ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਹੋਵੇਗਾ ਬਠਿੰਡਾ ਵਿਖੇ ਲੱਗਣ ਵਾਲਾ ਵਿਰਾਸਤੀ ਮੇਲਾ

Advertisement
Spread information

ਅਸ਼ੋਕ ਵਰਮਾ, ਬਠਿੰਡਾ 16 ਜਨਵਰੀ 2024

     ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਤੇ ਪੰਜਾਬੀਅਤ ਦੇ ਪੁਰਾਣੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਪੁਰਾਣੀ ਵਿਰਾਸਤ ਦੀ ਸਾਂਭ-ਸੰਭਾਲ ਲਈ ਕੰਮ ਕਰ ਰਹੀ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਸਹਿਯੋਗ ਨਾਲ ਇੱਥੇ ਸਥਿਤ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ 9, 10 ਅਤੇ 11 ਫਰਵਰੀ 2024 ਨੂੰ ਵਿਰਾਸਤੀ ਮੇਲਾ ਕਰਵਾਇਆ ਜਾ ਰਿਹਾ। ਇਹ 17 ਵਾਂ ਵਿਰਾਸਤੀ ਮੇਲਾ ਇਸ ਵਾਰ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਇਸ ਮੇਲੇ ਦੀਆਂ ਅਗਾਊਂ ਤਿਆਰੀਆਂ ਸਬੰਧੀ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਅਹੁੱਦੇਦਾਰਾਂ ਅਤੇ ਅਧਿਆਰੀਆਂ ਨਾਲ ਮੀਟਿੰਗ ਕੀਤੀ ਅਤੇ ਪ੍ਰਬੰਧਾਂ ਲਈ ਉਨ੍ਹਾਂ ਮੇਲਾ ਪ੍ਰਬੰਧਕਾਂ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ। ਇਸ ਮੌਕੇ ਸਨਮਾਨ ਕਰਨ ਹਿੱਤ ਭੇਂਟ ਕੀਤੀ ਜਾਣ ਵਾਲੀ ਲੋਈ ਦਾ ਡਿਜਾਇਨ ਵੀ ਜਾਰੀ ਕੀਤਾ ਗਿਆ।        ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ  ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਕਰਵਾਇਆ ਜਾ ਰਿਹਾ ਇਹ ਵਿਰਾਸਤੀ ਮੇਲਾ ਨੌਜਵਾਨ ਪੀੜ੍ਹੀ ਨੂੰ ਪੁਰਾਣੇ ਸੱਭਿਆਚਾਰ ਅਤੇ ਪੁਰਾਣੀ ਵਿਰਾਸਤ ਸਬੰਧੀ ਜਾਣਕਾਰੀ ਦੇਣ ਲਈ ਸਹਾਈ ਸਿੱਧ ਹੋਵੇਗਾ। ਉਨ੍ਹਾਂ ਇਸ ਮੇਲੇ ਦੀਆਂ ਅਗਾਊਂ ਤਿਆਰੀਆਂ ਸਬੰਧੀ ਵਿਰਾਸਤੀ ਪਿੰਡ ਜੈਪਾਲਗੜ੍ਹ ਦੀ ਸਾਫ਼-ਸਫ਼ਾਈ, ਡਾਕਟਰੀ ਟੀਮਾਂ, ਪੀਣ ਵਾਲੇ ਪਾਣੀ, ਬੈਰੀਕੇਟਿੰਗ, ਨਿਰਵਿਘਨ ਬਿਜਲੀ ਸਪਲਾਈ ਤੋਂ ਇਲਾਵਾ ਟਰੈਫ਼ਿਕ ਸਬੰਧੀ ਸੁਚੱਜੇ ਪ੍ਰਬੰਧ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਅਗਾਊਂ ਲੋੜੀਂਦੇ ਪ੍ਰਬੰਧ ਕਰਨ ਲਈ ਨਿਰਦੇਸ਼ ਦਿੱਤੇ।  ਇਸ ਮੌਕੇ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਪ੍ਰਧਾਨ ਹਰਵਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਇਸ ਵਾਰ ਦਾ ਮੇਲਾ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਹੋਵੇਗਾ।ਮੇਲੇ ਦੀ ਸ਼ੁਰੂਆਤ 9 ਫਰਵਰੀ ਨੂੰ ਸਵੇਰੇ ਗੁਰੂਦੁਆਰਾ ਹਾਜੀ ਰਤਨ ਵਿਖੇ ਅਰਦਾਸ ਕਰਵਾਉਣ ਉਪਰੰਤ ਦਰਗਾਹ ਤੇ ਚਾਦਰ ਚੜ੍ਹਾਉਣ ਨਾਲ ਹੋਵੇਗੀ।
   ਇਸ ਮੌਕੇ ਇੱਥੋਂ ਹੀ ਵਿਰਾਸਤੀ ਜਲੂਸ ਕੱਢਿਆ ਜਾਵੇਗਾ । ਜਿਸ ਵਿੱਚ ਪੁਰਾਤਨ ਤੇ ਵਿਰਾਸਤੀ ਵਸਤਾਂ ਤੋਂ ਇਲਾਵਾ ਵੱਖ-ਵੱਖ ਰਾਜਾਂ ਦੇ ਸੱਭਿਆਚਾਰ ਨੂੰ ਦਰਸਾਉਂਦੀਆਂ ਹੋਈਆਂ ਪ੍ਰਦਰਸ਼ਨੀਆਂ ਸ਼ਾਮਲ ਹੋਣਗੀਆ। ਇਹ ਵਿਰਾਸਤੀ ਜਲੂਸ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਪਹੁੰਚੇਗਾ। ਇਸ ਉਪਰੰਤ ਇੱਥੇ ਵਿਰਾਸਤੀ ਮੇਲਾ ਸ਼ੁਰੂ ਹੋਵੇਗਾ ਜੋ ਲਗਾਤਾਰ 11 ਫ਼ਰਵਰੀ ਤੱਕ ਚੱਲੇਗਾ। ਇਸ ਵਿਰਾਸਤੀ ਮੇਲੇ ਦੌਰਾਨ ਵੱਖ-ਵੱਖ ਰਾਜਾਂ ਨਾਲ ਸਬੰਧਤ ਸੱਭਿਆਚਾਰਕ ਵੰਨਗੀਆਂ, ਨਾਟਕਾਂ ਤੋਂ ਇਲਾਵਾ ਪ੍ਰਸਿੱਧ ਗਾਇਕਾਂ ਵਲੋਂ ਆਪਣੀ ਕਲਾਂ ਦਾ ਪ੍ਰਦਰਸ਼ਨ ਵੀ ਕੀਤਾ ਜਾਵੇਗਾ। ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਪੰਕਜ ਤੋਂ ਇਲਾਵਾ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਵੱਲੋਂ ਇੰਦਰਜੀਤ ਸਿੰਘ, ਚਮਕੌਰ ਮਾਨ, ਗੁਰਅਵਤਾਰ ਸਿੰਘ ਗੋਗੀ, ਰਾਮ ਪ੍ਰਕਾਸ਼ ਜਿੰਦਲ, ਗੁਰਮੀਤ ਸਿੰਘ ਸਿੱਧੂ ਆਦਿ ਨੁਮਾਇੰਦਿਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।  

Advertisement
Advertisement
Advertisement
Advertisement
Advertisement
Advertisement
error: Content is protected !!