ਅਸ਼ੋਕ ਵਰਮਾ , ਬਠਿੰਡਾ 12 ਜਨਵਰੀ 2024
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਪਟਵਾਰੀ ਜਗਜੀਤ ਸਿੰਘ, ਮਾਲ ਹਲਕਾ ਕਲਿਆਣ ਸੁੱਖਾ, ਜਿਲ੍ਹਾ ਬਠਿੰਡਾ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਗ੍ਰਿਫਤਾਰ ਕੀਤਾ ਗਿਆ ਹੈ। ਨਵੇਂ ਸਾਲ ਦਾ ਇਹ ਪਹਿਲਾ ਮਾਮਲਾ ਹੈ , ਜਿਸ ਦੌਰਾਨ ਪਟਵਾਰੀ ਨੇ ਰਿਸ਼ਵਤ ਲਈ ਅਤੇ ਵਿਜੀਲੈਂਸ ਦੇ ਜਾਲ ਵਿੱਚ ਫਸ ਗਿਆ। ਵਿਜੀਲੈਂਸ ਹੁਣ ਇਸ ਵੱਢੀਖੋਰ ਪਟਵਾਰੀ ਦੇ ਸਹਾਇਕ ਨੂੰ ਲੱਭਣ ’ਚ ਜੁਟ ਗਈ ਹੈ। ਜਿਸ ਦੀ ਗ੍ਰਿਫਤਾਰੀ ਤੋਂ ਬਾਅਦ ਮਾਲ ਹਲਕੇ ’ਚ ਹੁੰਦੀ ਰਹੀ ਚੱਕ ਥੱਲ ਦੇ ਹੋਰ ਵੀ ਭੇਦ ਖੁੱਲ੍ਹਣ ਦੇ ਆਸਾਰ ਹਨ। ਵਿਜੀਲੈਂਸ ਨੂੰ ਵੀ ਉਮੀਦ ਹੈ ਕਿ ਪਟਵਾਰੀ ਜਗਜੀਤ ਸਿੰਘ ਦਾ ਸਹਾਇਕ ਬੇਅੰਤ ਸਿੰਘ ਆਪਣੇ ਸਾਥੀ ਦੇ ਰਾਜ਼ ਖੋਹਲ ਸਕਦਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਜਗਜੀਤ ਸਿੰਘ ਦੀ ਗ੍ਰਿਫਤਾਰੀ ਕੁਲਦੀਪ ਸਿੰਘ, ਵਾਸੀ ਪਿੰਡ ਕਲਿਆਣ ਸੁੱਖਾ, ਜਿਲ੍ਹਾ ਬਠਿੰਡਾ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ ਤੇ ਗ੍ਰਿਫਤਾਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਪਿੰਡ ਕਲਿਆਣ ਸੁੱਖਾ ਵਿਖੇ ਕਰੀਬ 6 ਏਕੜ ਵਾਹੀਯੋਗ ਜਮੀਨ ਸਾਂਝੇ ਖਾਤੇ ਦੀ ਹੈ ਅਤੇ ਉਹ ਆਪਣੇ ਹਿੱਸੇ ਆਉਂਦੀ ਇਸ ਜਮੀਨ ਵਿੱਚੋਂ 2 ਕਨਾਲਾਂ ਜਮੀਨ ਦਾ ਤਬਾਦਲਾ ਦੂਸਰੀ ਧਿਰ ਨਾਲ ਕਰਵਾਉਣਾ ਚਾਹੁੰਦਾ ਸੀ।
ਇਸ ਸੰਬੰਧੀ ਪਟਵਾਰੀ ਜਗਜੀਤ ਸਿੰਘ ਅਤੇ ਉਸਦੇ ਪ੍ਰਾਈਵੇਟ ਸਹਾਇਕ ਬੇਅੰਤ ਸਿੰਘ ਨੇ ਇਹ ਕੰਮ ਕਰਨ ਬਦਲੇ ਮੁੱਦਈ ਕੁਲਦੀਪ ਸਿੰਘ ਪਾਸੋਂ 12 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਜ਼ੋਰ ਪਾਉਣ ਪਿੱਛੋਂ ਸੌਦਾ 10,000 ਰੁਪਏ ਵਿੱਚ ਹੋ ਗਿਆ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕੁੱਝ ਦਿਨ ਪਹਿਲਾਂ ਇਹੀ ਪਟਵਾਰੀ ਇਸੇ ਜਮੀਨ ਤੇ ਬੈਂਕ ਲਿਮਟ ਨੂੰ ਫੱਕ ਕਰਨ ਬਦਲੇ ਉਸ ਕੋਲੋਂ 10 ਹਜ਼ਾਰ ਰੁਪਏ ਰਿਸ਼ਵਤ ਹਾਸਲ ਕਰ ਚੁੱਕਾ ਹੈ। ਬੁਲਾਰੇ ਨੇ ਦੱਸਿਆ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਬਠਿੰਡਾ ਨੇ ਜਾਲ ਵਿਛਾਇਆ ਸੀ
ਅੱਜ ਜਦੋਂ ਪਟਵਾਰੀ ਜਗਜੀਤ ਸਿੰਘ ਨੇ ਸ਼ਿਕਾਇਤਕਰਤਾ ਪਾਸੋਂ 10 ਹਜ਼ਾਰ ਰੁਪਏ ਰਿਸ਼ਵਤ ਲਈ ਤਾਂ ਘਾਤ ਲਗਾਕੇ ਬੈਠੀ ਵਿਜੀਲੈਂਸ ਦੀ ਟੀਮ ਨੇ ਮੁਲਜਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਮੌਕੇ ਤੇ ਰੰਗੇ ਹੱਥੀਂ ਦਬੋਚ ਲਿਆ। ਇਸ ਪਟਵਾਰੀ ਦੇ ਪ੍ਰਾਈਵੇਟ ਸਹਾਇਕ ਬੇਅੰਤ ਸਿੰਘ ਦੀ ਗ੍ਰਿਫਤਾਰੀ ਲਈ ਯਤਨ ਕੀਤੇ ਜਾ ਰਹੇ ਹਨ। ਇਸ ਕੇਸ ਵਿੱਚ ਦੋਵਾਂ ਮੁਲਜਮਾਂ ਖਿਲਾਫ ਥਾਣਾ ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।