ਪਾਣੀਆਂ ਦੀ ਵੰਡ ਨੂੰ ਲੈ ਕੇ ਵੀ ਪੰਜਾਬ ਦੇ ਹੱਕ ਵਿਚ ਫੈਸਲਾ ਕਰਵਾਉਣ ਲਈ ਸੰਘਰਸ਼ ਕਰਨ ਦਾ ਲਿਆ ਫੈਸਲਾ
ਹਰਿੰਦਰ ਨਿੱਕਾ ਬਰਨਾਲਾ 17 ਜੂਨ 2020
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਭਰਵੀਂ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਡਾ ਦਰਸ਼ਨ ਪਾਲ ਦੀ ਪ੍ਰਧਾਨਗੀ ਹੇਠ ਅੱਜ ਹੋਈ। ਮੀਟਿੰਗ ਵਿੱਚ ਸਰਬਸੰਮਤੀ ਨਾਲ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਖੁੱਲ੍ਹੀ ਮੰਡੀ ਦੀ ਨੀਤੀ, ਠੇਕਾ ਖੇਤੀ ਅਤੇ ਜਮ੍ਹਾਂਖੋਰੀ ਵਿਰੋਧੀ ਕਾਨੂੰਨ ਨੂੰ ਖ਼ਤਮ ਕਰਨ ਵਾਲੇ ਆਰਡੀਨੈਂਸਾਂ ਨੂੰ ਬਹੁਤ ਹੀ ਗੰਭੀਰਤਾ ਨਾਲ ਵਿਚਾਰ ਕਰਦੇ ਹੋਏ ਵਿਰੋਧ ਕਰਨ ਦਾ ਫੈਸਲਾ ਲਿਆ ਗਿਆ ਅਤੇ ਨਾਲ ਹੀ ਬਿਜਲੀ ਬਿੱਲ 2020 ਦੇ ਖਰੜੇ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਫ਼ੈਸਲਾ ਕੀਤਾ ਗਿਆ ਕਿ ਇਨ੍ਹਾਂ ਚਾਰ ਫ਼ੈਸਲਿਆਂ ਜੋ ਕੇਂਦਰ ਸਰਕਾਰ ਨੇ ਲਏ ਹਨ ਕਰਕੇ ਜੋ ਪੰਜਾਬ ਦੇ ਅਧਿਕਾਰਾਂ ਉੱਤੇ ਛਾਪਾ ਮਾਰਿਆ ਗਿਆ ਹੈ ਦੇ ਵਿਰੁੱਧ ਨਾਲ ਹੀ ਸਤਲੁਜ ਬਿਆਸ ਦੇ ਪਾਣੀਆਂ ਦੀ ਵੰਡ ਨੂੰ ਲੈ ਕੇ ਵੀ ਪੰਜਾਬ ਦੇ ਹੱਕ ਵਿਚ ਫੈਸਲਾ ਕਰਵਾਉਣ ਲਈ ਸੰਘਰਸ਼ ਕਰਨ ਦਾ ਫੈਸਲਾ ਲਿਆ ਗਿਆ।
ਲਗਾਤਾਰ 10 ਦਿਨਾਂ ਤੋਂ ਵੱਧਦੇ ਆ ਰਹੇ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਉੱਤੇ ਚਿੰਤਾ ਜ਼ਾਹਰ ਕਰਦੇ ਹੋਏ ਸੂਬਾ ਕਮੇਟੀ ਦੀ ਵਧਵੀਂ ਮੀਟਿੰਗ ਨੇ ਫੈਸਲਾ ਕੀਤਾ ਕਿ ਇਨ੍ਹਾਂ ਤਮਾਮ ਐਲਾਨਾਂ ਅਤੇ ਵਧਦੀਆਂ ਤੇਲ ਦੀਆਂ ਕੀਮਤਾਂ ਦੇ ਵਿਰੋਧ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਪੰਜਾਬ ਸਾਰੇ ਪੰਜਾਬ ਵਿੱਚ ਪਿੰਡ ਪੱਧਰ ਤੋਂ ਲੈ ਕੇ ਬਲਾਕ, ਤਹਿਸੀਲ ਅਤੇ ਜ਼ਿਲ੍ਹਾ ਪੱਧਰ ਤੱਕ 22 ਜੂਨ ਤੋੰ 28 ਜੂਨ ਤੱਕ ਇਕ ਹਫਤਾ ਮੋਦੀ ਸਰਕਾਰ ਦੀਆਂ ਅਤੇ ਉਪਰੋਕਤ ਚਾਰ ਕਾਨੂੰਨਾਂ ਦੀਆਂ ਅਰਥੀਆਂ ਸਾੜਗੀ ਅਤੇ ਇਸ ਮੁਹਿੰਮ ਦੇ ਸਿਖਰ ਉੱਤੇ 29 ਜੂਨ ਨੂੰ ਪੰਜਾਬ ਦੇ ਵਿੱਚ ਅਕਾਲੀਆਂ ਅਤੇ ਭਾਜਪਾ ਦੇ ਅਸੈਂਬਲੀ ਅਤੇ ਪਾਰਲੀਮੈਂਟ ਲਈ ਚੁਣੇ ਹੋਏ ਨੁਮਾਇੰਦਿਆਂ ਅਤੇ ਉਨ੍ਹਾਂ ਦੇ ਹੋਰ ਉੱਘੇ ਆਗੂਆਂ ਦੇ ਦਫਤਰਾਂ ਜਾਂ ਘਰਾਂ ਅੱਗੇ ਮੋਦੀ ਸਰਕਾਰ ਦੇ ਪੁਤਲਿਆਂ ਦੇ ਨਾਲ ਨਾਲ ਇਨ੍ਹਾਂ ਆਰਡੀਨੈਂਸਾਂ ਅਤੇ ਬਿਲਾਂ ਦੀਆਂ ਕਾਪੀਆਂ ਸਾੜੇਗੀ ਕਿਉਂ ਜੋ ਇਹ ਦਿੱਲੀ ਵਿੱਚ ਬੈਠ ਕੇ ਇਨ੍ਹਾਂ ਕਾਨੂੰਨਾਂ ਨੂੰ ਪਾਸ ਕਰਨ ਲਈ ਕਰਾਉਣ ਲਈ ਜ਼ਿੰਮੇਵਾਰ ਹਨ ਅਤੇ ਪੰਜਾਬ ਪੰਜਾਬੀ ਲੋਕਾਂ ਅਤੇ ਕਿਸਾਨਾਂ ਦੇ ਵਿਰੋਧੀ ਭੁਗਤ ਰਹੇ ਹਨ।
ਅੱਜ ਦੀ ਮੀਟਿੰਗ ਵਿੱਚ ਪਟਿਆਲਾ, ਫਤਿਹਗੜ੍ਹ ਸਾਹਿਬ, ਬਠਿੰਡਾ, ਮਾਨਸਾ, ਬਰਨਾਲਾ, ਫ਼ਾਜ਼ਿਲਕਾ, ਫ਼ਿਰੋਜ਼ਪੁਰ, ਸੰਗਰੂਰ ਅਤੇ ਫ਼ਰੀਦਕੋਟ ਦੇ ਆਗੂਆਂ ਨੇ ਨੇ ਸ਼ਮੂਲੀਅਤ ਕੀਤੀ। ਜਿਹੜੇ ਜਿਹੜੇ ਮੁੱਖ ਆਗੂ ਸ਼ਾਮਿਲ ਹੋਏ ਉਨ੍ਹਾਂ ਵਿੱਚ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਬੁੱਟਰ, ਸੂਬਾ ਮੀਤ ਪ੍ਰਧਾਨ ਰੇਸ਼ਮ ਸਿੰਘ ਮਿੱਡਾ ਫਾਜ਼ਿਲਕਾ, ਜਨਰਲ ਸੈਕਟਰੀ ਗੁਰਮੀਤ ਸਿੰਘ ਮਹਿਮਾ , ਸੂਬਾ ਪ੍ਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ ਤੋਂ ਇਲਾਵਾ ਪਟਿਆਲਾ ਜ਼ਿਲ੍ਹੇ ਦੇ ਪ੍ਰਧਾਨ ਜੰਗ ਸਿੰਘ ਭਟੇੜੀ, ਜਨਰਲ ਸਕੱਤਰ ਗੁਰਮੀਤ ਸਿੰਘ ਦਿੱਤੂਪੁਰ, ਸੰਗਰੂਰ ਜ਼ਿਲ੍ਹੇ ਦੇ ਕਨਵੀਨਰ ਜਗਸੀਰ ਸਿੰਘ ਨਮੋਲ, ਬਰਨਾਲਾ ਜ਼ਿਲ੍ਹੇ ਦੇ ਪ੍ਰਧਾਨ ਪਵਿੱਤਰ ਸਿੰਘ ਲਾਲੀ ਕਾਲਸਾਂ, ਦਲਜੀਤ ਸਿੰਘ ਪੱਤੀ ਬਰਨਾਲਾ ਜ਼ਿਲ੍ਹੇ ਦੇ ਖਜ਼ਾਨਚੀ, ਵਰਿੰਦਰ ਸਿੰਘ ਆਜ਼ਾਦ ਸਹਾਇਕ ਸਕੱਤਰ ,ਮਾਨਸਾ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਕੇਵਲ ਸਿੰਘ ਅਕਲੀਆ ਅਤੇ ਜਨਰਲ ਸਕੱਤਰ ਭਜਨ ਸਿੰਘ ਘੁੰਮਣ ਕਲਾਂ’ ਬਠਿੰਡਾ ਜ਼ਿਲ੍ਹੇ ਦੇ ਪ੍ਰਧਾਨ ਜਗਦੀਸ਼ ਸਿੰਘ ਗੁੰਮਟੀ ਕਲਾਂ ਅਤੇ ਸੀਨੀਅਰ ਲੀਡਰ ਮਲਕੀਤ ਸਿੰਘ ਭਾਈ ਰੂਪਾ, ਫ਼ਰੀਦਕੋਟ ਜ਼ਿਲ੍ਹੇ ਦੇ ਆਗੂ ਜਸਕਰਨ ਸਿੰਘ ਪਿੰਡੀ ਬਲੋਚਾ, ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪ੍ਰਧਾਨ ਗੁਰਮੀਤ ਸਿੰਘ ਪੋਜੋਕੇ ਅਤੇ ਜਰਨਲ ਸਕੱਤਰ ਗੁਰਚਰਨ ਸਿੰਘ ਮਲਸੀਆਂ, ਫ਼ਾਜ਼ਿਲਕਾ ਜ਼ਿਲ੍ਹੇ ਤੋਂ ਮਾਸਟਰ ਦੇਸ ਰਾਜ ਜੀ ਬਾਜੇਕੇ ਅਤੇ ਗੁਰਪਿੰਦਰ ਸਿੰਘ ਨੇ ਸ਼ਮੂਲੀਅਤ ਕੀਤੀ ।