ਬਿੱਟੂ ਜਲਾਲਾਬਾਦੀ, ਫਾਜ਼ਿਲਕਾ 21 ਨਵੰਬਰ 2023
ਫਾਜ਼ਿਲਕਾ ਦੇ ਪਿੰਡ ਬੋਦੀ ਵਾਲਾ ਪਿੱਥਾ ਦੇ ਕਿਸਾਨ ਸੁਰਿੰਦਰ ਕਨਸੁਜੀਆ ਨੇ ਦੱਸਿਆ ਕਿ ਉਹ ਆਪਣੀ 6 ਏਕੜ ਜ਼ਮੀਨ ਵਿੱਚ ਵਾਹੀ ਕਰਦਾ ਹੈ ਅਤੇ ਪਿਛਲੇ ਲਗਭਗ 4 ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨਾਂ ਕਣਕ ਦੀ ਬਿਜਾਈ ਕਰਦਾ ਹੈ। ਕਿਸਾਨ ਨੇ ਦੱਸਿਆ ਕਿ ਉਸਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨਾਲ ਰਾਬਤਾ ਕਾਇਮ ਕਰਕੇ ਪਰਾਲੀ ਨੂੰ ਸਾਂਭਣ ਲਈ ਵਰਤੀਆਂ ਜਾਂਦੀਆਂ ਮਸ਼ੀਨਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ ਹੈ।
ਕਿਸਾਨ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਜੇਕਰ ਕਿਸਾਨ ਪਰਾਲੀ ਦੀਆਂ ਗੱਠਾਂ ਬਣਾ ਕੇ ਚੁਕਵਾਉਣ ਉਪਰੰਤ ਕਣਕ ਦੀ ਬਿਜਾਈ ਕਰਨਗੇ ਤਾਂ ਅਜਿਹਾ ਕਰਨ ਨਾਲ ਜਿੱਥੇ ਵਾਤਾਵਰਨ ਨੂੰ ਅਸੀਂ ਪ੍ਰਦੂਸ਼ਿਤ ਹੋਣ ਤੋਂ ਬਚਾਵਾਂਗੇ ਉੱਥੇ ਹੀ ਸਾਡੀ ਜਮੀਨ ਦੀ ਉਪਜਾਊ ਸਕਤੀ ਵੀ ਵਧੇਗੀ। ਉਨ੍ਹਾਂ ਕਿਹਾ ਕਿ ਅਜਿਹੀ ਤਕਨੀਕ ਨਾਲ ਬੀਜੀ ਕਣਕ ਨੂੰ ਘੱਟ ਯੂਰੀਆ ਖਾਦ ਦੀ ਲੋੜ ਪੈਂਦੀ ਹੈ, ਜਿਸ ਕਾਰਨ ਵੱਧ ਖਰਚੇ ਤੋਂ ਵੀ ਬੱਚਤ ਹੁੰਦੀ ਹੈ। ਕਿਸਾਨ ਨੇ ਦੱਸਿਆ ਕਿ ਅਜਿਹਾ ਕਰਨ ਨਾਲ ਮਿੱਟੀ ਦੀ ਪਾਣੀ ਜਜ਼ਬ ਕਰਨ ਦੀ ਸਮਰੱਥਾ ਵਿੱਚ ਵੀ ਵਾਧਾ ਹੁੰਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਿਹਾ ਕਿ ਉਹ ਵਾਤਾਵਰਨ ਦੀ ਸ਼ੁੱਧਤਾ ਲਈ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਪਰਾਲੀ ਦੀਆਂ ਗੱਠਾਂ ਬਣਵਾ ਕੇ ਚੁਕਵਾਉਣ ਜਾਂ ਆਧੁਨਿਕ ਸੰਦਾਂ ਦੀ ਵਰਤੋਂ ਕਰਕੇ ਪਰਾਲੀ ਦਾ ਖੇਤਾਂ ਵਿੱਚ ਹੀ ਨਿਪਟਾਰਾ ਕਰਨ।
ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੀਤ ਸਿੰਘ ਚੀਮਾ ਨੇ ਦੱਸਿਆ ਕਿ ਕਿਸਾਨ ਸੁਰਿੰਦਰ ਕਨਸੁਜੀਆ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਜਿੱਥੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾ ਰਿਹਾ ਹੈ ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵਧਾ ਕੇ ਅਗਲੀ ਫਸਲ ਦਾ ਝਾੜ ਵੀ ਵਧਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਕਣਕ ਅਤੇ ਝੋਨੇ ਦੀ ਰਹਿੰਦ ਨੂੰ ਅੱਗ ਲਗਾਏ ਬਿਨਾਂ ਹੀ ਅਗਲੀ ਫਸਲ ਦੀ ਬਿਜਾਈ ਕਰਦਾ ਹੈ। ਅਜਿਹਾ ਕਰਨ ਨਾਲ ਜਿੱਥੇ ਕਿਸਾਨ ਜ਼ਿਲ੍ਹੇ ਦੇ ਹੋਰਨਾਂ ਲੋਕਾਂ ਲਈ ਪ੍ਰੇਰਨਾ ਸਰੋਤ ਬਣਿਆ ਹੋਇਆ ਹੈ ਉੱਥੇ ਹੀ ਇਸ ਦੇ ਪਿੰਡ ਵਾਸੀ ਵੀ ਇਸ ਤੋਂ ਪ੍ਰੇਰਿਤ ਹੋ ਕੇ ਆਪਣੇ ਖੇਤਾਂ ਵਿੱਚ ਹੀ ਬੇਲਰ ਦੀ ਮਦਦ ਨਾਲ ਪਰਾਲੀ ਚੁਕਵਾ ਕੇ ਕਣਕ ਦੀ ਬਿਜਾਈ ਕਰ ਰਹੇ ਹਨ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ ਕਿਸਾਨ ਵੀਰੋ ਅਸੀਂ ਸਾਰੇ ਰਲ ਕੇ ਹੰਭਲਾ ਮਾਰੀਏ ਅਤੇ ਬੇਲਰ ਅਤੇ ਆਧੁਨਿਕ ਸੰਦਾਂ ਦੀ ਵਰਤੋਂ ਕਰਕੇ ਝੋਨੇ ਅਤੇ ਕਣਕ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਵਹਾ ਕੇ ਅਗਲੀ ਫਸਲ ਦੀ ਬਿਜਾਈ ਕਰੀਏ। ਅਜਿਹਾ ਕਰਨ ਨਾਲ ਜਮੀਨ ਦੀ ਹਾਲਤ ਤਾਂ ਸੁਧਰੇਗੀ ਨਾਲ ਹੀ ਖਾਦਾਂ ਦੀ ਵਰਤੋਂ ਵੀ ਘਟੇਗੀ ਅਤੇ ਅਗਲੀ ਫਸਲ ਦਾ ਝਾੜ ਵੀ ਵਧੇਗਾ।