ਬੇਅੰਤ ਬਾਜਵਾ, ਲੁਧਿਆਣਾ 13 ਦਸੰਬਰ 2023
ਪੰਜਾਬ ‘ਚ ਵਿਜੀਲੈਂਸ ਬਿਊਰੋ ਨੇ ਫਰਜੀ ਡੀ ਫਾਰਮੇਸੀ ਦੀਆਂ ਡਿਗਰੀਆਂ ਹਾਸਿਲ ਕਰਨ ਵਾਲਿਆਂ , ਫਰਜੀ ਡਿਗਰੀਆਂ ਦੇਣ ਵਾਲੇ ਫਾਰਮੇਸੀ ਕਾਲਜਾਂ ਅਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੇ ਇਸ ਫਰਜੀਵਾੜੇ ਵਿੱਚ ਸ਼ਾਮਿਲ ਪੰਜਾਬ ਰਾਜ ਫਾਰਮੇਸੀ ਕੌਂਸਲ ਦੇ ਅਧਿਕਾਰੀਆਂ ਦੁਆਰਾ ਕਾਇਮ ਕੀਤੇ ਗੱਠਜੋੜ ਨੂੰ ਬੇਪਰਦ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਇਸ ਸਬੰਧੀ ਲੁਧਿਆਣਾ ਵਿਖੇ ਜਾਲੀ ਫਰਜੀ ਦਸਤਾਵੇਜ ਤਿਆਰ ਕਰਕੇ,ਧੋਖਾਧੜੀ ਕਰਨ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ। ਹੁਣ ਤੱਕ ਇਸ ਕੇਸ ਵਿੱਚ ਪੰਜਾਬ ਰਾਜ ਫਾਰਮੇਸੀ ਕੌਂਸਲ ਦੇ ਦੋ ਸਾਬਕਾ ਰਜਿਸਟਰਾਰਾਂ ਅਤੇ ਇੱਕ ਸੁਪਰਡੈਂਟ ਤੋਂ ਇਲਾਵਾ ਫਰਜੀ ਡਿਗਰੀਆਂ ਦੇ ਅਧਾਰ ਤੇ ਕੈਮਸਿਟ ਦੀਆਂ ਦੁਕਾਨਾਂ ਚਲਾ ਰਹੇ 9 ਕੈਮਿਸਟਾਂ ਨੂੰ ਵੀ ਗਿਰਫਤਾਰ ਕਰ ਲਿਆ ਹੈ। ਫਰਜੀ ਡਿਗਰੀਆਂ ਦੇਣ ਵਾਲੇ ਕਾਲਜਾਂ ਵਿੱਚ ਹੋਰਨਾਂ ਤੋਂ ਇਲਾਵਾਂ ਬਰਨਾਲਾ ਜਿਲ੍ਹੇ ਦੇ ਸ਼ਹਿਣਾ ਕਸਬੇ ਵਿੱਚ ਚੱਲ ਰਹੇ ਫਾਰਮੇਸੀ ਕਾਲਜ ਦਾ ਨਾਂ ਵੀ ਮੋਹਰੀ ਰੂਪ ਵਿੱਚ ਉੱਭਰਕੇ ਸਾਹਮਣੇ ਆਇਆ ਹੈ।
ਵਰਨਣਯੋਗ ਹੈ ਕਿ ਵਿਜੀਲੈਂਸ ਨੇ ਇਸ ਤੋਂ ਪਹਿਲਾਂ ਲੁਧਿਆਣਾ ਵਿੱਚ ਪੰਜਾਬ ਰਾਜ ਫਾਰਮੇਸੀ ਕੌਂਸਲ ਦੇ ਸਾਬਕਾ ਰਜਿਸਟਰਾਰ ਅਤੇ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਹ ਐਫਆਈਆਰ (ਪੀਐਸਪੀਸੀ) ਪ੍ਰਾਈਵੇਟ ਕਾਲਜਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਦਾਖ਼ਲੇ, ਰਜਿਸਟ੍ਰੇਸ਼ਨ ਅਤੇ ਡੀ-ਫ਼ਾਰਮੇਸੀ ਦੇ ਲਾਇਸੈਂਸ ਜਾਰੀ ਕਰਨ ਵਿੱਚ ਬੇਨਿਯਮੀਆਂ ਨੂੰ ਲੈ ਕੇ ਦਰਜ ਕੀਤੀ ਗਈ ਸੀ। ਇਸ ਮਾਮਲੇ ਵਿੱਚ ਪੀਐਸਪੀਸੀ ਦੇ ਸਾਬਕਾ ਰਜਿਸਟਰਾਰ ਪ੍ਰਵੀਨ ਕੁਮਾਰ ਭਾਰਦਵਾਜ ਅਤੇ ਡਾਕਟਰ ਤੇਜਵੀਰ ਸਿੰਘ ਸਮੇਤ ਸੁਪਰਡੈਂਟ ਅਸ਼ੋਕ ਕੁਮਾਰ ਦੋਵੇਂ ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ।
ਮਾਮਲੇ ਦੀ ਜਾਂਚ ਦੌਰਾਨ 143 ਜਾਅਲੀ ਸਰਟੀਫਿਕੇਟ ਪਾਏ ਗਏ ਹਨ। ਐਸ.ਐਸ.ਪੀ. ਰਵਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਾਂਚ ਦੌਰਾਨ ਆਈਪੀਸੀ ਦੀ ਧਾਰਾ 409 ਅਤੇ 467 ਦੇ ਨਾਲ-ਨਾਲ ਧਾਰਾ 7, 7-ਏ, 8, 13 (1) ਦੇ ਨਾਲ-ਨਾਲ ਧਾਰਾ 13 (2) ਆਈ. ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਵੀ ਮਾਮਲਾ ਦਰਜ ਕੀਤਾ ਗਿਆ ਹੈ। ਐਸ.ਐਸ.ਪੀ. ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਜਾਂਚ ਵਿੱਚ 2005 ਤੋਂ 2022 ਦਰਮਿਆਨ 143 ਵਿਦਿਆਰਥੀਆਂ ਦੇ ਫਰਜ਼ੀ ਸਰਟੀਫਿਕੇਟ ਸਾਹਮਣੇ ਆਏ। ਜਿਸ ਵਿੱਚ ਦਾਖਲਾ ਅਤੇ ਰਜਿਸਟ੍ਰੇਸ਼ਨ ਵਿੱਚ ਧੋਖਾਧੜੀ ਦਾ ਖੁਲਾਸਾ ਹੋਇਆ ਸੀ।
ਇਸ ਮਾਮਲੇ ਵਿੱਚ ਮੰਗਲਵਾਰ ਨੂੰ 9 ਫਾਰਮਾਸਿਸਟਾਂ ਨੂੰ ਨਾਮਜ਼ਦ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ।ਜਾਂਚ ਦੌਰਾਨ ਇਹ ਵੀ ਗੱਲ ਸਾਹਮਣੇ ਆਈ ਹੈ ਕਿ ਜਾਅਲੀ ਸਰਟੀਫਿਕੇਟਾਂ ਨਾਲ ਮੈਡੀਕਲ ਦੀਆਂ ਦੁਕਾਨਾਂ ਚੱਲ ਰਹੀਆਂ ਸਨ। ਪ੍ਰਾਈਵੇਟ ਫਾਰਮੇਸੀ ਕਾਲਜਾਂ ਦੇ ਮਾਲਕ/ਪ੍ਰਿੰਸੀਪਲ ਵੱਖ-ਵੱਖ ਸੰਸਥਾਵਾਂ ਤੋਂ PSPC ਤੋਂ ਜਾਅਲੀ 12ਵੀਂ ਸਰਟੀਫਿਕੇਟ, ਡੀ-ਫਾਰਮੇਸੀ ਸਰਟੀਫਿਕੇਟ ਅਤੇ ਜਾਅਲੀ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ ਕਰਕੇ ਰਿਸ਼ਵਤ ਦੀ ਕਮਾਈ ਕਰਦੇ ਪਾਏ ਗਏ ਹਨ।
ਵਿਜੀਲੈਂਸ ਨੇ ਮਾਮਲੇ ਦੀ ਜਾਂਚ ਦੌਰਾਨ ਜਾਅਲੀ ਸਰਟੀਫਿਕੇਟ ਵੀ ਹਾਸਲ ਕੀਤੇ ਹਨ। ਜਾਅਲੀ ਸਰਟੀਫਿਕੇਟਾਂ ਦੇ ਆਧਾਰ ‘ਤੇ ਕੈਮਸਿਟ ਦੀਆਂ ਦੁਕਾਨਾਂ ਚਲਾ ਰਹੇ ਮੁਲਜ਼ਮਾਂ ਵਿੱਚ ਉਮੇਸ਼ ਕੁਮਾਰ ਵਾਸੀ ਭਾਦਸੋਂ ਜ਼ਿਲ੍ਹਾ ਪਟਿਆਲਾ, ਮੁਹੰਮਦ ਅਸਲਮ ਵਾਸੀ ਮਾਲੇਰਕੋਟਲਾ ਸ਼ਹਿਰ, ਅਬਦੁਲ ਸਤਾਰ ਵਾਸੀ ਕੌਮੀ ਲਸੋਈ ਜ਼ਿਲ੍ਹਾ ਮਾਲੇਰਕੋਟਲਾ, ਮੁਹੰਮਦ ਮਨੀਰ ਵਾਸੀ ਪਿੰਡ ਬਿੰਜੋਕੀ ਖੁਰਦ ਜ਼ਿਲ੍ਹਾ ਮਾਲੇਰਕੋਟਲਾ, ਗੁਰਦੀਪ ਸਿੰਘ ਵਾਸੀ ਮੰਡੀ ਗੋਬਿੰਦਗੜ੍ਹ, ਪੁਨੀਤ ਸ਼ਰਮਾ ਵਾਸੀ ਬਹਾਦਰਗੜ੍ਹ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਇਲਾਵਾ ਰਵਿੰਦਰ ਕੁਮਾਰ ਵਾਸੀ ਜ਼ਿਲ੍ਹਾ ਪਟਿਆਲਾ, ਅਸ਼ੋਕ ਕੁਮਾਰ ਵਾਸੀ ਬਰਨਾਲਾ ਅਤੇ ਮਨਿੰਦਰ ਸਿੰਘ ਵਾਸੀ ਰਾਹੋਂ ਰੋਡ ਵੀ ਸ਼ਾਮਲ ਹਨ।
ਐਸਐਸਪੀ ਸੰਧੂ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਸਾਰੇ ਮੁਲਜ਼ਮਾਂ ਨੇ ਪ੍ਰਾਈਵੇਟ ਕਾਲਜਾਂ ਤੋਂ ਡੀ-ਫਾਰਮੇਸੀ ਦੀਆਂ ਡਿਗਰੀਆਂ ਹਾਸਲ ਕੀਤੀਆਂ ਸਨ। ਇਨ੍ਹਾਂ ਕਾਲਜਾਂ ਵਿੱਚ ਪੰਜਾਬ ਮਲਟੀਪਰਪਜ਼ ਮੈਡੀਕਲ ਇੰਸਟੀਚਿਊਟ ਸਹਿਣਾ ਜ਼ਿਲ੍ਹਾ ਬਰਨਾਲਾ, ਲਾਰਡ ਕ੍ਰਿਸ਼ਨਾ ਕਾਲਜ ਆਫ਼ ਫਾਰਮੇਸੀ ਲਹਿਰਾਗਾਗਾ, ਜ਼ਿਲ੍ਹਾ ਸੰਗਰੂਰ, ਓਮਕਾਰ ਕਾਲਜ ਆਫ਼ ਫਾਰਮੇਸੀ ਸਜੂਮਾ ਸੁਨਾਮ, ਜ਼ਿਲ੍ਹਾ ਸੰਗਰੂਰ, ਮਾਂ ਸਰਸਵਤੀ ਕਾਲਜ ਆਫ਼ ਫਾਰਮੇਸੀ ਅਬੋਹਰ ਜ਼ਿਲ੍ਹਾ ਫ਼ਾਜ਼ਿਲਕਾ, ਜੀ.ਐਚ.ਜੀ.ਫਾਰਮੇਸੀ ਰਾਏਕੋਟ, ਜ਼ਿਲ੍ਹਾ ਲੁਧਿਆਣਾ ਅਤੇ ਲਾਲਾ ਲਾਜਪਤ ਰਾਏ ਕਾਲਜ ਆਫ਼ ਫਾਰਮੇਸੀ ਮੋਗਾ ਦੇ ਨਾਮ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਨੂੰ ਕਾਨੂੰਨੀ ਕਾਰਵਾਈ ਦੇ ਅਮਲ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹੁਣ ਉਹ PSPC ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਕਲਰਕਾਂ ਦੀ ਜਾਂਚ ਕਰੇਗੀ।ਐਸਐਸਪੀ ਸੰਧੂ ਨੇ ਦੱਸਿਆ ਕਿ ਡੀ-ਫਾਰਮੇਸੀ ਸੰਸਥਾਵਾਂ ਵਿੱਚ ਖਾਲੀ ਪਈਆਂ ਸੀਟਾਂ ਨੂੰ ਭਰਨ ਲਈ ਪ੍ਰਾਈਵੇਟ ਕਾਲਜਾਂ ਦੇ ਮਾਲਕਾਂ ਨੇ ਕਥਿਤ ਤੌਰ ‘ਤੇ ਉਪਰੋਕਤ ਰਜਿਸਟਰਾਰਾਂ ਅਤੇ ਪੀਐਸਪੀਸੀ ਦੇ ਅਧਿਕਾਰੀਆਂ ਨਾਲ ਮਿਲੀਭੁਗਤ ਕਰਕੇ ਲਾਜ਼ਮੀ ਮਾਈਗ੍ਰੇਸ਼ਨ ਸਰਟੀਫਿਕੇਟ ਪ੍ਰਾਪਤ ਕੀਤੇ ਬਿਨਾਂ ਵਿਦਿਆਰਥੀ ਦੂਜੇ ਰਾਜਾਂ ਤੋਂ ਰਿਸ਼ਵਤ ਲੈ ਕੇ ਦਾਖਲਾ ਦਿੱਤਾ ਗਿਆ ਹੈ।
ਜਿਕਰਯੋਗ ਹੈ ਕਿ ਡੀ-ਫਾਰਮੇਸੀ ਕੋਰਸ ਵਿੱਚ ਦਾਖਲਾ ਲੈਣ ਲਈ ਮੈਡੀਕਲ ਜਾਂ ਨਾਨ-ਮੈਡੀਕਲ ਸਟਰੀਮ ਵਿੱਚ 12ਵੀਂ ਦੀ ਵਿਦਿਅਕ ਯੋਗਤਾ ਲੋੜੀਂਦੀ ਹੋਣੀ ਚਾਹੀਦੀ ਹੈ ਅਤੇ ਇਹ ਨਿਯਮਤ ਕਲਾਸਾਂ ਅਤੇ ਸਾਇੰਸ ਪ੍ਰੈਕਟੀਕਲਾਂ ਵਿੱਚ ਸ਼ਾਮਲ ਹੋ ਕੇ ਪਾਸ ਕੀਤੀ ਜਾਣੀ ਚਾਹੀਦੀ ਹੈ।