ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਕਰ ਲਿਆ ਫੈਸਲਾ
ਹਰਿੰਦਰ ਨਿੱਕਾ, ਬਰਨਾਲਾ 15 ਜਨਵਰੀ 2024
ਇੱਕ ਪਾਸੇ ਪ੍ਰਸ਼ਾਸ਼ਨ ਵੱਲੋਂ ਪਰਜਾ ਮੰਡਲ ਲਹਿਰ ਦੇ ਮੋਢੀ ਅਮਰ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੇ ਸ਼ਹੀਦੀ ਦਿਹਾੜੇ ਮੌਕੇ 19 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਨੂੰ ਲੈ ਕੇ ਇੱਕ ਜ਼ੋਰਦਾਰ ਤਿਆਰੀਆਂ ਵਿੱਢੀਆਂ ਹੋਈਆਂ ਹਨ। ਉੱਥੇ ਹੀ ਦੂਜੇ ਪਾਸੇ ਇਲਾਕੇ ਦੇ ਕਿਸਾਨਾਂ ਨੇ ਮੁੱਖ ਮੰਤਰੀ ਦੀ ਆਮਦ ਮੌਕੇ, ਕਾਲੀਆਂ ਝੰਡੀਆਂ ਦਿਖਾ ਕੇ, ਉਨ੍ਹਾਂ ਦਾ ਵਿਰੋਧ ਕਰਨ ਦਾ ਐਲਾਨ ਕਰਕੇ, ਪ੍ਰਸ਼ਾਸ਼ਨ ਨੂੰ ਮੁਸੀਬਤ ਖੜ੍ਹੀ ਕਰ ਦਿੱਤੀ ਹੈ। ਇਹ ਐਲਾਨ, ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਬਰਨਾਲਾ ਦੀ ਮਹੀਨਾਵਾਰ ਹੋਈ ਬਲਾਕ ਪੱਧਰੀ ਮੀਟਿੰਗ ‘ਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਬਾਬੂ ਸਿੰਘ ਖੁੱਡੀਕਲਾਂ ਨੇ ਕਰ ਦਿੱਤਾ ਹੈ। ਇਹ ਮੀਟਿੰਗ ਗੁਰਦੁਆਰਾ ਕਾਲਾ ਮਹਿਰ ਵਿਖੇ ਹੋਈ।
ਮੀਟਿੰਗ ਦੀ ਕਾਰਵਾਈ ਮੀਡੀਆਂ ਨੂੰ ਜ਼ਾਰੀ ਕਰਦਿਆਂ ਜਥੇਬੰਦੀ ਦੇ ਜਨਰਲ ਸਕੱਤਰ ਕੁਲਵਿੰਦਰ ਸਿੰਘ ਉਪਲੀ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੇ ਪਿੰਡ ਕੁੱਲਰੀਆਂ ਦੇ ਅਬਾਦਕਾਰ ਕਿਸਾਨਾਂ ਦੇ ਜ਼ਮੀਨ ਦੀ ਰਾਖੀ ਲਈ ਡੀਐਸਪੀ ਬੁਢਲਾਡਾ ਦੇ ਦਫ਼ਤਰ ਅੱਗੇ ਚੱਲ ਰਹੇ ਪੱਕੇ ਮੋਰਚੇ ਸਬੰਧੀ ਵਿਚਾਰ ਚਰਚਾ ਕੀਤੀ ਗਈ । ਫ਼ੈਸਲਾ ਕੀਤਾ ਗਿਆ ਕਿ ਕੁੱਲਰੀਆਂ ਦਾ ਸਰਪੰਚ ਪੁਲਿਸ ਪ੍ਰਸ਼ਾਸਨ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਬੁੱਧ ਰਾਮ ਦੀ ਮਿਲੀਭੁਗਤ ਨਾਲ 50 ਸਾਲ ਤੋਂ ਵੀ ਵੱਧ ਸਮੇਂ ਤੋਂ ਕਾਨੂੰਨਨ ਤੌਰ ‘ਤੇ ਕਾਬਜ਼ ਕਿਸਾਨਾਂ ਨੂੰ ਜ਼ਬਰੀ ਉਜਾੜਨ ਤੇ ਤੁਲਿਆ ਹੋਇਆ ਹੈ। ਅਬਾਦਕਾਰ ਕਿਸਾਨਾਂ ਉੱਤੇ ਗੁੰਡਾਢਾਣੀ ਵੱਲੋਂ ਹਮਲੇ ਵੀ ਕਰਵਾ ਰਿਹਾ ਹੈ। ਪੁਲਿਸ ਮੂਕ ਦਰਸ਼ਕ ਬਣੀ ਹੋਈ ਹੈ।
ਉਨਾਂ ਦੱਸਿਆ ਕਿ ਡੀਐਸਪੀ ਬੁਢਲਾਡਾ ਦੇ ਦਫ਼ਤਰ ਅੱਗੇ ਚੱਲ ਰਿਹਾ ਮੋਰਚਾ 11 ਵੇਂ ਦਿਨ ਵਿੱਚ ਦਾਖ਼ਲ ਹੋਣ ਦੇ ਬਾਵਜੂਦ ਪੁਲਿਸ ਟੱਸ ਤੋਂ ਮੱਸ ਨਹੀਂ ਹੋਈ। ਇਸ ਲਈ ਹੁਣ ਜਥੇਬੰਦੀ ਨੇ ਫੈਸਲਾ ਕੀਤਾ ਹੈ ਕਿ 19 ਜਨਵਰੀ ਨੂੰ ਪਰਜਾ ਮੰਡਲ ਲਹਿਰ ਦੇ ਮੋਢੀ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੇ 90 ਵੇਂ ਸ਼ਹੀਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਨ ਕੀਤਾ ਜਾਵੇਗਾ । ਇਸ ਸਮੇਂ ਬਲਾਕ ਖਜ਼ਾਨਚੀ ਗੋਪਾਲ ਕ੍ਰਿਸ਼ਨ ਹਮੀਦੀ, ਕੁਲਵੰਤ ਸਿੰਘ ਹੰਢਿਆਇਆ, ਹਰਪਾਲ ਸਿੰਘ ਪਾਲੀ ਹੰਡਿਆਇਆ, ਸਤਨਾਮ ਸਿੰਘ ਸੰਧੂ ਪੱਤੀ, ਗੁਰਮੀਤ ਸਿੰਘ ਨੰਬਰਦਾਰ ਸੰਧੂ ਪੱਤੀ, ਬਲਵੰਤ ਸਿੰਘ ਠੀਕਰੀਵਾਲਾ, ਜਸਵੰਤ ਹੰਡਿਆਇਆ, ਜਗਰਾਜ ਸਿੰਘ ਹਮੀਦੀ ਅਤੇ ਹੋਰ ਇਕਾਈਆਂ ਦੇ ਆਗੂਆਂ ਨੇ 6 ਜਨਵਰੀ ਤੋਂ ਡੀਐਸਪੀ ਬੁਢਲਾਡਾ ਦੇ ਦਫ਼ਤਰ ਅੱਗੇ ਚੱਲ ਰਹੇ ਪੱਕੇ ਮੋਰਚੇ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਜਾਰੀ ਰੱਖਣ ਦਾ ਵਿਸ਼ਵਾਸ ਦਿਵਾਇਆ।