ਰਘਵੀਰ ਹੈਪੀ, ਬਰਨਾਲਾ 8 ਨਵੰਬਰ 2024
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਰਫ਼ ਸਟੇਜ਼ਾਂ ’ਤੇ ਦਾਅਵੇ ਕਰ ਕੇ ਵਾਹ-ਵਾਹ ਖੱਟ ਰਹੇ ਹਨ। ਜਦਕਿ ਜ਼ਮੀਨੀ ਪੱਧਰ ’ਤੇ ਮੁੱਖ ਮੰਤਰੀ ਮਾਨ ਨੂੰ ਪੰਜਾਬ ਦੇ ਲੋਕਾਂ ਦੀ ਕੋਈ ਪ੍ਰਵਾਹ ਹੀ ਨਹੀਂ ਹੈ। ਕਿਉਂਕਿ ਖੇਤੀ ’ਤੇ ਨਿਰਭਰ ਪੰਜਾਬ ਦੇ ਕਿਸਾਨ ‘ਆਪ’ ਸਰਕਾਰ ਦੀਆਂ ਨਾਲਾਇਕੀਆਂ ਕਾਰਨ ਮੰਡੀਆਂ ’ਚ ਰੁਲ ਰਹੇ ਹਨ। ਕਿਸਾਨਾਂ ਦਾ ਝੋਨਾ ਵੀ ਰੁਲ ਰਿਹਾ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਥਾਨਕ ਬਾਜਵਾ ਪੱਤੀ ਵਿਖੇ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕੀਤਾ। ਕਾਲਾ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸੁਪਨੇ ਦਿਖਾ ਕੇ ਸੱਤਾ ’ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਦੁਕਾਨਦਾਰਾਂ ਤੇ ਵਪਾਰੀਆਂ ਦੀ ਕੋਈ ਪ੍ਰਵਾਹ ਨਹੀਂ ਹੈ। ਝੋਨੇ ਦੀ ਆਮਦ ’ਤੇ ਪਹਿਲਾਂ ਹੀ ਮੰਡੀਆਂ ’ਚ ਖਰੀਦ ਨੂੰ ਲੈ ਕੇ ਸਾਰੇ ਪ੍ਰਬੰਧ ਮੁਕੰਮਲ ਕਰਨਾ ਮੁੱਖ ਮੰਤਰੀ ਦਾ ਮੁੱਢਲਾ ਫ਼ਰਜ਼ ਹੁੰਦਾ ਹੈ। ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕਿਸਾਨਾਂ ਅਤੇ ਫ਼ਸਲ ਦੀ ਰੱਤੀ ਭਰ ਵੀ ਫ਼ਿਕਰ ਨਹੀਂ ਹੈ। ਕਿਉਂਕਿ ਮੰਡੀਆਂ ’ਚ ਜਿੱਥੇ ਖ਼ਰੀਦ ਪ੍ਰਬੰਧ ਅਸਫ਼ਲ ਸਾਬਤ ਹੋ ਰਹੇ ਹਨ, ਉੱਥੇ ਹੀ ਕੇਂਦਰ ਸਰਕਾਰ ਨਾਲ ਗੱਲਬਾਤ ਕਰਕੇ ਆਉਣ ਵਾਲੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੋਈ ਕਦਮ ਨਹੀਂ ਚੁੱਕਿਆ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀਆਂ ਨਾਲਾਇਕੀਆਂ ਕਾਰਨ ਕਿਸਾਨਾਂ ਦਾ ਝੋਨਾ ਮੰਡੀਆਂ ’ਚ ਰੁਲ ਰਿਹਾ ਹੈ ਤੇ ਕਿਸਾਨ ਖੱਜ਼ਲ-ਖ਼ੁਆਰ ਹੋ ਰਹੇ ਹਨ। ਇਸ ਮੌਕੇ ਵੱਡੀ ਗਿਣਤੀ ’ਚ ਕਾਂਗਰਸੀ ਆਗੂ, ਵਰਕਰ ਤੇ ਬਾਜਵਾ ਪੱਤੀ ਦੇ ਵਸਨੀਕ ਹਾਜ਼ਰ ਸਨ।