ਰਿਚਾ ਨਾਗਪਾਲ, ਪਟਿਆਲਾ, 11 ਨਵੰਬਰ 2023
ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਝੁੱਗੀ ਝੌਂਪੜੀਆਂ ‘ਚ ਰਹਿੰਦੇ ਬੱਚਿਆਂ ਦੀ ਭਲਾਈ ਲਈ ਕੰਮ ਕਰਦੀ ਸੰਸਥਾ ਸ੍ਰੀ ਗੁਰੂ ਨਾਨਕ ਦੇਵ ਸਲੰਮ ਸੁਸਾਇਟੀ ਨਾਲ ਮਿਲਕੇ ਤਫ਼ਜੱਲਪੁਰਾ ਵਿਖੇ ਸਲੰਮ ਬੱਚਿਆਂ ਨਾਲ ਗਰੀਨ ਦੀਵਾਲੀ ਮਨਾਈ।
ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਗਰੀਨ ਦੀਵਾਲੀ ਮਨਾਉਣ ਦੇ ਇਸ ਸਮਾਰੋਹ ਮੌਕੇ ਇਨ੍ਹਾਂ ਬੱਚਿਆਂ ਨਾਲ ਗੱਲਬਾਤ ਕਰਨ ਮੌਕੇ ਡੀ.ਸੀ. ਸਾਕਸ਼ੀ ਸਾਹਨੀ ਨੇ ਕਿਹਾ ਕਿ ਸਲੰਮ ਖੇਤਰ ਵਿੱਚ ਰਹਿ ਰਹੇ ਬੱਚਿਆ ਦੀ ਭਲਾਈ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਰਕਾਰੀ ਸਕੂਲਾਂ ‘ਚ ਵਿਸ਼ਵਪੱਧਰੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਬੱਚਿਆਂ ਨੂੰ ਆਪਣੇ ਜੀਵਨ ਵਿੱਚ ਟੀਚੇ ਨਿਰਧਾਰਤ ਕਰਨ ਅਤੇ ਉਸ ਟੀਚੇ ‘ਤੇ ਪਹੁੰਚਣ ਲਈ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾ ਕੇਵਲ ਬੱਚਿਆਂ ਸਗੋਂ ਉਨ੍ਹਾਂ ਦੇ ਮਾਪਿਆਂ ਦੀ ਵੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਸਲੰਮ ਸੁਸਾਇਟੀ ਵਿਚੋਂ ਪੜਕੇ ਬੀ.ਟੈਕ ਅਤੇ ਨਰਸਿੰਗ ਕਰ ਰਹੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਘਰ ਜਾ ਕੇ ਮਾਪਿਆਂ ਨੂੰ ਵੀ ਇਸ ਪ੍ਰਾਪਤੀ ਲਈ ਵਧਾਈ ਦਿੱਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲੋਕਾਂ ਨੂੰ ਪ੍ਰਦੂਸ਼ਣ ਮੁਕਤ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕਰਦਿਆਂ ਸਲੰਮ ਬੱਚਿਆਂ ਨਾਲ ਕਾਫ਼ੀ ਸਮਾਂ ਬਿਤਾਇਆ ਅਤੇ ਇਨ੍ਹਾਂ ਬੱਚਿਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਦੀਵਾਲੀ ਦੇ ਤੋਹਫੇ ਵਜੋਂ ਸਕੂਲ ਬੈਗ, ਪੈਨ, ਕਾਪੀਆਂ ਅਤੇ ਪੈਨਸਲਾਂ ਵੰਡ ਕੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।
ਇਸ ਮੌਕੇ ਸੰਸਥਾ ਦੇ ਪ੍ਰਧਾਨ ਭਾਨ ਸਿੰਘ ਜੱਸੀ ਨੇ ਸ੍ਰੀ ਗੁਰੂ ਨਾਨਕ ਦੇਵ ਸਲਮ ਸੁਸਾਇਟੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸੰਸਥਾ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਲੰਮ ਖੇਤਰਾਂ ਅੰਦਰ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਤਫ਼ਜੱਲਪੁਰਾ ਵਿਖੇ 2009 ਤੋਂ ਚੱਲ ਰਹੇ ਸਕੂਲ ਵਿਚੋਂ ਪੜ੍ਹਕੇ ਵੱਡੀ ਗਿਣਤੀ ਬੱਚਿਆਂ ਨੇ ਤਰੱਕੀ ਕੀਤੀ ਹੈ ਅਤੇ ਹੁਣ ਵੀ 150 ਦੇ ਕਰੀਬ ਬੱਚੇ ਇਥੇ ਸਿੱਖਿਆ ਪ੍ਰਾਪਤ ਕਰ ਰਹੇ ਹਨ।
ਇਸ ਮੌਕੇ ਸੰਸਥਾ ਵੱਲੋਂ ਸਹਿਯੋਗ ਕਰਨ ਵਾਲੀਆਂ ਸ਼ਖਸ਼ੀਅਤਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ, ਜਿਸ ਵਿੱਚ ਮੈਡਮ ਬੇਬੀ ਸ਼ਰਮਾ, ਮੀਨਾਕਸ਼ੀ, ਸੋਨੀਆਂ, ਸੁਖਵਿੰਦਰ ਸਿੰਘ, ਅਵਤਾਰ ਸਿੰਘ ਸ਼ੇਰਗਿੱਲ, ਗੁਰਪ੍ਰੀਤ ਸਿੰਘ, ਅਮਨਿੰਦਰ ਸਿੰਘ, ਅਮਰੀਕ ਸਿੰਘ, ਭੁਪਿੰਦਰ ਸਿੰਘ, ਕਰਮਜੀਤ ਸਿੰਘ, ਪ੍ਰਿਤਪਾਲ ਸਿੰਘ ਸਿੱਧੂ, ਅਰਜਨਾ ਮਹਾਜਨ ਤੇ ਡਾ. ਕੁਲਵੰਤ ਕੌਰ ਦਾ ਸਲੰਮ ਬੱਚਿਆਂ ਦੀ ਭਲਾਈ ਲਈ ਕੀਤੇ ਕੰਮ ਲਈ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।