ਪੰਜਾਬ ਸਰਕਾਰ ਡਾਇਰੀਆ ਦਾ ਕਾਰਨ ਬਣਦੀਆਂ ਪਾਣੀ ਸਪਲਾਈ ਦੀਆਂ ਪੁਰਾਣੀਆਂ ਪਾਇਪਾਂ ਨਵੀਂਆਂ ਪੁਆਏਗੀ
ਪਿਛਲੀਆਂ ਸਰਕਾਰਾਂ ਨੇ ਕਦੇ ਧਿਆਨ ਨਹੀਂ ਦਿੱਤਾ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹਾਲਾਤ ‘ਤੇ ਪੂਰੀ ਨਿਗਰਾਨੀ
ਹਰਿੰਦਰ ਨਿੱਕਾ, ਪਟਿਆਲਾ 26 ਜੁਲਾਈ 2024
ਪੰਜਾਬ ਦੇ ਸਿਹਤ ਮੰਤਰੀ ਤੇ ਪਰਿਵਾਰ ਭਲਾਈ ਡਾ. ਬਲਬੀਰ ਸਿੰਘ ਨੇ ਪਟਿਆਲਾ ਦੇ ਡਾਇਰੀਆ ਤੋਂ ਪ੍ਰਭਾਵਤ ਨਿਊ ਯਾਦਵਿੰਦਰਾ ਕਲੋਨੀ ਦਾ ਦੌਰਾ ਕਰਕੇ ਹਾਲਾਤ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਡੇਚਲਵਾਲ, ਸਿਵਲ ਸਰਜਨ ਡਾ. ਸੰਜੇ ਗੋਇਲ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਜਿੱਥੇ ਨੁਕਸ ਸੀ, ਉਹ ਲੱਭ ਲਿਆ ਹੈ ਅਤੇ ਪੀਣ ਵਾਲੇ ਪਾਣੀ ਵਿੱਚ ਗੰਦੇ ਪਾਣੀ ਦੇ ਮਿਲਣ ਨਾਲ ਅਜਿਹਾ ਰੋਗ ਫੈਲਿਆ, ਪਰੰਤੂ ਹੁਣ ਸਥਿਤੀ ਵਿੱਚ ਸੁਧਾਰ ਹੋ ਚੁੱਕਾ ਹੈ, ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮਿਲ ਰਿਹਾ ਹੈ ਅਤੇ ਕੋਈ ਨਵਾਂ ਕੇਸ ਨਹੀਂ ਆ ਰਿਹਾ।
ਲੋਕਾਂ ਦੇ ਘਰਾਂ ‘ਚ ਜਾ ਕੇ ਉਨ੍ਹਾਂ ਨਾਲ ਗੱਲਬਾਤ ਕਰਕੇ ਸਿਹਤ ਮੰਤਰੀ ਨੇ ਕਿਹਾ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਇਲਾਕਿਆਂ ਵੱਲ ਕਦੇ ਧਿਆਨ ਨਹੀਂ ਦਿੱਤਾ ਜਿਸ ਕਰਕੇ ਪੀਣ ਵਾਲੇ ਪਾਣੀ ਦੀਆਂ ਪੁਰਾਣੀਆਂ ਤੇ ਗਲ ਚੁੱਕੀਆਂ ਪਾਇਪਾਂ ਕਦੇ ਨਵੀਂਆਂ ਨਹੀਂ ਪਾਈਆਂ ਗਈਆਂ, ਪਰੰਤੂ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਜਿਹੇ ਇਲਾਕਿਆਂ ਵਿੱਚ ਪਾਣੀ ਦੀਆਂ ਨਵੀਆਂ ਪਾਇਪਾਂ ਪੁਆਏਗੀ। ਉਨ੍ਹਾਂ ਦੱਸਿਆ ਕਿ ਅੰਮਰੁਤ-2 ਵਿੱਚ ਪਟਿਆਲਾ ਵਿਖੇ ਪੀਣ ਵਾਲੇ ਨਹਿਰੀ ਪਾਣੀ ਦੀ ਸਪਲਾਈ ਦੇਣ ਲਈ ਪਾਇਪਾਂ ਨਵੀਆਂ ਪਾਈਆਂ ਵੀ ਜਾ ਰਹੀਆਂ ਹਨ।
ਮੀਡੀਆ ਨਾਲ ਗੱਲਬਾਤ ਮੌਕੇ ਡਾ. ਬਲਬੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਾਸੀਆਂ ਦੀ ਚੰਗੀ ਸਿਹਤ ਸੂਬਾ ਸਰਕਾਰ ਦੀ ਪਹਿਲੀ ਤਰਜੀਹ ਹੈ, ਇਸ ਲਈ ਡਾਇਰੀਆ ਦੇ ਕੇਸਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਤਰੀਆਂ ਤੇ ਸਕੱਤਰਾਂ ਨਾਲ ਮੀਟਿੰਗ ਕਰਕੇ ਸੂਬਾ ਪੱਧਰੀ ਮੋਨੀਟਰਿੰਗ ਕਮੇਟੀ ਬਣਾਈ ਹੈ ਅਤੇ ਨਾਲ ਹੀ ਹਰ ਜ਼ਿਲ੍ਹੇ ਵਿੱਚ ਅਜਿਹੀਆਂ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਖ਼ੁਦ ਸਾਰੀ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਨ ਤੇ ਮੁੱਖ ਸਕੱਤਰ ਨੂੰ ਵੀ ਪੂਰੀ ਸਥਿਤੀ ਦੀ ਸਮੀਖਿਆ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਗੰਦੇ ਪਾਣੀ ਦੀ ਸਪਲਾਈ ਲਈ ਜਿੰਮੇਵਾਰ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਕਾਰਵਾਈ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਪੂਰੀ ਮੁਸਤੈਦੀ ਵਰਤੀ ਜਾ ਰਹੀ ਹੈ ਕਿ ਉਲਟੀਆਂ ਤੇ ਦਸਤਾਂ ਦਾ ਕੋਈ ਨਵਾਂ ਕੇਸ ਨਾ ਆਵੇ।
ਸਿਹਤ ਮੰਤਰੀ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਾਣੀ ਸਪਲਾਈ ਲਈ ਟੁੱਲੂ ਪੰਪ ਨਾ ਲਗਾਉਣ ਅਤੇ ਨਾ ਹੀ ਅਣਅਧਿਕਾਰਤ ਕੁਨੈਕਸ਼ਨ ਜੋੜਨ ਅਤੇ ਜੇਕਰ ਟੂਟੀ ‘ਚੋਂ ਗੰਦਾ ਪਾਣੀ ਆਵੇ ਤਾਂ ਤੁਰੰਤ ਉਹ ਪਾਣੀ ਪੀਣਾ ਬੰਦ ਕਰਕੇ ਸਬੰਧਤ ਵਿਭਾਗ ਨੂੰ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਜਿੱਥੇ ਕਿਤੇ ਵੀ ਅਜਿਹੀ ਸਥਿਤੀ ਸਾਹਮਣੇ ਆਉਂਦੀ ਹੈ, ਉਥੇ ਲੋਕਾਂ ਦੇ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਜਾਂਦੀ ਹੈ। ਤੁਰੰਤ ਪਾਣੀ ਦੇ ਬਦਲਵੇਂ ਸਰੋਤ ਮੁਹੱਈਆ ਕਰਵਾਉਣ ਸਮੇਤ ਸਾਰੇ ਸਬੰਧਤ ਵਿਭਾਗਾਂ ਦੀਆਂ ਟੀਮਾਂ ਤੁਰੰਤ ਸਰਗਰਮ ਹੋ ਜਾਂਦੀਆਂ ਹਨ ਅਤੇ ਲੋਕਾਂ ਨੂੰ ਕਲੋਰੀਨ ਦੀਆਂ ਗੋਲੀਆਂ ਪ੍ਰਦਾਨ ਕਰਨ ਦੇ ਨਾਲ-ਨਾਲ ਪਾਣੀ ਉਬਾਲ ਕੇ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ।
ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਿਸੇ ਤਰ੍ਹਾਂ ਦੀ ਘਬਰਾਹਟ ਵਿੱਚ ਨਾ ਆਉਣ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ ਤੇ ਨਗਰ ਨਿਗਮ ਸਮੇਤ ਹੋਰ ਸਬੰਧਤ ਵਿਭਾਗ ਉਨ੍ਹਾਂ ਦੀ ਸੇਵਾ ‘ਚ ਸਦਾ ਹਾਜ਼ਰ ਹਨ ਅਤੇ ਹਰੇਕ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰਾਂ ਦੀ ਨਿਗਰਾਨੀ ਹੇਠ ਅਜਿਹੇ ਮਾਮਲਿਆਂ ਨਾਲ ਨਜਿੱਠਿਆ ਜਾ ਰਿਹਾ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੇ ਸੈਂਪਲ ਚੈੱਕ ਕਰਨ ਲਈ ਟੈਸਟਿੰਗ ਕਿੱਟਾਂ ਦੀ ਖ਼ਰੀਦ ਲਈ ਸਿਹਤ ਵਿਭਾਗ ਵੱਲੋਂ ਵੱਡੇ ਜ਼ਿਲ੍ਹਿਆਂ ਲਈ ਦੋ ਲੱਖ ਤੇ ਛੋਟੇ ਜ਼ਿਲ੍ਹਿਆ ਲਈ ਇੱਕ ਲੱਖ ਰੁਪਏ ਜਾਰੀ ਕਰ ਦਿੱਤੇ ਹਨ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਪਾਣੀ ਦੇ ਸੈਂਪਲਾਂ ਦੀ ਗਿਣਤੀ ਦੁੱਗਣੀ ਕਰ ਦਿੱਤੀ ਹੈ ਹੁਣ ਵੱਡੇ ਸ਼ਹਿਰਾਂ ਵਿੱਚ 400 ਸੈਂਪਲ, ਦਰਮਿਆਨੇ ਸ਼ਹਿਰਾਂ ਵਿੱਚ 300 ਅਤੇ ਛੋਟੇ ਸ਼ਹਿਰਾਂ ਵਿੱਚ 200 ਸੈਂਪਲ ਲਏ ਜਾ ਰਹੇ ਹਨ।ਇਸ ਮੌਕੇ ਕਰਨਲ ਜੇ.ਵੀ. ਸਿੰਘ, ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਗੁਰਪ੍ਰੀਤ ਸਿੰਘ ਵਾਲੀਆ, ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਦਿਵਜੋਤ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।