ਅਨੁਭਵ ਦੂਬੇ , ਚੰਡੀਗੜ੍ਹ 8 ਮਈ 2024
ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਵੀ ਜਾਰੀ ਕਰ ਦਿੱਤੀ ਹੈ। ਭਾਜਪਾ ਨੇ ਆਮ ਆਦਮੀ ਪਾਰਟੀ ਦਾ ਗੜ੍ਹ ਸਮਝੇ ਜਾਂਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਲੋਕ ਸਭਾ ਹਲਕਾ ਸੰਗਰੂਰ ਤੋਂ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੂੰ ਉਮੀਦਵਾਰ ਵਜੋਂ ਉਤਾਰਿਆ ਹੈ। ਭਾਜਪਾ ਵੱਲੋਂ ਅਰਵਿੰਦ ਖੰਨਾ ਨੂੰ ਚੋਣ ਮੈਦਾਨ ਵਿੱਚ ਉਤਾਰ ਦੇਣ ਨਾਲ ਹੁਣ ਮੁਕਾਬਲਾ ਚਾਰਕੋਣਾ ਬਣ ਜਾਣ ਦੇ ਆਸਾਰ ਬਣ ਗਏ ਹਨ। ਜਦੋਂਕਿ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਹਿੰਦੂ ਚਿਹਰੇ ਵਜੋਂ ਪਾਰਟੀ ਦੇ ਬੁਲਾਰੇ ਡਾਕਟਰ ਸੁਭਾਸ਼ ਸ਼ਰਮਾ ਨੂੰ ਟਿਕਟ ਦਿੱਤੀ ਗਈ ਹੈ। ਇਸੇ ਤਰਾਂ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਸਾਬਕਾ ਮੰਤਰੀ ਰਾਣਾ ਗੁਰਮੀਤ ਸੋਢੀ ਨੂੰ ਉਮੀਦਵਾਰ ਬਣਾਇਆ ਗਿਆ ਹੈ। ਹਾਲੇ ਵੀ ਭਾਜਪਾ ਨੇ ਫ਼ਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਵਰਨਣਯੋਗ ਹੈ ਕਿ ਪੰਜਾਬ ਵਿੱਚ ਕਾਂਗਰਸ, ਆਪ ਅਤੇ ਅਕਾਲੀ ਦਲ ਨੇ ਆਪਣੇ ਸਾਰੀਆਂ ਸੀਟਾਂ ਤੇ ਆਪੋ-ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਯਾਦ ਰਹੇ ਕਿ ਅਰਵਿੰਦ ਖੰਨਾ ਨੇ ਸਾਲ 2004 ਵਿੱਚ ਵੀ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਲੋਕ ਸਭਾ ਹਲਕਾ ਸੰਗਰੂਰ ਤੋਂ ਚੋਣ ਲੜੀ ਸੀ,ਪਰੰਤੂ ਉਹ ਬਹੁਤ ਥੋੜੇ ਅੰਤਰ ਨਾਲ ਅਕਾਲੀ ਭਾਜਪਾ ਉਮੀਦਵਾਰ ਸੁਖਦੇਵ ਸਿੰਘ ਢੀਂਡਸਾ ਤੋਂ ਹਾਰ ਗਏ ਸਨ। ਇਸ ਚੋਣ ਵਿੱਚ ਉਨ੍ਹਾਂ ਦੀ ਸਭ ਤੋਂ ਵੱਡੀ ਗਲਤੀ ਬਹੁਜਨ ਸਮਾਜ ਪਾਰਟੀ ਦੇ ਲੋਕ ਸਭਾ ਹਲਕੇ ਤੋਂ ਚੋਣ ਮੈਦਾਨ ਉਤਾਰੇ ਮੰਗਤ ਰਾਏ ਬਾਂਸਲ ਨੂੰ ਐਨ ਮੌਕੇ ਤੇ ਬਿਠਾ ਦੇਣਾ ਮੰਨੀ ਜਾਂਦੀ ਰਹੀ ਹੈ । ਜਿਸ ਦੇ ਰੋਸ ਵਜੋਂ ਦਲਿਤ ਸਮਾਜ ਦੇ ਲੋਕਾਂ ਨੇ ਆਪਣਾ ਉਮੀਦਵਾਰ ਚੋਣ ਮੈਦਾਨ ਵਿੱਚੋਂ ਹਟ ਜਾਣ ਕੇ ਬਾਵਜੂਦ ਵੀ, 40 ਹਜਾਰ ਦੇ ਕਰੀਬ ਵੋਟਾਂ ਹਾਥੀ ਦੇ ਨਿਸ਼ਾਨ ਤੇ ਹੀ ਪਾ ਦਿੱਤੀਆਂ ਸਨ।