ਅਸ਼ੋਕ ਵਰਮਾ, ਬਠਿੰਡਾ 26 ਜਨਵਰੀ 2024
ਕੌਮੀ ਸੰਯੁਕਤ ਕਿਸਾਨ ਮੋਰਚਾ ਵੱਲੋਂ ਗਣਤੰਤਰਤਾ ਦਿਵਸ ਦੇ ਮੌਕੇ ਜ਼ਿਲ੍ਹਾ ਹੈਡਕੁਆਰਟਰਾਂ ਤੇ ਟਰੈਕਟਰਾਂ ਨਾਲ ਪਰੇਡ ਕਰਨ ਦਾ ਸੱਦੇ ਤਹਿਤ ਜਿਲ੍ਹੇ ਦੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਾਰਕੁੰਨਾਂ ਨੇ ਅੱਜ ਬਠਿੰਡਾ ਸ਼ਹਿਰ ਦੀਆਂ ਸੜਕਾਂ ’ਤੇ ਸੈਂਕੜਿਆਂ ਦੀ ਗਿਣਤੀ ਵਿੱਚ ਟਰੈਕਟਰਾਂ ਨਾਲ ਕੀਤੀ ਪਰੇਡ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਸ਼ੀਸ਼ਾ ਦਿਖਾਇਆ ਅਤੇ ਕਿਸਾਨਾਂ ਦੀ ਮੰਗਾਂ ਪ੍ਰਵਾਨ ਕਰਨ ਦੀ ਮੰਗ ਕੀਤੀ। ਭਾਵੇਂ ਅੱਜ ਕਈ ਦਿਨਾਂ ਬਾਅਦ ਸੂਰਜ ਦੇ ਦਰਸ਼ਨ ਹੋਣ ਕਾਰਨ ਮੌਸਮ ’ਚ ਕੁੱਝ ਨਿਘਾਸ ਰਹੀ ਪਬ ਟਰੈਕਟਰ ਚੱਲ ਦੌਰਾਨ ਵੱਜਦੇ ਸਰਦ ਹਵਾ ਦੇ ਬੁੱਲਿ੍ਹਆਂ ਦੇ ਬਾਵਜੂਦ ਟਰੈਕਟਰ ਮਾਰਚ ’ਚ ਸ਼ਾਮਲ ਕਿਸਾਨਾਂ ਦਾ ਜਲੌਅ ਕਾਇਮ ਦਿਖਾਈ ਦਿੱਤਾ। ਕਿਸਾਨਾਂ ਨੇ ਸਰਕਾਰਾਂ ਨੂੰ ਇਸ ਮਾਰਚ ਦੀ ਰੌਸ਼ਨੀ ’ਚ ਕਿਸਾਨ ਮੰਗਾਂ ਦੇ ਨਾਲ ਨਾਲ ਕੰਧ ਤੇ ਲਿਖਿਆ ਪੜ੍ਹਨ ਦੀ ਨਸੀਹਤ ਵੀ ਦਿੱਤੀ ।
ਇਕੱਠ ਨੂੰ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂ ਕੇ,ਜਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਜਿਲਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਤੇ ਔਰਤ ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ ਹਰਿੰਦਰ ਕੌਰ ਬਿੰਦੂ ਨੇ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਦਿੱਲੀ ਮੋਰਚੇ ਦੀ ਸਮਾਪਤੀ ਤੋਂ ਬਾਅਦ ਕੇਂਦਰ ਸਰਕਾਰ ਨੇ ਮੋਰਚੇ ਦੀਆਂ ਫਸਲਾਂ ਦੀ ਲਾਭਕਾਰੀ ਐੱਮ ਐੱਸ ਪੀ ਦੀ ਕਾਨੂੰਨੀ ਗਾਰੰਟੀ , ਅਜੈ ਮਿਸ਼ਰਾ ਤੇ ਪਰਚਾ ਦਰਜ਼ ਕਰ ਕੇ ਜੇਲ੍ਹ ਵਿੱਚ ਬੰਦ ਅਤੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ ਦੇਣ, ਦਿੱਲੀ ਅੰਦੋਲਨ ਵੇਲੇ ਕਿਸਾਨਾਂ ਸਿਰ ਮੜ੍ਹੇ ਪੁਲਸ ਕੇਸ ਰੱਦ ਕਰਨ, ਦਿੱਲੀ ਅੰਦੋਲਨ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਮੁਆਵਜ਼ਾ ਤੇ ਨੌਕਰੀ ਦੇਣ ਤੋਂ ਇਲਾਵਾ ਬਿਜਲੀ ਬਿੱਲ 2020 ਰੱਦ ਅਤੇ ਬਿਜਲੀ ਖੇਤਰ ਦਾ ਨਿੱਜੀਕਰਨ ਰੋਕਣ ਵਰਗੀਆਂ ਮੰਗਾਂ ਮੰਨੀਆਂ ਸਨ ਜੋ ਅਜੇ ਤੱਕ ਲਾਗੂ ਨਹੀਂ ਕੀਤੀਆਂ ਗਈਆਂ ਹਨ।
ਉਹਨਾਂ ਕਿਹਾ ਕਿ ਇਹ 26 ਜਨਵਰੀ ਦੀ ਪਰੇਡ ਦਿੱਲੀ ਮੋਰਚੇ ਦੌਰਾਨ 26 ਜਨਵਰੀ 2020 ਦੀ ਇਤਿਹਾਸਿਕ ਪਰੇਡ ਦੇ ਸਨਮੁਖ ਕੀਤੀ ਗਈ ਹੈ । ਕਿਸਾਨ ਆਗੂਆਂ ਨੇ ਕਿਹਾ ਕਿ 16 ਫਰਵਰੀ ਨੂੰ ਸਨਅਤੀ ਕਾਮਿਆਂ ਵੱਲੋਂ ਦੇਸ਼ ਪੱਧਰੀ ਹੜਤਾਲ ਕੀਤੀ ਰਾਜ ਜਾ ਰਹੀ ਹੈ ਜਿਸ ਦੀ ਤਿਆਰੀ ਲਈ 31 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਲੁਧਿਆਣਾ ਵਿਖੇ ਮੀਟਿੰਗ ਹੋ ਰਹੀ ਹੈ ਜਿਸ ਵਿੱਚ ਉਹਨਾਂ ਦੀ ਡੱਟਵੀਂ ਹਮਾਇਤ ਕਰਨ ਦਾ ਫੈਸਲਾ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਸਮੂਹ ਕਿਰਤੀ ਲੋਕਾਂ ਨੂੰ ਅਪੀਲ ਕੀਤੀ ਕਿ 6 ਫਰਵਰੀ ਤੋਂ 10 ਫਰਵਰੀ ਤੱਕ ਡੀਸੀ ਦਫਤਰ ਅੱਗੇ ਲੱਗਣ ਵਾਲੇ ਮੋਰਚਿਆਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ। ਕਿਸਾਨ ਆਗੂਆਂ ਨੇ ਫ਼ਸਲੀ ਤਬਾਹੀ ਦੀ ਪੂਰੀ ਭਰਪਾਈ ਵਾਲੀ ਬੀਮਾ ਯੋਜਨਾ ਲਾਗੂ ਕਰਨ, ਸਮੂਹ ਕਿਸਾਨਾਂ ਮਜ਼ਦੂਰਾਂ ਨੂੰ 10ਹਜ਼ਾਰ ਰੁਪਏ ਪ੍ਰਤੀ ਮਹੀਨਾ ਬੁਢਾਪਾ ਪੈਨਸ਼ਨ ਦੇਣ ਅਤੇ ਨਿਊਜ਼ ਕਲਿੱਕ ਵਿਰੁੱਧ ਦਰਜ ਝੂਠਾ ਕੇਸ ਰੱਦ ਕਰਨ ਦੀ ਮੰਗ ਕੀਤੀ ਹੈ।
ਇਸ ਮੌਕੇ ਮਾਲਣ ਕੌਰ ਕੋਠਾ ਗੁਰੂ,ਕਰਮਜੀਤ ਕੌਰ ਲਹਿਰਾ ਖਾਨਾ, ਜਸਵੀਰ ਸਿੰਘ ਬੁਰਜ ਸੇਮਾ,ਬਸੰਤ ਸਿੰਘ ਕੋਠਾ ਗੁਰੂ, ਜਗਦੇਵ ਸਿੰਘ ਜੋਗੇਵਾਲਾ ,ਜਗਸੀਰ ਸਿੰਘ ਝੁੰਬਾ, ਨਛੱਤਰ ਸਿੰਘ ਢੱਡੇ, ਬਲਦੇਵ ਸਿੰਘ ਚੌਕੇ ,ਹੁਸ਼ਿਆਰ ਸਿੰਘ ਚੱਕ ਫਤਿਹ ਸਿੰਘ ਵਾਲਾ, ਬਲਜੀਤ ਸਿੰਘ ਪੂਹਲਾ, ਜਸਪਾਲ ਸਿੰਘ ਕੋਠਾ ਗੁਰੂ, ਅਮਰੀਕ ਸਿੰਘ ਸਿਵੀਆਂ ,ਗੁਰਪਾਲ ਸਿੰਘ ਦਿਉਣ ,ਅਜੇਪਾਲ ਸਿੰਘ ਘੁੱਦਾ ,ਹਰਪ੍ਰੀਤ ਸਿੰਘ ਚੱਠੇਵਾਲਾ, ਰਾਜਵਿੰਦਰ ਸਿੰਘ ਰਾਮ ਨਗਰ, ਸੰਤੋਖ ਸਿੰਘ ,ਬੂਟਾ ਸਿੰਘ ਬੱਲੋ, ਸਿਮਰਜੀਤ ਸਿੰਘ ਚੱਕ ਫਤਿਹ ਸਿੰਘ ਵਾਲਾ ਵੀ ਸ਼ਾਮਲ ਸਨ।