ਰਜੇਸ਼ ਗੋਤਮ, ਪਟਿਆਲਾ, 14 ਅਗਸਤ 2024
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਆਸ਼ੀਰਵਾਦ ਸਕੀਮ ਤਹਿਤ 51 ਹਜ਼ਾਰ ਰੁਪਏ ਦੀ ਮਾਲੀ ਮਦਦ ਲਈ ਪਟਿਆਲਾ ਜ਼ਿਲ੍ਹੇ ਦੇ ਕੁੱਲ 883 ਲਾਭਪਾਤਰੀਆਂ ਨੂੰ 4 ਕਰੋੜ 50 ਲੱਖ 33 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ 4 ਕਰੋੜ 50 ਲੱਖ 33 ਹਜ਼ਾਰ ਰੁਪਏ ਜਾਰੀ ਕੀਤੇ ਗਏ। ਜਿਸ ਵਿੱਚ ਜ਼ਿਲ੍ਹੇ ਦੇ 883 ਪੱਛੜੀ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ ਸਬੰਧਤ ਲਾਭਪਾਤਰੀ ਕਵਰ ਕੀਤੇ ਜਾਣਗੇ। ਉਹਨਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ/ਈਸਾਈ ਬਰਾਦਰੀ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀ ਵਿਧਵਾਵਾਂ ਲੜਕੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਪੱਛੜੇ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਹਨਾਂ ਦੇ ਮੁੜ ਵਿਆਹ ਸਮੇਂ 51000/- ਰੁਪਏ ਦੀ ਵਿਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ।
ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਮੁਕੁਲ ਬਾਵਾ ਨੇ ਦੱਸਿਆ ਕਿ ਪ੍ਰਾਪਤ ਹੋਈ ਰਾਸ਼ੀ ਡੀ.ਬੀ.ਟੀ ਮੌਡ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਵੀ ਰਾਸ਼ੀ ਜਲਦ ਹੀ ਜਾਰੀ ਕੀਤੀ ਜਾ ਰਹੀ ਹੈ।