ਰਾਜੇਸ਼ ਗੋਤਮ, ਪਟਿਆਲਾ, 15 ਜੁਲਾਈ 2024
ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਵੱਲੋਂ ਜ਼ਿਲ੍ਹਾ ਯੋਜਨਾ ਕਮੇਟੀ ਦਫ਼ਤਰ ਪਟਿਆਲਾ ਵਿਖੇ ਅੱਜ ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਅਮਨਦੀਪ ਕੌਰ ਅਤੇ ਸਮੂਹ ਬੀ.ਡੀ.ਪੀ.ਓਜ. ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਚੇਅਰਮੈਨ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ। ਜਿਸ ਦੌਰਾਨ ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਵੱਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੇ ਕੰਮਾਂ ਬਾਰੇ ਚੇਅਰਮੈਨ ਨੂੰ ਜਾਣੂੰ ਕਰਵਾਇਆ ਗਿਆ।
ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਮੀਟਿੰਗ ਵਿੱਚ ਹਾਜ਼ਰ ਸਮੂਹ ਬੀ.ਡੀ.ਪੀ.ਓਜ. ਨੂੰ ਹਦਾਇਤ ਕੀਤੀ ਗਈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਦੇ ਕੰਮਾਂ ਨੂੰ ਸਮੇਂ ਸਿਰ ਅਤੇ ਸਹੀ ਤਰੀਕੇ ਨਾਲ ਪੂਰਾ ਕਰਨ ਜਿਸ ਨਾਲ ਆਮ ਲੋਕਾਂ ਨੂੰ ਇਨ੍ਹਾਂ ਵਿਕਾਸ ਕੰਮਾਂ ਦਾ ਲਾਭ ਮਿਲ ਸਕੇ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਪਟਿਆਲਾ ਜ਼ਿਲ੍ਹੇ ਅਧੀਨ ਚੱਲ ਰਹੀਆਂ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪ੍ਰਚਾਰ-ਪ੍ਰਸਾਰ ਕੀਤਾ ਜਾਵੇ ਤਾਂ ਜੋ ਲੋਕ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਲੈ ਸਕਣ।
ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਿੰਡਾਂ ਵਿੱਚ ਖੇਡ ਗਰਾਊਂਡ, ਪਾਰਕ, ਜਿੰਮ ਅਤੇ ਹੋਰ ਵਿਕਾਸ ਕਾਰਜ ਲਈ ਲਈ ਪ੍ਰਪੋਜਲਾਂ ਦੀ ਮੰਗ ਕੀਤੀ ਗਈ ਅਤੇ ਸਰਕਾਰ ਵੱਲੋਂ ਵੱਧ ਤੋਂ ਵੱਧ ਫ਼ੰਡ ਜਾਰੀ ਕਰਵਾਉਣ ਦਾ ਭਰੋਸਾ ਦਿਵਾਇਆ ਗਿਆ। ਜ਼ਿਲ੍ਹੇ ਵਿੱਚ ਤੀਹ ਲਾਇਬਰੇਰੀਆਂ ਸਮੂਹ ਜ਼ਿਲ੍ਹੇ ਦੇ ਲੋਕਾਂ ਨੂੰ ਸਪੁਰਦ ਕੀਤੀਆਂ ਜਾਣਗੀਆਂ, ਬਰਸਾਤਾਂ ਦੇ ਮੌਸਮ ਹੋਣ ਕਰਕੇ ਪਿੰਡਾਂ ਵਿੱਚ ਛੱਪੜਾਂ ਦੀ ਸਫ਼ਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਅਤੇ ਵੱਧ ਤੋਂ ਵੱਧ ਸੀਚੇਵਾਲ ਮਾਡਲ ਛੱਪੜ ਤਿਆਰ ਕਰਨ ਲਈ ਆਖਿਆ ਗਿਆ। ਮਨਰੇਗਾ ਦੀ ਲੇਬਰ ਲਗਾ ਕੇ ਵੱਧ ਤੋਂ ਵੱਧ ਰੁੱਖ ਲਗਾਉਣ ਦੇ ਨਿਰਦੇਸ਼ ਦਿੱਤੇ ਗਏ। ਇਸ ਦੌਰਾਨ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਜਸਵਿੰਦਰ ਕੌਰ ਏ.ਆਰ. ਓ, ਬਿਕਰਮਜੀਤ ਸਿੰਘ ਇੰਨਵੈਸਟੀਗੇਟਰ ਆਦਿ ਮੀਟਿੰਗ ਵਿੱਚ ਹਾਜ਼ਰ ਰਹੇ।