ਕਿਸਾਨੀ ਰੋਹ ਅੱਗੇ ਝੁਕਿਆ ਪ੍ਰਸ਼ਾਸ਼ਨ, ਕਰ ਲਈਆਂ ਮੰਗਾਂ ਪ੍ਰਵਾਨ

Advertisement
Spread information

ਅਸ਼ੋਕ ਵਰਮਾ, ਮਾਨਸਾ 2 ਅਪ੍ਰੈਲ 2024

        ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਅਗਵਾਈ ਹੇਠ ਪੰਜਾਬ ਦੇ ਕੋਨੇ-ਕੋਨੇ ਤੋਂ ਆਏ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ ਅਤੇ ਬੀਬੀਆਂ ਵੱਲੋਂ ਪਿੰਡ ਕੁੱਲਰੀਆਂ ਵਿਖੇ ਅਬਾਦਕਾਰ ਕਿਸਾਨਾਂ ਦੀ ਜਮੀਨ ਖੋਹਣ ਦੇ ਮਾਮਲੇ ’ਚ ਮਾਨਸਾ ਜ਼ਿਲ੍ਹੇ ਦੇ ਐਸਐਸਪੀ ਅਤੇ ਡੀਸੀ ਦੇ ਦਫਤਰ ਅੱਗੇ ਕੀਤੇ ਵੱਡੇ ਰੋਸ ਪ੍ਰਦਰਸ਼ਨ ਅਤੇ ਕਿਸਾਨੀ ਰੋਹ ਨੇ ਮਾਨਸਾ ਪ੍ਰਸ਼ਾਸ਼ਨ ਨੂੰ  ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਮਜਬੂਰ ਕਰ ਦਿੱਤਾ । ਬੁਢਲਾਡਾ ਦੇ ਡੀਐਸਪੀ ਦਫਤਰ ਅੱਗੇ ਚੱਲ ਰਹੇ ਮੋਰਚੇ ਦੌਰਾਨ ਕੋਈ ਸੁਣਵਾਈ ਨਾ ਹੋਣ ਕਾਰਨ ਹੁਣ ਕਿਸਾਨਾਂ ਨੇ ਮਾਨਸਾ ਦੇ ਦੋ ਵੱਡੇ ਅਫਸਰਾਂ ਖਿਲਾਫ ਮੋਰਚਾ ਲਾਇਆ ਸੀ । ਜਿਸ ਦੇ ਸਿੱਟੇ ਵਜੋਂ ਪ੍ਰਸ਼ਾਸਨ ਦੇ ਨੁਮਾਇੰਦੇ ਡੀਐਸਪੀ ਨੇ ਧਰਨੇ ਵਿੱਚ ਪਹੁੰਚ ਕੇ ਕਿਸਾਨ ਸੀਤਾ ਸਿੰਘ ਕੁੱਲਰੀਆਂ ਤੇ ਹਮਲਾ ਕਰਨ ਦੇ ਮਾਮਲੇ ’ਚ ਸਰਪੰਚ ਰਾਜਵੀਰ ਸਿੰਘ ਖਿਲਾਫ਼ ਇਰਾਦਾ ਕਤਲ ਦੀਆਂ ਧਾਰਾਵਾਂ ਦਾ ਵਾਧਾ ਕਰਨ ਸਮੇਤ ਬਾਕੀ ਮੰਗਾਂ ਮੰਨਣ ਬਾਰੇ ਜਾਣਕਾਰੀ ਦਿੱਤੀ।                                                                       
         ਡੀਐਸਪੀ ਨੇ ਕਿਹਾ ਕਿ ਪੁਲਿਸ ਥਾਣਾ ਬਰੇਟਾ ਵਿੱਚ ਕਿਸਾਨ ਲੀਲਾ ਸਿੰਘ ਦਾ ਟਰੈਕਟਰ ਬਿਨਾਂ ਸ਼ਰਤ ਛੱਡ ਦਿੱਤਾ ਜਾਵੇਗਾ। ਉਹਨਾਂ ਸਰਪੰਚ ਰਾਜਵੀਰ ਸਿੰਘ ਨੂੰ ਜਲਦ ਗ੍ਰਿਫ਼ਤਾਰ ਕਰਨ ਦਾ ਵਿਸ਼ਵਾਸ ਦਿਵਾਇਆ। ਉਹਨਾਂ ਦਹਾਕਿਆਂ ਤੋਂ ਕਾਸ਼ਤ ਕਰ ਰਹੇ ਕੁੱਲਰੀਆਂ ਪਿੰਡ ਦੇ ਕਿਸਾਨਾਂ ਦੀ ਮਾਲਕੀ ਦਾ ਹੱਕ ਬਹਾਲ ਕਰਨ ਦਾ ਵਿਸ਼ਵਾਸ ਦਿਵਾਇਆ । ਇਸ ਤੋਂ ਪਹਿਲਾਂ ਕੁੱਲਰੀਆਂ ਦੇ ਕਿਸਾਨ ਤੇ ਹਮਲਾ ਕਰਨ ਵਾਲੇ ਦੋਸ਼ੀਆਂ ਤੇ ਧਾਰਾ 307 ਅਧੀਨ ਕੇਸ ਦਰਜ ਕਰ ਕੇ ਤੁਰੰਤ ਗ੍ਰਿਫ਼ਤਾਰੀ ਅਤੇ ਉਹਨਾਂ ਦੀ ਜ਼ਮੀਨ ਦੇ ਮਾਲਕੀ ਹੱਕ ਬਹਾਲ ਕਰਨ ਦੀ ਮੰਗ ਕਰ ਰਹੇ ਧਰਨਾਕਾਰੀ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸੂਬਾ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਕਿਸਾਨਾਂ ਤੇ ਦੋ ਵਾਰ ਜਾਨ ਲੇਵਾ ਹਮਲੇ ਹੋਏ ਪਰੰਤੂ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਥਾਂ ਕੁੱਲਰੀਆਂ ਪਿੰਡ ਦੇ ਕਿਸਾਨਾਂ ਅਤੇ ਭਾਕਿਯੂ ਏਕਤਾ ਡਕੌਂਦਾ ਦੇ ਸੂਬਾ ਆਗੂਆਂ ਖਿਲਾਫ ਝੂਠੇ ਪਰਚੇ ਦਰਜ਼ ਦਰਜ ਕਰ ਦਿੱਤੇ ਗਏ।                                                       
        ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨਾਂ ਨੂੰ ਇਨਸਾਫ਼ ਦੇਣ ਦੀ ਥਾਂ ਜ਼ਬਰ ਦਾ ਫੜਿਆ ਰਾਹ ਸਰਕਾਰ ਨੂੰ ਮਹਿੰਗਾ ਪਵੇਗਾ । ਜਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਅੰਗਰੇਜ਼ ਸਿੰਘ ਮੋਹਾਲੀ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਵਿੱਚ ਕਾਰਪੋਰੇਟ ਘਰਾਣਿਆਂ ਦੇ ਸਾਈਲੋ ਖੋਲ੍ਹਣ ਨੂੰ ਮਨਜ਼ੂਰੀ ਦੇਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਇਹ ਕਾਰਵਾਈ ਇਤਿਹਾਸਕ ਦਿੱਲੀ ਕਿਸਾਨ ਘੋਲ ਰਾਹੀਂ ਰੱਦ ਕਰਵਾਏ ਕਾਲੇ ਕਾਨੂੰਨਾਂ ਨੂੰ ਲਾਗੂ ਕਰਨ ਦੀ ਹੀ ਚਾਲ ਹੈ। ਉਨ੍ਹਾਂ ਨੇ 8 ਅਪ੍ਰੈਲ ਨੂੰ ਭਗਵੰਤ ਮਾਨ ਸਰਕਾਰ ਖਿਲਾਫ ਸੰਯੁਕਤ ਕਿਸਾਨ ਮੋਰਚੇ ਵੱਲੋਂ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਰੈਲੀ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਐਲਾਨ ਕੀਤਾ ਕਿ ਸਾਈਲੋਜ਼ ਰਾਹੀਂ ਕਣਕ ਦੀ ਖਰੀਦ ਨਹੀਂ ਹੋਣ ਦਿੱਤੀ ਜਾਵੇਗੀ।
        ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਕਿਸ਼ਨਗੜ੍ਹ ਅਤੇ ਮੱਖਣ ਸਿੰਘ ਭੈਣੀ ਬਾਘਾ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਸਿਆਸੀ ਵਿਰੋਧ ਨੂੰ ਜ਼ਬਰ ਨਾਲ ਦਬਾਉਣ , ਕਿਸਾਨਾਂ ਦੀਆਂ ਮੰਗਾਂ ਅਤੇ ਫੈਡਰਲ ਢਾਂਚੇ ਦੀ ਰਾਖੀ ਲਈ 21 ਮਈ ਨੂੰ ਜਗਰਾਉਂ ਵਿਖੇ ਕੀਤੀ ਜਾ ਰਹੀ ਮਹਾਂਪੰਚਾਇਤ ਨੂੰ ਸਫਲ ਬਣਾਉਣ ਦਾ ਸੱਦਾ ਦਿੰਦਿਆਂ ਭਾਜਪਾ ਲੀਡਰਾਂ ਦਾ ਪੰਜਾਬ ਦੇ ਪਿੰਡਾਂ ਵਿੱਚ ਦਾਖ਼ਲਾ ਬੰਦ ਕਰਨ ਦਾ ਐਲਾਨ ਕੀਤਾ । ਇਸ ਮੌਕੇ ਕਿਸਾਨ ਆਗੂ ਮਹਿੰਦਰ ਸਿੰਘ ਕੁਲਰੀਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ । ਇਸ ਮੌਕੇ ਸੂਬਾ ਖਜ਼ਾਨਚੀ ਬਲਵੰਤ ਸਿੰਘ ਉੱਪਲੀ, ਮਹਿੰਦਰ ਸਿੰਘ ਦਿਆਲਪੁਰਾ, ਲਖਵੀਰ ਸਿੰਘ ਅਕਲੀਆ, ਹਰਮੰਡਲ ਸਿੰਘ ਜੋਧਪੁਰ, ਹਰਵਿੰਦਰ ਸਿੰਘ ਕੋਟਲੀ, ਗੁਲਜ਼ਾਰ ਸਿੰਘ ਕੱਬਰਵੱਛਾ, ਹਰਮੀਤ ਸਿੰਘ ਫਾਜ਼ਿਲਕਾ, ਗੁਰਦੀਪ ਸਿੰਘ ਖੁੱਡੀਆਂ , ਜਸਕਰਨ ਸਿੰਘ ਫਰੀਦਕੋਟ, ਕਰਮਜੀਤ ਸਿੰਘ ਸੰਗਰੂਰ, ਪ੍ਰਦੀਪ ਮੁਹਾਲੀ, ਜਗਤਾਰ ਸਿੰਘ ਦੇਹੜਕਾ, ਸੁਖਚੈਨ ਸਿੰਘ ਰਾਜੂ, ਰਾਣਾ ਸੈਦੋਵਾਲ ਕਪੂਰਥਲਾ, ਸੁਖਜੀਤ ਕੌਰ ਭੈਣੀਬਾਘਾ ਅਤੇ ਹਰਮੰਦਰ ਸਿੰਘ ਮਾਖਾ ਨੇ ਵੀ ਵਿਚਾਰ ਪੇਸ਼ ਕੀਤੇ।

Advertisement
Advertisement
Advertisement
Advertisement
Advertisement
Advertisement
error: Content is protected !!