ਬਿੱਟੂ ਜਲਾਲਾਬਾਦੀ, ਫਾਜਿਲ਼ਕਾ, 9 ਨਵੰਬਰ 2023
ਫਾਜਿਲ਼ਕਾ ਜਿ਼ਲ੍ਹੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਕਿਸਾਨਾਂ ਨਾਲ ਰਾਬਤਾ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਲਈ ਪੇ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਪਰਾਲੀ ਸੰਭਾਲ ਦੀਆਂ ਸੁਧਰੀਆਂ ਤਕਨੀਕਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਮੁੜ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਰਾਲੀ ਨੂੰ ਸਾੜਨ ਦੀ ਬਜਾਏ ਖੇਤੀਬਾੜੀ ਵਿਭਾਗ ਵੱਲੋਂ ਸੁਝਾਏ ਤਰੀਕਿਆਂ ਨਾਲ ਪਰਾਲੀ ਦਾ ਨਿਬੇੜਾ ਕਰਨ। ਇਸੇ ਤਰਾਂ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਕਿਸਾਨਾਂ ਦਾ ਧੰਨਵਾਦ ਕੀਤਾ ਹੈ ਜਿਹੜੇ ਪਰਾਲੀ ਨੂੰ ਬਿਨ੍ਹਾਂ ਸਾੜੇ ਵੱਖ ਵੱਖ ਤਰੀਕਿਆਂ ਨਾਲ ਕਣਕ ਦੀ ਬਿਜਾਈ ਕਰ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਜਿ਼ਲ੍ਹੇ ਵਿਚ ਪਰਾਲੀ ਸਾੜਨ ਦੇ ਮਾਮਲਿਆਂ ਦੀਆਂ ਉਪਗ੍ਰਹਿ ਤੋਂ ਮਿਲੀ ਰਿਪੋਰਟ ਤੋਂ ਬਾਅਦ ਭੌਤਿਕ ਪੜਤਾਲ ਕਰਵਾਉਣ ਤੋਂ ਬਾਅਦ ਜੋ ਮਾਮਲੇ ਸਹੀ ਪਾਏ ਗਏ ਹਨ ਉਨ੍ਹਾਂ ਵਿਚ 49 ਕੇਸਾਂ ਵਿਚ ਚਲਾਨ ਕੱਟੇ ਗਏ ਹਨ ਅਤੇ 1 ਲੱਖ 22 ਹਜਾਰ 500 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਪਰਾਲੀ ਦੀਆਂ ਗੱਠਾਂ ਬਣਾ ਕੇ ਚੁੱਕਵਾਂ ਦੇਣ ਜਾਂ ਕਿਸੇ ਹੋਰ ਤਰੀਕੇ ਨਾਲ ਪਰਾਲੀ ਖੇਤ ਤੋਂ ਬਾਹਰ ਕੱਢ ਦੇਣ ਤੋਂ ਬਾਅਦ ਖੇਤ ਵਿਚ ਬਚੀ ਰਹਿੰਦ ਖੁਹੰਦ ਨੂੰ ਸਾੜਨ ਜਾਂ ਖੇਤ ਦੇ ਕਿਨਾਰਿਆਂ ਤੇ ਰਹਿੰਦ ਖੁਹੰਦ ਨੂੰ ਸਾੜਨ ਨੂੰ ਵੀ ਉਪਗ੍ਰਹਿ ਵੱਲੋਂ ਰਿਪੋਰਟ ਕੀਤਾ ਜਾਂਦਾ ਹੈ ਅਤੇ ਅਜਿਹੇ ਮਾਮਲਿਆਂ ਵਿਚ ਵੀ ਚਲਾਨ ਹੋ ਸਕਦਾ ਹੈ। ਇਸ ਲਈ ਅਜਿਹਾ ਨਾ ਕੀਤਾ ਜਾਵੇ।
ਨਾਲ ਹੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਹੁਣ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਟੀਮਾਂ ਸਾਂਝੇ ਤੌਰ ਤੇ ਪਿੰਡਾਂ ਦਾ ਦੌਰਾ ਕਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਤੇ ਕੋਈ ਪਰਾਲੀ ਸਾੜਦਾ ਹੋਵੇ ਤਾਂ ਇਸਦੀ ਸੂਚਨਾ ਸਿੱਧੇ ਨੇੜੇ ਦੇ ਥਾਣੇ ਦੇ ਐਸਐਚਓ ਨੂੰ ਵੀ ਦਿੱਤੀ ਜਾ ਸਕਦੀ ਹੈ।ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸਤੋਂ ਬਿਨ੍ਹਾਂ ਪ੍ਰਸ਼ਾਸਨ ਦੀਆਂ ਟੀਮਾਂ ਲਗਾਤਾਰ ਖੇਤਾਂ ਦਾ ਦੌਰਾ ਕਰ ਰਹੀਆਂ ਹਨ ਅਤੇ ਜਿੱਥੇ ਕਿਤੇ ਪਰਾਲੀ ਸਾੜਨ ਦੀ ਸੂਚਨਾ ਮਿਲਦੀ ਹੈ ਮੌਕੇ ਤੇ ਜਾ ਕੇ ਅੱਗ ਬੁਝਾਉਣ ਦੇ ਉਪਰਾਲੇ ਵੀ ਕੀਤੇ ਜਾ ਰਹੇ ਹਨ।