ਸਤੌਜ ‘ਚ ਡਾਗਾਂ ਨਾਲ ਬੇਰੁਜ਼ਗਾਰਾਂ ਨੂੰ ਵੰਡੇ ਨਿਯੁਕਤੀ ਪੱਤਰ !

Advertisement
Spread information
ਹਰਪ੍ਰੀਤ ਕੌਰ ਬਬਲੀ, ਸੰਗਰੂਰ 25 ਨਵੰਬਰ, 2023
     
       ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਨ ਪਹੁੰਚੇ 5994 ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਤੇ ਪੁਲਸ ਵੱਲੋਂ ਲਾਠੀਚਾਰਜ਼ ਅਤੇ ਜਬਰਨ ਖਿੱਚ ਧੂਹ ਰਾਹੀਂ ਕਈ ਅਧਿਆਪਕਾਂ ਨੂੰ ਜਖਮੀ ਕਰਨ ਦੀ, ਫ਼ੜ ਕੇ ਵੱਖ ਵੱਖ ਥਾਣਿਆਂ ਵਿੱਚ ਡੱਕਣ ਦੀ ਡੈਮੋਕਰੇਟਿਕ ਟੀਚਰਜ਼ ਫਰੰਟ (ਡੀਟੀਐੱਫ) ਨੇ ਸਖ਼ਤ ਨਿਖੇਧੀ ਕੀਤੀ ਹੈ। ਬੇਰੁਜ਼ਗਾਰ ਅਧਿਆਪਕਾਂ ਨਾਲ ਸੰਘਰਸ਼ੀ ਇਕਜੁੱਟਤਾ ਪ੍ਰਗਟ ਕਰਦਾ ਹੋਇਆਂ, ਡੈਮੋਕਰੈਟਿਕ ਟੀਚਰਜ਼ ਫਰੰਟ ਨੇ 5994 ਦੀ ਅਧਿਆਪਕ ਭਰਤੀ ਪ੍ਰਕਿਰਿਆ ਪੂਰੀ ਕਰਕੇ ਤੁਰੰਤ ਨਿਯੁਕਤੀ ਪੱਤਰ ਜਾਰੀ ਕਰਨ ਦੀ ਮੰਗ ਕੀਤੀ ਹੈ। ਜਿਕਰਯੋਗ ਹੈ ਕਿ ਇਹ ਬੇਰੁਜ਼ਗਾਰ ਪਿਛਲੇ ਲੰਬੇ ਸਮੇਂ ਤੋਂ 5994 ਅਸਾਮੀਆਂ ਦੀ ਭਰਤੀ ਪ੍ਰਕਿਰਿਆ ਪੂਰੀ ਕਰਵਾ ਕੇ ਨਿਯੁਕਤੀ ਪੱਤਰ ਜਾਰੀ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ।
     ਡੀਟੀਐੱਫ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਦੱਸਿਆ ਕਿ ਇੱਕ ਪਾਸੇ ਪੰਜਾਬ ਦੇ ਲਗਭਗ 450 ਸਕੂਲ ਬਿਨਾਂ ਅਧਿਆਪਕਾਂ ਤੋਂ ਚੱਲ ਰਹੇ ਅਤੇ ਸੈਂਕੜੇ ਹੀ ਪ੍ਰਾਇਮਰੀ ਸਕੂਲਾਂ ਵਿਚ ਇੱਕ ਇੱਕ ਅਧਿਆਪਕ ਹੀ ਪੜ੍ਹਾ ਰਿਹਾ ਹੈ। ਦੂਜੇ ਪਾਸੇ ਸਰਕਾਰਾਂ ਭਰਤੀ ਨੂੰ ਪੂਰਾ ਕਰਨ ਦੀ ਬਜਾਏ ਕੋਰਟ ਕੇਸਾਂ ਵਿਚ ਉਲਝਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਸਰਕਾਰੀ ਸਕੂਲਾਂ ਵਿੱਚ ਭਰਤੀਆਂ ਦਾ ਇਸ਼ਤਿਹਾਰ ਜਾਰੀ ਕਰਨ ਅਤੇ ਭਰਤੀਆਂ ਸਮੇਂ ਸਿਰ ਨੇਪਰੇ ਚਾੜ੍ਹਣ ਨੂੰ ਲੈ ਕੇ ਨਾਂਹ ਪੱਖੀ ਰਵੱਈਆ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਕਾਨੂੰਨੀ ਉਲਝਣਾਂ ਬਹਾਨੇ ਅਧਿਆਪਕਾਂ ਦੀ ਭਰਤੀ ਪੂਰਾ ਨਾ ਕਰਨਾ, ਵਿਸ਼ੇਸ਼ ਕਰਕੇ ਪਿਛਲੇ ਸਾਲਾਂ ਦੌਰਾਨ ਪ੍ਰੀ ਪ੍ਰਾਇਮਰੀ ਅਤੇ ਪ੍ਰਾਇਮਰੀ ਦੀ ਇੱਕ ਵੀ ਭਰਤੀ ਨੂੰ ਪੂਰਾ ਨਾ ਕਰਨ ਪਿੱਛੇ, ਮੋਦੀ ਸਰਕਾਰ ਦੀ ਨਿੱਜੀਕਰਨ ਅਤੇ ਕਾਰਪੋਰੇਟ ਪੱਖੀ ਨਵੀਂ ਸਿੱਖਿਆ ਨੀਤੀ-2020 ਤਹਿਤ ਪ੍ਰਾਇਮਰੀ ਕਾਡਰ/ਸਕੂਲਾਂ ਨੂੰ ਖਤਮ ਕਰਕੇ ਕੰਪਲੈਕਸ ਸਕੂਲ ਏਜੰਡੇ ਵੱਲ ਤੇਜ਼ੀ ਨਾਲ ਵਧਣ ਦੀ ਨੀਤੀ ਜ਼ਿੰਮੇਵਾਰ ਹੈ। ਜਿਸ ਖਿਲਾਫ ਸਮੂਹ ਸੰਘਰਸ਼ੀ ਲੋਕਾਂ ਨੂੰ ਲੰਬੀ ਅਤੇ ਸਾਂਝੀ ਜੱਦੋ ਜਹਿਦ ਉਸਾਰਨ ਲਈ ਤਿਆਰ ਹੋਣਾ ਚਾਹੀਦਾ ਹੈ। 
      ਡੀਟੀਐੱਫ ਪੰਜਾਬ ਦੇ ਆਗੂਆਂ ਜਗਪਾਲ ਬੰਗੀ, ਬੇਅੰਤ ਫੂਲੇਵਾਲਾ, ਰਾਜੀਵ ਬਰਨਾਲਾ, ਗੁਰਪਿਆਰ ਕੋਟਲੀ, ਰਘਵੀਰ ਭਵਾਨੀਗੜ੍ਹ, ਜਸਵਿੰਦਰ ਔਜਲਾ, ਹਰਜਿੰਦਰ ਸਿੰਘ ਵਡਾਲਾ ਬਾਂਗਰ, ਕੁਲਵਿੰਦਰ ਜੋਸ਼ਨ, ਪਵਨ ਕੁਮਾਰ ਮੁਕਤਸਰ, ਮਹਿੰਦਰ ਕੌੜਿਆਂਵਾਲੀ, ਤੇਜਿੰਦਰ ਸਿੰਘ, ਰੁਪਿੰਦਰ ਗਿੱਲ ਅਤੇ ਸੁਖਦੇਵ ਡਾਨਸੀਵਾਲ ਨੇ ਦੱਸਿਆ ਕਿ ਪ੍ਰਾਇਮਰੀ ਨਾਲ ਸਬੰਧਿਤ ਈ.ਟੀ.ਟੀ. ਦੀਆਂ 5994 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦੀ ਮੰਗ ਨੂੰ ਲੈ ਕੇ ਇਹਨਾਂ ਅਧਿਆਪਕਾਂ ਵੱਲੋਂ ਸਵਾ ਮਹੀਨੇ ਤੋਂ ਵਧੇਰੇ ਦਿਨਾਂ ਤੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਗੰਭੀਰਪੁਰ ਰਿਹਾਇਸ਼ ਨੇੜੇ ਪੱਕਾ ਧਰਨਾ ਲਗਾਇਆ ਹੋਇਆ ਹੈ, ਪ੍ਰੰਤੂ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਹਜ਼ਾਰਾਂ ਅਸਾਮੀਆਂ ਖਾਲੀ ਹੋਣ ਅਤੇ ਬਹੁਤ ਸਾਰੇ ਪ੍ਰਾਇਮਰੀ ਸਕੂਲ ਸਿੰਗਲ ਟੀਚਰ ਹੋਣ ਦੇ ਬਾਵਜੂਦ ਇਸ ਭਰਤੀ ਨੂੰ ਪੂਰਾ ਨਹੀਂ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਸਿੱਖਿਆ ਦੇ ਖੇਤਰ ਨੂੰ ਕਾਗ਼ਜ਼ੀ ਇਸ਼ਤਿਹਾਰ ਰਾਹੀਂ ਸੁਧਾਰਨ ਦੀ ਬਜਾਏ ਸਰਕਾਰ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਵੇ ਅਤੇ ਸਰਕਾਰ ਦੋਗਲੀ ਨੀਤੀ ਛੱਡ ਕੇ ਈਟੀਟੀ ਟੈੱਟ ਪਾਸ 5994 ਅਧਿਆਪਕਾਂ ਦੀ ਭਰਤੀ ਜਲਦੀ ਤੋਂ ਜਲਦੀ ਪੂਰੀ ਕਰੇ।
Advertisement
Advertisement
Advertisement
Advertisement
Advertisement
error: Content is protected !!