ਰਵੀ ਸੈਣ, ਬਰਨਾਲਾ 9 ਨਵੰਬਰ 2023
ਮਾਨਯੋਗ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਜੀ ਦੀ ਰਹਿਨੁਮਾਈ ਅਧੀਨ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਮਸ਼ੇਰ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਜਿੰਦਰ ਪਾਲ ਸਿੰਘ ਅਤੇ ਵਸੁੰਧਰਾ ਕਪਿਲਾ ਦੀ ਅਗਵਾਈ ਹੇਠ ਸਕੂਲ ਆਫ ਐਮੀਨੈਂਸ ਬਰਨਾਲਾ ਵਿਖੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਸਲੋਗਨ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਕੁਲਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਬੱਚਿਆਂ ਨੂੰ ਬਾਲ ਅਧਿਕਾਰਾਂ ਅਤੇ ਸੁਰੱਖਿਆ ਪ੍ਰਤੀ ਬਣੇ ਕਾਨੂੰਨ ਜਿਵੇਂ ਕਿ ਚਾਇਲਡ ਲੇਬਰ,ਚਾਇਲਡ ਮੈਰਿਜ, ਚਾਇਲਡ ਬੈਗਿੰਗ, ਜੇ ਜੇ ਐਕਟ ਅਤੇ ਪੋਸਕੋ ਐਕਟ ਪ੍ਰਤੀ ਬੱਚਿਆਂ ਨੂੰ ਜਾਗਰੂਕ ਕਰਨ ਲਈ ਇਹ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ਗਏ।
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਜਿੰਦਰ ਪਾਲ ਸਿੰਘ ਅਤੇ ਪ੍ਰਿੰਸੀਪਲ ਹਰੀਸ਼ ਬਾਂਸਲ ਨੇ ਬੱਚਿਆਂ ਅਤੇ ਅਧਿਆਪਕਾਂ ਨੂੰ ਬਾਲ ਅਧਿਕਾਰਾਂ ਪ੍ਰਤੀ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਬੰਸ ਸਿੰਘ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਦੇ 120 ਬੱਚਿਆਂ ਵੱਲੋਂ ਭਾਗ ਲਿਆ ਗਿਆ। ਉਹਨਾਂ ਕਿਹਾ ਕਿ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਬੱਚੇ ਨੂੰ 5100 ਰੁਪਏ, ਦੂਜੇ ਸਥਾਨ ਤੇ ਰਹਿਣ ਵਾਲੇ ਨੂੰ 3100 ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਬੱਚੇ ਨੂੰ 2100 ਰੁਪਏ ਦਾ ਨਗਦ ਇਨਾਮ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਬਣਾਈ ਗਈ ਕਮੇਟੀ ਦੁਆਰਾ ਦਿੱਤਾ ਜਾਵੇਗਾ। ਇਸ ਮੌਕੇ ਗੁਰਜੀਤ ਕੌਰ,ਪ੍ਰਿਤਪਾਲ ਕੌਰ,ਰੁਪਿੰਦਰ ਸਿੰਘ, ਬਲਵਿੰਦਰ ਸਿੰਘ, ਕਮਲਦੀਪ ਕੌਰ, ਸੋਨੀ ਕੌਰ, ਪ੍ਰੋਗਰਾਮ ਕੋਆਰਡੀਨੇਟਰ ਹਰਦੀਪ ਕੁਮਾਰ, ਯੋਗੇਸ਼ ਕੁਮਾਰ ਅਤੇ ਬਿੱਕਰ ਸਿੰਘ ਆਦਿ ਹਾਜ਼ਰ ਰਹੇ।