ਅਸ਼ੋਕ ਵਰਮਾ, ਬਠਿੰਡਾ 21 ਨਵੰਬਰ 2023
ਬਠਿੰਡਾ ਜਿਲ੍ਹੇ ਦੇ ਨਵੇਂ ਨਿਯੁਕਤ ਹੋਏ ਸੀਨੀਅਰ ਪੁਲਿਸ ਕਪਤਾਨ ਹਰਮਨਬੀਰ ਸਿੰਘ ਗਿੱਲ ਨੇ ਆਖਿਆ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਡੀ ਜੀ ਪੀ ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ’ਤੇ ਨਸ਼ਿਆਂ ਨੂੰ ਖਤਮ ਕਰਨਾ ਉਨ੍ਹਾਂ ਦਾ ਤਰਜੀਹੀ ਏਜੰਡਾ ਹੈ ਜਿਸ ਲਈ ਲੁੜੀਂਦੇ ਕਦਮ ਫੌਰੀ ਤੌਰ ਤੇ ਚੁੱਕੇ ਜਾਣਗੇ । ਉਨ੍ਹਾਂ ਦੋ ਟੁੱਕ ਸ਼ਬਦਾਂ ਵਿੱਚ ਨਸ਼ਾ ਤਸਕਰਾਂ ਨੂੰ ਸੁਧਰ ਜਾਣ ਦੀ ਨਸੀਹਤ ਦਿੰਦਿਆਂ ਆਖਿਆ ਕਿ ਨਸ਼ੇ ਵੇਚਣ ਵਾਲਿਆਂ ਦੀ ਧਰਪਕੜ ਉਨ੍ਹਾਂ ਦੀ ਪਹਿਲ ਹੋਵੇਗੀ। ਉਨ੍ਹਾਂ ਇਸ ਕੰਮ ਲਈ ਆਮ ਲੋਕਾਂ ਦਾ ਸਹਿਯੋਗ ਮੰਗਿਆ ਹੈ। ਉਨ੍ਹਾਂ ਆਖਿਆ ਕਿ ਪੁਲਿਸ ਆਮ ਆਦਮੀ ਦੀ ਪਹਿਰੇਦਾਰ ਬਣੇਗੀ ਅਤੇ ਅਮਨ ਕਾਨੂੰਨ ਬਣਾ ਕੇ ਰੱਖਣਾ ਯਕੀਨੀ ਬਣਾਇਆ ਜਾਏਗਾ। ਆਪਣੀ ਨਿਯੁਕਤੀ ਉਪਰੰਤ ਬਠਿੰਡਾ ਵਿਖੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਪ੍ਰਤੀਕਿਰਿਆ ਦਿੰਦਿਆਂ ਨਵੇਂ ਐਸ ਐਸ ਪੀ ਨੇ ਕਿਹਾ ਕਿ ਨਸ਼ਿਆਂ ਤੇ ਮਾੜੇ ਅਨਸਰਾਂ ਦੀਆਂ ਸਰਗਰਮੀਆਂ ਨੂੰ ਠੱਲ੍ਹ ਚੌਕਸੀ ਵਧਾਉਣ ਦੀ ਯੋਜਨਾ ਉਲੀਕੀ ਜਾਏਗੀ। ਉਨ੍ਹਾਂ ਆਖਿਆ ਕਿ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਅਤੇ ਮੰਗ ਘੱਟ ਕਰਨੀ ਦੋ ਵੱਖ ਵੱਖ ਪਹਿਲੂ ਹਨ ਜਿੰਨ੍ਹਾਂ ਤੇ ਬਕਾਇਦਾ ਕੰਮ ਕੀਤਾ ਜਾਏਗਾ। ਉਨ੍ਹਾਂ ਆਖਿਆ ਕਿ ਪੁਲਿਸ ਨਸ਼ਿਆਂ ਦੀ ਰੋਕਥਾਮ ਲਈ ਸਮਾਜਿਕ ਚੇਤਨਾ ਲਿਆਉਣ ਦਾ ਕੰਮ ਕਰੇਗੀ ਜਿਸ ਲਈ ਮੌਜੁਦਾ ਪੀੜ੍ਹੀ ਦਾ ਸਾਥ ਅਤੀ ਜਰੂਰੀ ਹੈੇ। ਉਨ੍ਹਾਂ ਕਿਹਾ ਕਿ ਬਠਿੰਡਾ ਜਿਲ੍ਹੇ ਦੀ ਸਰਹੱਦ ਗੁਆਂਢੀ ਰਾਜਾਂ ਨਾਲ ਲੱਗਦੀ ਹੈ ਇਸ ਲਈ ਨਸ਼ਿਆਂ ਨੂੰ ਰੋਕਣ ਲਈ ਸਪੈਸ਼ਲ ਨਾਕਾਬੰਦੀ ਕੀਤੀ ਜਾਏਗੀ।
ਉਨ੍ਹਾਂ ਆਖਿਆ ਕਿ ਬਠਿੰਡਾ ਪੁਲਿਸ ਗੈਰ ਸਮਾਜੀ ਅਨਸਰਾਂ ਨੂੰ ਸਖਤੀ ਨਾਲ ਨੱਥ ਪਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕੀਤੀ ਜਾਵੇਗੀ ਤਾਂ ਜੋ ਸੜਕ ਤੇ ਤੁਰਦੇ ਹੋਏ ਕਿਸੇ ਧੀਅ ਭੈਣ ,ਬਜ਼ੁਰਗ ਜਾਂ ਆਮ ਨਾਗਰਿਕ ਨੂੰ ਕੋਈ ਡਰ ਨਾ ਹੋਵੇ । ਇਸ ਤੋਂ ਪਹਿਲਾਂ ਐਸ ਐਸ ਪੀ ਹਰਮਨਬੀਰ ਸਿੰਘ ਗਿੱਲ ਨੂੰ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਨਾਲ ਸਨਮਾਨਿਤ ਕੀਤਾ ਗਿਆ। ਸ੍ਰੀ ਗਿੱਲ ਇਸ ਤੋਂ ਪਹਿਲਾਂ ਬਠਿੰਡਾ ਦੇ ਗਵਾਂਢੀ ਜਿਲ੍ਹੇ ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਵੱਖ ਵੱਖ ਜਿਲਿ੍ਹਆਂ ’ਚ ਤਾਇਨਾਤ ਰਹਿ ਚੁੱਕੇ ਹਨ। ਉਨ੍ਹਾਂ ਨੂੰ ਪੁਲਿਸ ਪ੍ਰਸ਼ਾਸ਼ਨ ਨਾਲ ਜੁੜੇ ਹਲਕਿਆਂ ਵਿੱਚ ਅਨੁਸ਼ਾਸ਼ਨ ਅਤੇ ਆਪਰਾਧੀਆਂ ਨਾਲ ਨਜਿੱਠਣ ਦੇ ਮਾਮਲੇ ’ਚ ਸਖਤ ਮਿਜ਼ਾਜ਼ ਅਤੇ ਦਬੰਗ ਪੁਲਿਸ ਅਫਸਰ ਵਜੋਂ ਜਾਣਿਆ ਜਾਂਦਾ ਹੈ।