ਸਾਰੇ ਢੁਕਵੇਂ ਪ੍ਰਬੰਧ ਸਮੇਂ ਸਿਰ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਰਨ ਦੇ ਹੁਕਮ
ਰਘਵੀਰ ਹੈਪੀ, ਬਰਨਾਲਾ, 21 ਮਈ 2024
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਐੱਸ. ਡੀ. ਕਾਲਜ ਵਿਖੇ ਲੋਕ ਸਭਾ ਚੋਣਾਂ 2024 ਦੀਆਂ ਵੋਟਾਂ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ ਦਾ ਦੌਰਾ ਕੀਤਾ ਜਿੱਥੇ 4 ਜੂਨ ਨੂੰ ਤਿੰਨੋਂ ਵਿਧਾਨ ਸਭਾ ਹਲਕਿਆਂ ਦੀ ਗਿਣਤੀ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਐੱਸ.ਡੀ. ਕਾਲਜ ਵਿਖੇ ਸਥਾਪਿਤ ਕੀਤੇ ਜਾ ਰਹੇ ਵਿਧਾਨ ਸਭਾ ਹਲਕਾ ਮਹਿਲ ਕਲਾਂ, ਭਦੌੜ ਅਤੇ ਬਰਨਾਲਾ ਦੇ ਗਿਣਤੀ ਕੇਂਦਰ ਦਾ ਦੌਰਾ ਕੀਤਾ । ਇਸ ਮੌਕੇ ਉਨ੍ਹਾਂ ਨਾਲ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ ਡਾ. ਮਨਜੀਤ ਸਿੰਘ, ਸਹਾਇਕ ਰਿਟਰਨਿੰਗ ਅਫ਼ਸਰ ਮਹਿਲ ਕਲਾਂ ਸਤਵੰਤ ਸਿੰਘ, ਸਹਾਇਕ ਰਿਟਰਨਿੰਗ ਅਫ਼ਸਰ ਭਦੌੜ ਡਾ. ਪੂਨਮਪ੍ਰੀਤ ਕੌਰ, ਸਹਾਇਕ ਰਿਟਰਨਿੰਗ ਅਫ਼ਸਰ ਬਰਨਾਲਾ ਵਰਿੰਦਰ ਸਿੰਘ, ਐਕਸੀਅਨ ਪੀ.ਡਬਲਿਊ.ਡੀ. ਦਵਿੰਦਰਪਾਲ ਸਿੰਘ ਅਤੇ ਹੋਰ ਅਫ਼ਸਰ ਹਾਜ਼ਰ ਸਨ। ਜ਼ਿਲ੍ਹਾ ਚੋਣ ਅਫ਼ਸਰ ਨੇ ਨਿਰਦੇਸ਼ ਦਿੱਤੇ ਕਿ ਸਾਰੀਆਂ ਢੁਕਵੀਆਂ ਥਾਂਵਾਂ ਉੱਤੇ ਸੀ. ਸੀ. ਟੀ. ਵੀ ਕੈਮਰਾ ਲਗਾਉਣ ਦੇ ਪ੍ਰਬੰਧ ਪੁਖਤਾ ਰੂਪ ਵਿਚ ਕਰ ਲਏ ਜਾਣ ਅਤੇ ਇਨ੍ਹਾਂ ਕੈਮਰਿਆਂ ਦੀ ਨਿਗਰਾਨੀ ਲਈ ਕੇਂਦਰ ਸਥਾਪਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬੈਰੀਕੈਡਿੰਗ, ਗਿਣਤੀ ਕਰਨਾ ਵਾਲੇ ਸਟਾਫ, ਸਿਆਸੀ ਪਾਰਟੀਆਂ ਦੇ ਏਜੰਟ, ਮੀਡਿਆ ਸੈਂਟਰ ਆਦਿ ਥਾਂਵਾਂ ਦੇ ਪ੍ਰਬੰਧ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਗਰਮੀ ਦੀ ਰੁੱਤ ਨੂੰ ਮੱਦੇਨਜ਼ਰ ਰੱਖਦਿਆਂ ਪੀਣ ਵਾਲੇ ਪਾਣੀ ਦੇ ਸੁਚੱਜੇ ਪ੍ਰਬੰਧ ਕੀਤੇ ਜਾਣ ਤਾਂ ਜੋ ਕਿਸੇ ਨੂੰ ਇਸ ਸਬੰਧੀ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।