ਬਿੱਟੂ ਜਲਾਲਾਬਾਦੀ, ਫਾਜ਼ਿਲਕਾ 21 ਨਵੰਬਰ 2023
ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ ਲੱਗਣ ਵਾਲੀ ਅੱਗ ਨੂੰ ਰੋਕਣ ਲਈ ਜਿੱਥੇ ਲਗਾਤਾਰ ਸਿਰਤੋੜ ਯਤਨ ਕੀਤੇ ਜਾ ਰਹੇ ਹਨ ਉੱਥੇ ਹੀ ਜ਼ਿਲ੍ਹੇ ਦੇ ਡਿਪਟੀ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹੇ ਦੇ ਨੋਡਲ ਅਫਸਰ ਅਤੇ ਕਲੱਸਟਰ ਅਫਸਰ ਲਗਾਤਾਰ ਜ਼ਿਲ੍ਹੇ ਦੇ ਪਿੰਡਾਂ ਦਾ ਦੌਰਾ ਕਰਕੇ ਜਿੱਥੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰ ਰਹੇ ਹਨ ਉੱਥੇ ਹੀ ਪਰਾਲੀ ਨੂੰ ਲੱਗੀ ਅੱਗ ਬੁਝਾ ਵੀ ਰਹੇ ਹਨ। ਜਿਹੜੇ ਕਿਸਾਨ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾ ਰਹੇ ਉਨ੍ਹਾਂ ਦੇ ਅਧਿਕਾਰੀ ਚਾਲਾਨ ਵੀ ਕਰ ਰਹੇ ਹਨ।
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਅਤੇ ਦੇਸ਼ ਨੂੰ ਪ੍ਰਦੂਸ਼ਣ ਮੁਕਤ ਕਰਨ ਵਿੱਚ ਕਿਸਾਨਾਂ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਨਿਪਟਾਰੇ ਲਈ ਕਿਸਾਨਾਂ ਨੂੰ ਅਨੇਕਾਂ ਹੀ ਆਧੁਨਿਕ ਮਸ਼ੀਨਾਂ ਸਬਸਿਡੀ ਤੇ ਮੁਹੱਈਆ ਕਰਵਾਈਆਂ ਗਈਆਂ ਹਨ ਜਿਨ੍ਹਾਂ ਦਾ ਇਸਤੇਮਾਲ ਕਰਕੇ ਕਿਸਾਨ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਬੇਲਰ ਦੀ ਮਦਦ ਨਾਲ ਪਰਾਲੀ ਦੀਆਂ ਗੱਠਾਂ ਬਣਾ ਕੇ ਚੁਕਵਾਉਣ ਉਪਰੰਤ ਵੀ ਕਣਕ ਦੀ ਬਿਜਾਈ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨ ਵਾਤਾਵਰਨ ਦੇ ਰਾਖੇ ਬਣਨ ਅਤੇ ਪਰਾਲੀ ਨੂੰ ਅੱਗ ਨਾ ਲਗਾ ਕੇ ਜਮੀਨ ਵਿੱਚ ਹੀ ਵਾਹੁਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਖੇਤਾਂ ਵਿੱਚ ਵਾਹੁਣ ਨਾਲ ਜਿੱਥੇ ਜਮੀਨ ਦੀ ਉਪਜਾਊ ਸਕਤੀ ਵਧਦੀ ਹੈ ਉੱਥੇ ਹੀ ਖਾਦਾਂ ਦੀ ਵੀ ਘੱਟ ਵਰਤੋਂ ਹੁੰਦੀ ਹੈ ਤੇ ਅਗਲੀ ਫਸਲ ਦਾ ਝਾੜ ਵੀ ਵਧਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਉੱਥੇ ਹੀ ਇਸ ਤੋਂ ਪੈਦਾ ਹੋਏ ਧੂੰਏ ਨਾਲ ਅਨੇਕਾਂ ਸੜਕੀ ਦੁਰਘਟਨਾਵਾਂ ਅਤੇ ਸਾਹ ਤੇ ਚਮੜੀ ਦੀਆਂ ਭਿਆਨਕ ਬਿਮਾਰੀਆਂ ਵੀ ਪੈਦਾ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਆਓ ਕਿਸਾਨ ਵੀਰੋ ਅਸੀਂ ਸਾਰੇ ਰਲ ਕੇ ਹੰਭਲਾ ਮਾਰੀਏ ਅਤੇ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪਰਾਲੀ ਨੂੰ ਅੱਗ ਨਾ ਲਗਾਈਏ।