ਆਦਰਸ਼ ਚੋਣ ਜ਼ਾਬਤਾ ਪੂਰੇ ਜ਼ਿਲ੍ਹੇ ਵਿੱਚ ਲਾਗੂ: ਪੂਨਮਦੀਪ ਕੌਰ
ਰਘਵੀਰ ਹੈਪੀ, ਬਰਨਾਲਾ, 16 ਅਕਤੂਬਰ 2024
ਜ਼ਿਲ੍ਹਾ ਚੋਣਕਾਰ ਅਫ਼ਸਰ ਸਹਿਤ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਵਲੋਂ ਅੱਜ ਇੱਥੇ ਵੱਖ ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਪ੍ਰੋਗਰਾਮ ਮੁਤਾਬਿਕ 18 ਅਕਤੂਬਰ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 25 ਅਕਤੂਬਰ (ਸ਼ੁੱਕਰਵਾਰ) ਹੋਵੇਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ (ਸੋਮਵਾਰ) ਨੂੰ ਕੀਤੀ ਜਾਵੇਗੀ, ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਅੰਤਿਮ ਮਿਤੀ 30 ਅਕਤੂਬਰ (ਬੁੱਧਵਾਰ) ਹੈ। ਵੋਟਾਂ 13 ਨਵੰਬਰ (ਬੁੱਧਵਾਰ) ਨੂੰ ਪੈਣਗੀਆਂ ਅਤੇ 23 ਨਵੰਬਰ (ਸ਼ਨਿਚਰਵਾਰ) ਨੂੰ ਵੋਟਾਂ ਦੀ ਗਿਣਤੀ ਹੋਵੇਗੀ।
ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀਆਂ ਹਦਾਇਤਾਂ ਦੀ ਕਾਪੀ ਸਾਰੀਆਂ ਪਾਰਟੀਆਂ ਨੂੰ ਮੁਹਈਆ ਕਰਵਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਆਦਰਸ਼ ਚੋਣ ਜ਼ਾਬਤਾ ਪੂਰੇ ਜ਼ਿਲ੍ਹੇ ਵਿੱਚ ਲਾਗੂ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪਹਿਲਾਂ ਤੋਂ ਚੱਲ ਰਹੇ ਕੰਮ ਜਾਰੀ ਰਹਿਣਗੇ, ਜਦਕਿ ਨਵੇਂ ਕੰਮ ਸ਼ੁਰੂ ਨਹੀਂ ਕੀਤੇ ਜਾ ਸਕਣਗੇ।
ਉਨ੍ਹਾਂ ਕਿਹਾ ਕਿ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਲਈ ਸੀ ਵਿਜਲ ਸ਼ੁਰੂ ਕਰ ਦਿੱਤਾ ਗਿਆ ਹੈ ਤੇ ਵੱਖ ਵੱਖ ਤਰ੍ਹਾਂ ਦੀਆਂ ਮਨਜ਼ੂਰੀਆਂ ਸੁਵਿਧਾ ਪੋਰਟਲ ‘ਤੇ ਮਿਲਣਗੀਆਂ। ਇਸ ਮੌਕੇ ਐੱਸ ਐੱਸ ਪੀ ਬਰਨਾਲਾ ਸ੍ਰੀ ਸੰਦੀਪ ਕੁਮਾਰ ਮਲਿਕ, ਐੱਸ ਪੀ ਸ੍ਰੀ ਹੰਸ ਰਾਜ, ਚੋਣ ਤਹਿਸੀਲਦਾਰ ਰਾਮ ਜੀ ਲਾਲ, ਜ਼ਿਲ੍ਹਾ ਮਾਲ ਅਫਸਰ ਗੁਰਜਿੰਦਰ ਸਿੰਘ, ਤਹਿਸੀਲਦਾਰ ਰਾਕੇਸ਼ ਕੁਮਾਰ ਅਤੇ ਰਾਜਸੀ ਪਾਰਟੀਆਂ ਤੋਂ ਓਂਕਾਰ ਸੂਰਤ ਸਿੰਘ (ਇੰਡੀਅਨ ਨੈਸ਼ਨਲ ਕਾਂਗਰਸ), ਸਤਪਾਲ ਸਿੰਘ, ਬਲਵਿੰਦਰ ਸਿੰਘ (ਬਸਪਾ), ਲਵਪ੍ਰੀਤ ਸਿੰਘ (ਬੀਜੇਪੀ), ਮਹਿੰਦਰ ਪਾਲ (ਸ਼੍ਰੋਮਣੀ ਅਕਾਲੀ ਦਲ), ਸੁਰਿੰਦਰ ਦਰਦੀ ( ਸੀ ਪੀ ਆਈ ਐਮ) ਹਾਜ਼ਰ ਸਨ।