵਿੱਚ ਨਵੀਆਂ ਪੁਲਾਘਾਂ ਪੁੱਟਣ ਲਈ ਹਰ ਤਰ੍ਹਾਂ ਦੀਆਂ ਸਹੂਲਤਾਂ ਦੇ ਰਹੀ ਹੈ। ਇਹ ਪ੍ਰਗਟਾਵਾ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ਜ਼ਿਲ੍ਹਾ ਪ੍ਰਾਇਮਰੀ ਸਕੂਲਾਂ ਖੇਡਾਂ 2023 ਦੀ ਸ਼ੁਰੂਆਤ ਕਰਵਾਉਣ ਮੌਕੇ ਕੀਤਾ। ਇਹ ਪ੍ਰਾਇਮਰੀ ਸਕੂਲ ਖੇਡਾਂ 7 ਨਵੰਬਰ ਤੋਂ 9 ਨਵੰਬਰ ਤੱਕ ਚੱਲਣਗੀਆਂ ਅਤੇ ਜ਼ਿਲ੍ਹੇ ਦੇ 11 ਬਲਾਕਾਂ ਦੇ ਖਿਡਾਰੀ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈ ਰਹੇ ਹਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਸਤੀਸ਼ ਕੁਮਾਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਸਾਡੇ ਬੱਚਿਆਂ ਨੂੰ ਸਖ਼ਤ ਮਿਹਨਤ ਤੇ ਲਗਨ ਨਾਲ ਖੇਡਾਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਉਹ ਭਵਿੱਖ ਵਿੱਚ ਰਾਸ਼ਟਰੀ/ਅੰਤਰਾਸ਼ਟਰੀ ਪੱਧਰ ਦੇ ਖਿਡਾਰੀ ਬਣ ਕੇ ਉੱਭਰਨ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਵਿੱਚ ਕਬੱਡੀ, ਹਾਕੀ, ਦੌੜ, ਬੈਡਮਿੰਟਨ, ਫੁੱਟਬਾਲ, ਫੈਂਨਸਿੰਗ, ਖੋ-ਖੋ, ਕੁਸ਼ਤੀ ਆਦਿ ਖੇਡਾਂ ਕਰਵਾਈਆਂ ਜਾ ਰਹੀਆਂ ਹਨ।ਉਨ੍ਹਾ ਕਿਹਾ ਕਿ ਸਾਡੇ ਬੱਚੇ ਖੇਡਾਂ ਵੱਲ ਆਪਣਾ ਧਿਆਨ ਦੇਣ ਬਾਕੀ ਕੰਮ ਪੰਜਾਬ ਸਰਕਾਰ ਦਾ ਹੈ। ਅਸੀਂ ਆਪਣੇ ਖਿਡਾਰੀਆਂ ਲਈ ਚੰਗੇ ਕੋਚ, ਖੇਡ ਮੈਦਾਨ ਅਤੇ ਹਰ ਤਰ੍ਹਾਂ ਦੀ ਖੇਡ ਸੁਵਿਧਾ ਮੁਹੱਈਆ ਕਰਵਾਉਣ ਲਈ ਵੱਚਨਬੱਧ ਹਾਂ। ਉਨ੍ਹਾਂ ਕਿਹਾ ਕਿ ਖੇਡਾਂ ਅਤੇ ਖਿਡਾਰੀਆਂ ਦੇ ਪੱਧਰ ਨੂੰ ਉੱਚਾ ਚੁੱਕਣਾ ਅਤੇ ਨਸ਼ੇ ਨੂੰ ਖਤਮ ਕਰਨਾ ਸਾਡੀ ਸਰਕਾਰ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਨਾਲ-ਨਾਲ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰ ਰਹੀ ਹੈ ਤਾਂ ਜੋ ਉਹ ਵੱਡੇ ਹੋ ਕੇ ਆਪਣਾ ਅਤੇ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ।
ਇਸ ਮੌਕੇ ਬਲਾਕ ਪ੍ਰਾਇਮਰੀ ਅਫ਼ਸਰ ਸ੍ਰੀਮਤੀ ਸੁਮਨਦੀਪ ਕੌਰ, ਸ੍ਰੀ ਭੁਪਿੰਦਰ ਸਿੰਘ, ਸ੍ਰੀ ਰਾਜਨ ਲੂਣਾ, ਸ੍ਰੀ ਰਣਦੀਪ ਸਿੰਘ, ਸ੍ਰੀਮਤੀ ਸੁਖਵਿੰਦਰ ਕੌਰ, ਸ੍ਰੀਮਤੀ ਹਰਜੀਤ ਕੌਰ, ਸ੍ਰੀ ਇੰਦਰਜੀਤ ਸਿੰਘ, ਸ੍ਰੀ ਅੰਮ੍ਰਿਤਪਾਲ ਸਿੰਘ, ਸ੍ਰੀ ਜਸਵਿੰਦਰ ਸਿੰਘ, ਸ੍ਰੀ ਸੁਰਿੰਦਰ ਪਾਲ ਸਿੰਘ, ਪ੍ਰਿੰਸੀਪਲ ਸ੍ਰੀ ਸੁਖਵਿੰਦਰ ਸਿੰਘ, ਸ੍ਰੀ ਨੇਕ ਪ੍ਰਤਾਪ ਸਿੰਘ, ਸ੍ਰੀ ਹਿਮਾਂਸ਼ੂ, ਸ੍ਰੀ ਸੁਖਵਿੰਦਰ ਸਿੰਘ, ਸ੍ਰੀ ਗੁਰਬਚਨ ਸਿੰਘ, ਸ੍ਰੀ ਬਲਕਾਰ ਸਿੰਘ, ਸ੍ਰੀ ਤਲਵਿੰਦਰ ਸਿੰਘ ਅਤੇ ਸ੍ਰੀ ਸੁਰਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਖਿਡਾਰੀ ਅਤੇ ਅਧਿਆਪਕ ਹਾਜ਼ਰ ਸਨ।