ਵਿਜੀਲੈਂਸ ਨੇ ਦਬੋਚਿਆ ਵੱਢੀਖੋਰ JE , 6 ਹੋਰ ਮੁਲਜਮਾਂ ਦੀ ਭਾਲ ਸ਼ੁਰੂ..

Advertisement
Spread information
ਅਸ਼ੋਕ ਵਰਮਾ , ਮਾਨਸਾ  5 ਜੂਨ 2024
         ਵਿਜੀਲੈਂਸ ਬਿਊਰੋ ਪੰਜਾਬ ਨੇ  ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਟਾਲਰੈਂਸ ਨੀਤੀ ਤਹਿਤ ਰਿਸ਼ਵਤਖੋਰੀ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬੀਤੀ ਰਾਤ ਨਗਰ ਕੌਂਸਲ ਮਾਨਸਾ ਵਿਖੇ ਤਾਇਨਾਤ  ਜੇ.ਈ. ਜਤਿੰਦਰ ਸਿੰਘ ਨੂੰ 1 ਲੱਖ ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਲੋਕ ਸਭਾ ਚੋਣਾਂ ਕਾਰਨ ਪਿਛਲੇ ਕੁੱਝ ਸਮੇਂ ਤੋਂ ਠੰਢੀ ਚੱਲ ਰਹੀ ਵਿਜੀਲੈਂਸ ਨੇ ਨਤੀਜਿਆਂ ਦਾ ਐਲਾਨ ਹੁੰਦਿਆਂ ਹੀ ਇਸ ਰਿਸ਼ਵਤਖੋਰ ਜੇਈ ਨੂੰ ਦਬੋਚ ਲਿਆ ਜੋ ਸ਼ਕਾਇਤਕਰਤਾ ਤੋਂ ਵੱਢੀ ਦੇ ਰੂਪ ’ਚ ਨਕਦ ਰਾਸ਼ੀ ਹਾਸਲ ਕਰ ਰਿਹਾ ਸੀ। ਇਸ ਮਾਮਲੇ ’ਚ ਛੇ ਹੋਰ ਸਰਕਾਰੀ ਅਧਿਕਾਰੀ ਜਾਂ ਮੁਲਾਜਮ ਨਾਮਜਦ ਕੀਤੇ ਹਨ ਜਿੰਨ੍ਹਾਂ ਦੀ ਤਲਾਸ਼ ਲਈ ਵਿਜੀਲੈਂਸ ਨੇ ਮਸ਼ਕਾਂ ਆਰੰਭ ਦਿੱਤੀਆਂ ਹਨ।                       
         ਸੂਤਰ ਦੱਸਦੇ ਹਨ ਕਿ ਸਮੂਹ ਮੁਲਜਮਾਂ ਦੀ ਗ੍ਰਿਫਤਾਰੀ ਤੋਂ ਬਾਅਦ ਰਿਸ਼ਵਤ ਦਾ ਇੱਕ ਵੱਡਾ ਨੈਟਵਰਕ ਸਾਹਮਣੇ ਆ ਸਕਦਾ ਹੈ। ਮਹੱਤਵਪੂਰਨ ਤੱਥ ਹੈ ਕਿ ਇਸੇ ਜੇ.ਈ. ਜਤਿੰਦਰ ਸਿੰਘ ਨੂੰ ਕਸਤੂਰਬਾ ਗਾਂਧੀ ਹੋਸਟਲ ਬਰੇਟਾ, ਜ਼ਿਲ੍ਹਾ ਮਾਨਸਾ ਦੇ ਉਸਾਰੀ ਕਾਰਜਾਂ ਵਿੱਚ ਘਪਲੇਬਾਜੀ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਨੇ ਪਹਿਲਾਂ ਹੀ ਅਕਤੂਬਰ 2022 ਵਿੱਚ ਇੱਕ ਮੁਕੱਦਮੇ ਵਿੱਚ ਦੋਸ਼ੀ ਵਜੋਂ ਨਾਮਜ਼ਦ ਕੀਤਾ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਤਿੰਦਰ ਸਿੰਘ ਜੇ.ਈ. ਵਿਰੁੱਧ ਇਹ ਮੁਕੱਦਮਾ ਦੀ ਪਿੰਡ ਖੀਵਾਂ ਕਲਾ ਕੋਆਪ੍ਰੇਟਿਵ ਕਿਰਤ ਸੁਸਾਇਟੀ ਅਤੇ ਉਸਾਰੀ ਸਭਾ ਦੇ ਪ੍ਰਧਾਨ ਸੁਰਿੰਦਰ ਗਰਗ ਦੀ ਸ਼ਿਕਾਇਤ ਉੱਪਰ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਇਸ ਸੋਸਾਇਟੀ ਨੂੰ ਨਗਰ ਕੌਂਸਲ ਮਾਨਸਾ ਵੱਲੋਂ ਬਿਜਲੀ ਦੀ ਸਪਲਾਈ, ਗਲੀਆਂ ਦੀ ਉਸਾਰੀ ਦੇ ਕੰਮ ਅਤੇ ਹੋਰ ਕਈ ਕੰਮ ਅਲਾਟ ਹੋਏ ਸਨ।
       ਇਸ ਸਬੰਧੀ ਸੋਸਾਇਟੀ ਨੇ ਕੰਮ ਮੁਕੰਮਲ ਕਰਨ ਉਪਰੰਤ ਅਦਾਇਗੀ ਕਰਨ ਲਈ ਬਿੱਲ ਨਗਰ ਕੌਂਸਲ ਮਾਨਸਾ ਵਿਖੇ ਭੇਜੇ ਸਨ ਪਰ ਅਦਾਇਗੀ ਕਰਨ ਲਈ ਨਗਰ ਕੌਂਸਲ ਮਾਨਸਾ ਦੇ ਕਾਰਜਕਾਰੀ ਅਧਿਕਾਰੀ (ਈ.ਓ.), ਜੂਨੀਅਰ ਇੰਜੀਨੀਅਰ (ਜੇ.ਈ.), ਸਹਾਇਕ ਨਗਰ ਕੌਂਸਲ ਇੰਜੀਨੀਅਰ (ਏ.ਐਮ.ਈ.), ਲੇਖਾਕਾਰ, ਕਲਰਕ ਅਤੇ ਕੰਪਿਊਟਰ ਅਪਰੇਟਰ ਵੱਲੋ ਉਸ ਕੋਲੋਂ ਕਮਿਸ਼ਨ ਦੀ ਮੰਗ ਕੀਤੀ ਜਾ ਰਹੀ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਵੱਲੋਂ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਮੁੱਢਲੀ ਜਾਂਚ ਉਪਰੰਤ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਜਤਿੰਦਰ ਸਿੰਘ ਜੇ.ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਬਿੱਲ ਪਾਸ ਕਰਨ ਬਦਲੇ ਕਮਿਸ਼ਨ ਦੇ ਤੌਰ ਤੇ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਬੀਤੀ ਰਾਤ ਰੰਗੇ ਹੱਥੀਂ ਕਾਬੂ ਕਰ ਲਿਆ।
               ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਟੀਮ ਨੇ ਮੌਕੇ ਤੇ ਹੀ ਮੁਲਜ਼ਮ ਦੇ ਕਬਜੇ ‘ਚੋਂ 1 ਲੱਖ ਰੁਪਏ ਦੀ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੇ ਆਧਾਰ ਉੱਤੇ ਨਗਰ ਕੌਂਸਲ ਮਾਨਸਾ ਦੇ ਈ.ਓ. ਅੰਮ੍ਰਿਤ ਲਾਲ, ਜੇ.ਈ. ਜਤਿੰਦਰ ਸਿੰਘ, ਏ.ਐਮ.ਈ. ਗਗਨਦੀਪ ਸਿੰਘ, ਕਲਰਕ ਅਕਾਊਂਟ ਬ੍ਰਾਂਚ ਅਮਨਦੀਪ ਸਿੰਘ, ਲੇਖਾਕਾਰ ਸ਼ਾਮ ਲਾਲ ਅਤੇ ਕੰਪਿਊਟਰ ਅਪਰੇਟਰ ਰਾਜਪਾਲ ਸਿੰਘ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਗ੍ਰਿਫਤਾਰ ਮੁਲਜ਼ਮ ਜਤਿੰਦਰ ਸਿੰਘ ਜੇ.ਈ. ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਬਾਕੀ ਮੁਲਜ਼ਮਾਂ ਦੀ ਭਾਲ ਲਈ ਵਿਜੀਲੈਂਸ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇੰਨਾਂ ਤੋਂ ਇਲਾਵਾ ਕਿਸੇ ਹੋਰ ਕਰਮਚਾਰੀ ਦੀ ਭੂਮਿਕਾ ਸਾਹਮਣੇ ਆਈ ਤਾਂ ਉਸ ਨੂੰ ਤਫਤੀਸ਼ ਦੌਰਾਨ ਵਿਚਾਰਿਆ ਜਾਵੇਗਾ।

Advertisement
Advertisement
Advertisement
Advertisement
Advertisement
error: Content is protected !!