ਸੋਨੀ ਪਨੇਸਰ, ਬਰਨਾਲਾ, 20 ਜੂਨ 2024
ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ – ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਸਹਾਇਤਾ ਕੇਂਦਰ ਸਥਾਪਿਤ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਆਪਣੇ ਕੰਮਾਂ ਬਾਬਤ ਅਸਲ ਸਟੇਟਸ ਪਤਾ ਲੱਗ ਸਕੇ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਮੁਹਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਕਈ ਵਾਰ ਲੋਕਾਂ ਨੂੰ ਸਬੰਧਤ ਵਿਭਾਗਾਂ ਬਾਰੇ ਜਾਣਕਾਰੀ ਦੀ ਘਾਟ ਹੁੰਦੀ ਹੈ ਜਾਂ ਆਪਣੀ ਅਰਜ਼ੀ ਦਾ ਅਸਲ ਸਟੇਟਸ ਪਤਾ ਨਹੀਂ ਲੱਗਦਾ ਤੇ ਉਹ ਦਫ਼ਤਰਾਂ ਵਿੱਚ ਖੱਜਲ-ਖੁਆਰ ਹੁੰਦੇ ਹਨ। ਲੋਕਾਂ ਦੇ ਇਸ ਮਸਲੇ ਨੂੰ ਹੱਲ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਜ਼ਮੀਨੀ ਮੰਜ਼ਿਲ ਵਿਖੇ ਦਫ਼ਤਰ ਯੁਵਕ ਸੇਵਾਵਾਂ ਵਿਖੇ ਸਹਾਇਤਾ ਕੇਂਦਰ ਸਹਿਤ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਸਹਾਇਤਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤਕ ਕਾਰਜਸ਼ੀਲ ਰਹੇਗਾ।
ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਪ੍ਰਭਾਵੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਸਾਰੀਆਂ ਨਾਗਰਿਕ ਕੇਂਦਰਿਤ ਸੇਵਾਵਾਂ ਨਿਰਵਿਘਨ ਮੁਹਈਆ ਕਰਵਾਉਣਾ ਯਕੀਨੀ ਬਣਾਉਣ।