ਰਿਚਾ ਨਾਗਪਾਲ, ਪਟਿਆਲਾ, 2 ਦਸੰਬਰ 2023
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਚੋਣ ਪ੍ਰਕਿਰਿਆ ਵਿੱਚ ਨੌਜਵਾਨਾਂ ਖਾਸ ਕਰਕੇ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਦੀ ਵਕਾਲਤ ਕਰਦਿਆਂ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ ਵਿੱਚ ਬੂਥਾਂ ‘ਤੇ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦੌਰਾਨ ਵੱਧ ਤੋਂ ਵੱਧ ਨੌਜਵਾਨਾਂ ਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਖਾਲਸਾ ਕਾਲਜ ਤੇ ਇਨਕਮ ਟੈਕਸ ਦਫ਼ਤਰ ਦੇ ਪੋਲਿੰਗ ਬੂਥਾਂ ਦੇ ਅਚਨਚੇਤ ਦੌਰੇ ਦੌਰਾਨ ਬੀ.ਐਲ.ਓਜ਼ ਨੂੰ ਇਸ ਟੀਚੇ ਦੀ ਪ੍ਰਾਪਤੀ ਲਈ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ।
ਇਸ ਮੌਕੇ ਬੀ.ਐਲ.ਓਜ਼ ਦੀ ਅਹਿਮ ਭੂਮਿਕਾ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਯੋਗ ਵੋਟਰਾਂ ਨੂੰ ਕਵਰ ਕਰਨ ਲਈ ਇਹ ਬੂਥ ਲੈਵਲ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਚੋਣ ਪ੍ਰਕਿਰਿਆ ਵਿੱਚ ਸਾਰੇ ਵੋਟਰਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾ ਸਕੇ, ਜੋ ਕਿ ਸਾਡੇ ਲੋਕਤੰਤਰ ਦਾ ਆਦਰਸ਼ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਮੂਹ ਬੀ.ਐੱਲ.ਓਜ਼. ਆਪੋ-ਆਪਣੇ ਬੂਥਾਂ ‘ਤੇ ਬੈਠ ਰਹੇ ਹਨ ਤਾਂ ਜੋ ਵੋਟਰਾਂ ਨੂੰ ਵੱਖ-ਵੱਖ ਸੇਵਾਵਾਂ ਦੀ ਸੁਵਿਧਾ ਉਨ੍ਹਾਂ ਦੀਆਂ ਬਰੂਹਾਂ ‘ਤੇ ਮਿਲ ਸਕੇ । ਉਨ੍ਹਾਂ ਦੱਸਿਆ ਕਿ ਰਵੀਜ਼ਨ ਸ਼ਡਿਊਲ ਅਨੁਸਾਰ, 1 ਜਨਵਰੀ, 2024 ਨੂੰ ਜਾਂ ਇਸ ਤੋਂ ਪਹਿਲਾਂ 18 ਸਾਲ ਦੀ ਉਮਰ ਵਾਲਾ ਕੋਈ ਵੀ ਵਿਅਕਤੀ ਆਪਣੇ-ਆਪ ਨੂੰ ਵੋਟਰ ਵਜੋਂ ਰਜਿਸਟਰ ਕਰ ਸਕਦਾ ਹੈ।
ਉਨ੍ਹਾਂ ਕਿਹਾ ਕਿ ਸੁਧਾਈ ਦੇ ਕੰਮ ਨਾਲ ਸਬੰਧਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੱਧ ਤੋਂ ਵੱਧ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਨੂੰ ਤਰਜ਼ੀਹ ਦੇਣ ਲਈ ਕਿਹਾ ਗਿਆ ਹੈ ਤਾਂ ਜੋ ਕੋਈ ਵੀ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਬੂਥ ਲੈਵਲ ਕੈਂਪਾਂ ਵਿੱਚ ਪਹੁੰਚਣ ਵਾਲੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਯੋਗ ਨੌਜਵਾਨ ਬੱਚਿਆਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ । ਉਨ੍ਹਾਂ ਦੱਸਿਆ ਕਿ ਇਹ ਬੂਥ ਲੈਵਲ ਕੈਂਪ ਐਤਵਾਰ (3 ਦਸੰਬਰ 2023) ਨੂੰ ਲਗਾਏ ਜਾਣਗੇ।
ਇਸ ਦੌਰਾਨ ਸਾਕਸ਼ੀ ਸਾਹਨੀ ਨੇ ਬੂਥ ਲੈਵਲ ‘ਤੇ ਕੰਮ ਕਰ ਰਹੇ ਬੀਐੱਲਓਜ਼ ਕੋਲ ਜਮ੍ਹਾਂ ਹੋਏ ਫਾਰਮਾਂ ਦੀ ਪੜਤਾਲ ਕੀਤੀ ਅਤੇ ਇਹ ਹਦਾਇਤ ਕੀਤੀ ਕਿ ਕੈਂਪ ‘ਚ ਜਿਨੇ ਫਾਰਮ ਜਮ੍ਹਾਂ ਹੋਏ ਹਨ, ਉਨ੍ਹਾਂ ਦੀ ਬੂਥ ਲੈਵਲ ਰਿਪੋਰਟ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਕੈਂਪ ਤੋਂ ਤੁਰੰਤ ਬਾਅਦ ਜਮ੍ਹਾਂ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਦੀ ਸੋਧ ਅਤੇ ਨਵੀਂਆਂ ਵੋਟਾਂ ਬਣਾਉਣ ਲਈ ਚੋਣ ਕਮਿਸ਼ਨ ਵੱਲੋਂ ਬੀ.ਐਲ.ਓ ਲਈ ਵਿਕਸਿਤ ਕੀਤੀ ਗਈ ਐਪ ਦੀ ਵਰਤੋਂ ਕੀਤੀ ਜਾਵੇ, ਤਾਂ ਜੋ ਕੰਮ ‘ਚ ਹੋਰ ਤੇਜ਼ੀ ਆ ਸਕੇ। ਇਸ ਮੌਕੇ ਤਹਿਸੀਲਦਾਰ ਪਟਿਆਲਾ ਜਿਨਸੂ ਬਾਂਸਲ ਵੀ ਮੌਜੂਦ ਸਨ।