ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ, 15 ਨਵੰਬਰ 2023
ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਪਰਾਲੀ ਸਾੜਨ ਦੇ ਰੁਝਾਨ ਨੂੰ ਤੁਰੰਤ ਰੋਕਣ ਲਈ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਐਸ.ਐਸ.ਪੀ. ਸ੍ਰੀ ਦੀਪਕ ਹਿਲੌਰੀ ਵੱਲੋਂ ਜ਼ਿਲ੍ਹੇ ਦੀ ਸਬ-ਡਵੀਜ਼ਨ ਗੁਰੂਹਰਸਹਾਏ ਦੇ ਪਿੰਡ ਨਿਧਾਨਾ, ਗੋਲੂ ਕਾ ਮੋੜ, ਜੀਵਾਂ ਅਰਾਈ, ਬੋੜਾ, ਮੋਤੀਵਾਲਾ ਆਦਿ ਸਮੇਤ ਹੋਰਨਾਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਅਤੇ ਯੋਗ ਪ੍ਰਬੰਧਨ ਸਬੰਧੀ ਪ੍ਰੇਰਿਤ ਕੀਤਾ ਗਿਆ।
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਕਿਸਾਨਾਂ ਅਤੇ ਇਲਾਕਾ ਨਿਵਾਸੀਆਂ ਨਾਲ ਗੱਲ ਬਾਤ ਕਰਦਿਆਂ ਕਿਹਾ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਪਰਾਲੀ ਸਾੜਨ ਉੱਤੇ ਪੂਰੀ ਤਰ੍ਹਾਂ ਰੋਕ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਤੇ ਕੰਟਰੋਲ ਕਰਨ ਲਈ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ। ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕਿਸਾਨਾਂ ਨੂੰ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਅੱਗ ਨਾ ਲਗਾਉਣ ਸਬੰਧੀ ਦਫ਼ਾ 144 ਅਧੀਨ ਹੁਕਮ ਵੀ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅੱਗ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਗ ਲਗਾਉਣ ਦੀ ਰਵਾਇਤ ਤੇ ਤੁਰੰਤ ਕੰਟਰੋਲ ਕਰਨ ਲਈ ਸਿਵਲ ਅਧਿਕਾਰੀਆਂ ਵੱਲੋਂ ਸਮੇਤ ਪੁਲਿਸ ਪਾਰਟੀ ਹੌਟ ਸਪੌਟਸ ਪਿੰਡਾਂ ਵਿੱਚ ਸਾਂਝੀਆਂ ਗਸ਼ਤਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਟਾਈ ਕਰ ਚੁੱਕੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਾਕੀ ਰਹਿੰਦੇ ਕਿਸਾਨਾਂ ਨੂੰ ਬਿਨਾਂ ਅੱਗ ਲਗਾਏ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਸਰਕਾਰ ਦਾ ਸਾਥ ਦੇਣ ਲਈ ਪ੍ਰੇਰਿਤ ਕਰਨ। ਇਸ ਮੌਕੇ ਇਕ-ਦੋ ਥਾਵਾਂ ਤੇ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਜਿਸ ਨੂੰ ਫਾਇਰ ਬ੍ਰਿਗੇਡ ਦੀ ਮੱਦਦ ਨਾਲ ਤੁਰੰਤ ਬੁਝਾ ਦਿੱਤਾ ਗਿਆ। ਉਨ੍ਹਾਂ ਨੇ ਜਿਨ੍ਹਾਂ ਕਿਸਾਨਾਂ ਨੇ ਪਰਾਲੀ ਨੂੰ ਅੱਗ ਨਹੀਂ ਲਗਾਈ ਉਨ੍ਹਾਂ ਦੀ ਪ੍ਰਸੰਸਾ ਵੀ ਕੀਤੀ ਅਤੇ ਕਿਹਾ ਕਿ ਜਿਹੜੇ ਕਿਸਾਨ ਪਰਾਲੀ ਨੂੰ ਅੱਗ ਲਗਾ ਰਹੇ ਹਨ ਉਨ੍ਹਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਨਾਲ ਹੀ ਉਨ੍ਹਾਂ ਨੂੰ ਸਰਕਾਰੀ ਲਾਭਾਂ ਤੋਂ ਵਾਂਝਾ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਧਿਕਾਰੀ ਪਹਿਲਾਂ ਹੀ ਪਿੰਡਾਂ ਵਿੱਚ ਘੁੰਮ ਕੇ ਪਰਾਲੀ ਸਾੜਨ ਦੀਆਂ ਘਟਨਾਵਾ ਤੇ ਨਜ਼ਰ ਰੱਖ ਰਹੇ ਹਨ । ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਸਾਂਝੀ ਗਸ਼ਤ ਲੋਕਾਂ ਨੂੰ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਪ੍ਰਭਾਵਸ਼ਾਲੀ ਢੰਗ ਨਾਲ ਰੋਕ ਰਹੀ ਹੈ। ਇਸ ਮੌਕੇ ਐਸ.ਡੀ.ਐਮ. ਗੁਰੂਹਰਸਹਾਏ ਸ੍ਰੀ ਗਗਨਦੀਪ, ਮੁੱਖ ਖੇਤੀਬਾੜੀ ਅਫਸਰ ਜੰਗੀਰ ਸਿੰਘ, ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ, ਡੀ.ਐਸ.ਪੀ. ਬਲਕਾਰ ਸਿੰਘ, ਏ.ਡੀ.ਓ. ਗੁਰਵੰਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।