ਨਿਊਜ ਨੈਟਵਰਕ, ਨਵੀਂ ਦਿੱਲੀ 23 ਜਨਵਰੀ 2024
ਸਾਲ 1993 ਵਿੱਚ ਹੋਏ ਦਿੱਲੀ ਬੰਬ ਧਮਾਕਿਆਂ ਦੇ ਦੋਸ਼ ‘ਚ ਉਮਰ ਕੈਦ ਦੀ ਸਜਾ ਭੋਗ ਰਹੇ ਦੋਸ਼ੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ (1993 Delhi Bomb Blast Convict Davinder Pal Bhullar )ਦੀ ਮਾਨਸਿਕ ਹਾਲਤ ਠੀਕ ਨਾ ਹੋਣ ਦੀ ਵਜ੍ਹਾ ਕਾਰਣ, ਸਮੇਂ ਤੋਂ ਪਹਿਲਾਂ ਉਸ ਦੀ ਰਿਹਾਈ ਲਈ ਦਿੱਲੀ ਸਰਕਾਰ ਦਾ ਦਿਲ ਨਹੀਂ ਪੰਘਰਿਆ। ਦਿੱਲੀ ਸਰਕਾਰ ਨੇ ਭੁੱਲਰ ਦੀ ਰਿਹਾਈ ਦੀ ਅਰਜੀ ਰੱਦ ਕਰ ਦਿੱਤੀ ਹੈ। ਦਿੱਲੀ ਸਰਕਾਰ ਦਾ ਇਹ ਫੈਸਲਾ ਆਉਂਦਿਆਂ ਹੀ ਕੜਾਕੇ ਦੀ ਠੰਡ ਵਿੱਚ ਵੀ ਪੰਜਾਬ ਦੀ ਸਿਆਸਤ ‘ਚ ਕਾਫੀ ਗਰਮੀ ਆਉਣ ਦੀ ਸੰਭਾਵਨਾ ਹੈ। ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪ੍ਰੋਫੈਸਰ ਭੁੱਲਰ ਦੀ ਰਿਹਾਈ ਲਈ ਅਰਜੀ ਰੱਦ ਕਰਨ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਤਿੱਖਾ ਹਮਲਾ ਬੋਲਿਆ ਹੈ। ਸ਼ੋਸ਼ਲ ਮੀਡੀਆ ਪੋਸਟ ਵਿੱਚ ਸੁਖਬੀਰ ਬਾਦਲ ਨੇ ਅਰਜੀ ਰੱਦ ਕਰਨ ਨੂੰ ਸਿੱਖਾਂ ਦੇ ਅੱਲ੍ਹੇ ਜਖਮਾਂ ਉੱਤੇ ਲੂਣ ਛਿੜਕਣਾ ਕਿਹਾ ਹੈ। ਉਨ੍ਹਾਂ ਕਿਹਾ ਕਿ 29 ਸਾਲ ਤੱਕ ਕੈਦ ਵਿੱਚ ਰੱਖਣ ਤੋਂ ਬਾਅਦ ਵੀ ਰਿਹਾਈ ਨਾ ਦੇ ਕੇ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਮਾਨਵਤਾ ਦੇ ਖਿਲਾਫ ਘੋਰ ਅਪਰਾਧ ਕੀਤਾ ਹੈ। ਇਸ ਨੂੰ ਸਿੱਖ ਕੌਮ ਕਦੇ ਵੀ ਸਹਿਣ ਨਹੀਂ ਕਰੇਗੀ।
ਕੀ ਐ ਪ੍ਰੋਫੈਸਰ ਭੁੱਲਰ ਤੇ ਦੋਸ਼
11 ਸਤੰਬਰ, 1993 ਨੂੰ ਦਿੱਲੀ ਦੇ ਰਾਏਸੀਨਾ ਰੋਡ ‘ਤੇ ਯੂਥ ਕਾਂਗਰਸ ਦੇ ਮੁੱਖ ਦਫ਼ਤਰ ਨੇੜੇ ਹੋਏ ਹੋਏ ਬੰਬ ਧਮਾਕੇ ‘ਚ 9 ਲੋਕ ਮਾਰੇ ਗਏ ਸਨ ਅਤੇ 30 ਹੋਰ ਜ਼ਖ਼ਮੀ ਵੀ ਹੋ ਗਏ ਸਨ।
ਅੰਮ੍ਰਿਤਸਰ ਦੇ ਦਵਿੰਦਰਪਾਲ ਸਿੰਘ ਭੁੱਲਰ ਨੂੰ 2011 ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ, ਇਸ ਨੂੰ 2014 ਵਿੱਚ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ ਅਤੇ ਫਿਰ 2015 ਵਿੱਚ ਤਿਹਾੜ ਤੋਂ ਅੰਮ੍ਰਿਤਸਰ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ।
ਦੱਸਣਾ ਜ਼ਰੂਰੀ ਹੈ ਕਿ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਦਿਆਲਪੁਰ ਦੇ ਵਸਨੀਕ ਦਵਿੰਦਰ ਪਾਲ ਸਿੰਘ ਭੁੱਲਰ ਨੂੰ ਇਸ ਧਮਾਕੇ ਲਈ ਜ਼ਿੰਮੇਵਾਰ ਮੰਨਿਆ ਗਿਆ ਸੀ ਅਤੇ ਉਸ ਨੂੰ 2011 ਵਿੱਚ ਮੌਤ ਦੀ ਸਜਾ ਸੁਣਾਈ ਗਈ ਸੀ। ਬਾਅਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਹੋਰ ਸਿੱਖ ਜਥੇਬੰਦੀਆਂ ਦੇ ਯਤਨਾਂ ਸਦਕਾ ਸੁਪਰੀਮ ਕੋਰਟ ਵਿੱਚ ਸੁਣਵਾਈ ਵਿੱਚ ਦੇਰੀ ਅਤੇ ਸਿਹਤ ਕਾਰਨਾਂ ਕਰਕੇ ਭੁੱਲਰ ਦੀ ਫਾਂਸੀ ਦੀ ਸਜ਼ਾ ਨੂੰ 2014 ਵਿੱਚ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਪਹਿਲਾਂ ਉਹ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਸੀ, ਪਰ ਸਿਹਤ ਕਾਰਨਾਂ ਕਰਕੇ ਉਸ ਨੂੰ 2015 ਵਿੱਚ ਇੱਕ ਵਿਸ਼ੇਸ਼ ਪ੍ਰਬੰਧ ਤਹਿਤ ਅੰਮ੍ਰਿਤਸਰ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਉਦੋਂ ਤੋਂ ਉਹ ਉਥੇ ਆਪਣੀ ਸਜ਼ਾ ਕੱਟ ਰਿਹਾ ਹੈ।