ਪਰਾਲੀ ਪ੍ਰਬੰਧਨ: ਸਹਿਕਾਰੀ ਸਭਾਵਾਂ ਵਿੱਚ ਕਿਸਾਨਾਂ ਮੈਂਬਰਾਂ ਨਾਲ ਅਧਿਕਾਰੀਆਂ ਵਲੋਂ ਮੀਟਿੰਗਾਂ
ਸੋਨੀ ਪਨੇਸਰ, ਬਰਨਾਲਾ, 5 ਅਕਤੂਬਰ 2024
ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਦੀ ਅਗਵਾਈ ਹੇਠ ਪਰਾਲੀ ਪ੍ਰਬੰਧਨ ਲਈ ਮੁਹਿੰਮ ਜਾਰੀ ਹੈ। ਇਸ ਮੁਹਿੰਮ ਤਹਿਤ ਵੱਖ ਵੱਖ ਅਧਿਕਾਰੀਆਂ ਦੀ ਅਗਵਾਈ ਹੇਠ ਪਿੰਡਾਂ ਵਿਚ ਕੈਂਪ ਲਗਾਏ ਜਾ ਰਹੇ ਹਨ ਅਤੇ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਉਹਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਹਿੰਮ ਤਹਿਤ ਲਈ ਪਿੰਡਾਂ ਦੇ ਨੰਬਰਦਾਰਾਂ, ਨਰੇਗਾ ਵਰਕਰਾਂ, ਨੌਜਵਾਨਾਂ, ਪੰਚਾਇਤ ਸਕੱਤਰਾਂ ਦੀ ਵੀ ਮਦਦ ਲਈ ਜਾ ਰਹੀ ਹੈ।
ਕਿਸਾਨਾਂ ਨੂੰ ਕੈਂਪਾਂ ਵਿਚ ਅਪੀਲ ਕੀਤੀ ਜਾ ਰਹੀ ਹੈ ਕਿ ਪਰਾਲੀ ਸਾੜਨ ਨਾਲ ਜਿੱਥੇ ਮਿੱਤਰ ਕੀੜੇ ਨਸ਼ਟ ਹੁੰਦੇ ਹਨ, ਉਸ ਦੇ ਨਾਲ ਅੱਗ ਨਾਲ ਪੈਦਾ ਹੋਏ ਧੂੰਏਂ ਨਾਲ ਵਾਤਾਵਰਨ ਵੀ ਪ੍ਰਦੂਸ਼ਿਤ ਹੁੰਦਾ ਹੈ ਅਤੇ ਕਈ ਵਾਰ ਜਾਨੀ ਮਾਲੀ ਨੁਕਸਾਨ ਹੋਣ ਦਾ ਖਦਸ਼ਾ ਵੀ ਬਣਿਆ ਰਹਿੰਦਾ ਹੈ।
ਇਸੇ ਲੜੀ ਤਹਿਤ ਪਿੰਡ ਛਾਪਾ ਖੇਤੀਬਾੜੀ ਸਭਾ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮੈਂਬਰਾਂ ਲਈ ਜਾਗਰੂਕਤਾ ਕੈਂਪ ਲਾਇਆ ਗਿਆ। ਕੈਂਪ ਵਿੱਚ ਪਹੁੰਚੇ ਮੈਂਬਰਾਂ ਵੱਲੋਂ ਆਪਣੇ ਸੁਝਾਅ ਵੀ ਦਿੱਤੇ ਗਏ। ਇਸੇ ਤਰ੍ਹਾਂ ਕੁਰੜ ਸਹਿਕਾਰੀ ਸਭਾ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਮੈਂਬਰਾਂ ਨਾਲ ਵਿਚਾਰਾਂ ਕੀਤੀਆਂ ਗਈਆਂ ਤੇ ਹਾਜ਼ਰ ਮੈਂਬਰਾਂ ਵੱਲੋਂ ਪਰਾਲੀ ਨਾ ਸਾੜਨਾ ਸਬੰਧੀ ਪ੍ਰਣ ਲਿਆ ਗਿਆ। ਇਸੇ ਤਰ੍ਹਾਂ ਕੱਟੂ ਸਹਿਕਾਰੀ ਸਭਾ ਵਿਚ ਕਿਸਾਨ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ। ਇਸ ਤੋਂ ਇਲਾਵਾ ਨਰੇਗਾ ਮਜ਼ਦੂਰਾਂ ਨਾਲ ਵੀ ਮੀਟਿੰਗ ਕੀਤੀ ਗਈ।
ਇਸ ਤੋਂ ਇਲਾਵਾ ਪਿੰਡ ਸੇਖਾ, ਪਿੰਡ ਢਿੱਲਵਾਂ, ਛੀਨੀਵਾਲ ਕਲਾਂ, ਸ਼ਹਿਣਾ ਤੇ ਜਵੰਧਾ ਪਿੰਡੀ ਵਿਖੇ ਵੀ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਸੇ ਲੜੀ ਤਹਿਤ ਜ਼ਿਲ੍ਹਾ ਮਾਲ ਅਫ਼ਸਰ ਸ. ਗੁਰਜਿੰਦਰ ਸਿੰਘ ਵਲੋਂ ਸ਼ਹਿਣਾ ਵਿੱਚ ਮੀਟਿੰਗ ਕਰਕੇ ਕਿਸਾਨਾਂ ਨੂੰ ਸਬਸਿਡੀ ਵਾਲੀ ਮਸ਼ੀਨਰੀ ਦੀ ਵਰਤੋਂ ਕਰਨ, ਪਰਾਲੀ ਦਾ ਜ਼ਮੀਨ ਵਿੱਚ ਨਿਬੇੜਾ ਕਰਨ, ਪਰਾਲੀ ਸਾੜਨ ਨਾਲ ਵਾਤਾਵਰਨ ਤੇ ਮਨੁੱਖੀ ਸਿਹਤ ਦੇ ਨੁਕਸਾਨਾਂ ਆਦਿ ਬਾਰੇ ਚਰਚਾ ਕੀਤੀ ਤੇ ਪਿੰਡ ਵਾਸੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦਾ ਸੱਦਾ ਦਿੱਤਾ ਗਿਆ।