ਆਉਣ ਵਾਲੀਆਂ ਪੀੜੀਆਂ ਨੂੰ ਬਚਾਉਣ ਲਈ ਗੋਵਿੰਦ ਸਿੰਘ ਸੰਧੂ ਵੱਲੋਂ ਚਲਾਈ ਲਹਿਰ ਵਿੱਚ ਯੋਗਦਾਨ ਪਾਉਣਾ ਸਾਡਾ ਸਭ ਦਾ ਫਰਜ਼: ਭਾਈ ਜਸਵੀਰ ਸਿੰਘ ਰੋਡੇ
ਨਸ਼ੇ ਨੂੰ ਸਾਡੀ ਨਸਲਕੁਸ਼ੀ ਦੇ ਹਥਿਆਰ ਵਜੋਂ ਵਰਤ ਰਹੀਆਂ ਹਨ ਸਰਕਾਰਾਂ: ਸੰਧੂ
ਗੋਵਿੰਦ ਸਿੰਘ ਸੰਧੂ ਨੂੰ ਵੱਡੇ ਫਰਕ ਨਾਲ ਜਿਤਾ ਕੇ ਵਿਧਾਨ ਸਭਾ ਭੇਜਿਆ ਜਾਵੇ: ਗੁਰਦੀਪ ਸਿੰਘ ਬਠਿੰਡਾ
ਹਰਿੰਦਰ ਨਿੱਕਾ, ਬਰਨਾਲਾ 13 ਨਵੰਬਰ 2024
ਸੂਬੇ ਦੀਆਂ ਵੱਖ-ਵੱਖ ਪੰਥਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਅੱਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਪੰਥਕ ਜਥੇਬੰਦੀਆਂ ਦੇ ਸਾਂਝੇ ਉਮੀਦਵਾਰ ਗੋਵਿੰਦ ਸਿੰਘ ਸੰਧੂ ਦੇ ਹੱਕ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਲੋਕ ਹੱਕਾਂ ਦੀ ਰਾਖੀ, ਬੱਚਿਆਂ ਦਾ ਭਵਿੱਖ ਸੁਨਿਹਰੀ ਬਨਾਉਣ, ਸੂਬੇ ਦੇ ਖਰਾਬ ਹੋ ਰਹੇ ਮਾਹੌਲ ਨੂੰ ਸੁਧਾਰਨ ਅਤੇ ਵੱਖ ਵੱਖ ਵਰਗਾਂ ਨਾਲ ਹੋ ਰਹੇ ਧੱਕੇ ਦੀ ਆਵਾਜ਼ ਬੁਲੰਦ ਕਰਨ ਲਈ 20 ਨਵੰਬਰ ਨੂੰ ਚੋਣ ਨਿਸ਼ਾਨ ਬਾਲਟੀ ਦਾ ਬਟਨ ਦਬਾ ਕੇ ਗੋਵਿੰਦ ਸਿੰਘ ਸੰਧੂ ਨੂੰ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਭੇਜਣ ਦੀ ਅਪੀਲ ਕੀਤੀ ਗਈ।
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ ਨੇ ਕਿਹਾ ਕਿ ਸ. ਗੋਵਿੰਦ ਸਿੰਘ ਸੰਧੂ ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਵੰਸ਼ ਵਿੱਚੋਂ ਹਨ। ਇਹਨਾਂ ਦੇ ਪਰਿਵਾਰ ਵੱਲੋਂ ਪੰਥ ਅਤੇ ਪੰਜਾਬ ਦੀ ਭਲਾਈ ਲਈ ਅਣਥਕ ਸੇਵਾਵਾਂ ਦਿੱਤੀਆਂ ਗਈਆਂ ਹਨ ਅਤੇ ਉਹ ਆਪ ਪੜ੍ਹੇ ਲਿਖੇ ਅਤੇ ਸਮਾਜ ਸੁਧਾਰ ਦੀ ਚੰਗੀ ਸੋਚ ਰੱਖਣ ਵਾਲੇ ਨੌਜਵਾਨ ਆਗੂ ਹਨ, ਜਿਸ ਕਰਕੇ ਉਹਨਾਂ ਨੂੰ ਪੰਥਕ ਉਮੀਦਵਾਰ ਵਜੋਂ ਜਿਮਨੀ ਚੋਣ ਬਰਨਾਲਾ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ, ਜਿਨ੍ਹਾਂ ਦਾ ਸਾਥ ਦੇ ਕੇ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। ਉਹਨਾਂ ਕਿਹਾ ਕਿ ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ਦਾ ਰਾਜ ਅਸੀਂ ਸਾਰੇ ਵੇਖ ਚੁੱਕੇ ਹਾਂ। ਇਹ ਸਿਰਫ ਝੂਠਾ ਤੇ ਗੁੰਮਰਾਹਕੁੰਨ ਪ੍ਰਚਾਰ ਕਰਕੇ ਵੋਟਾਂ ਹਾਸਲ ਕਰਨ ਦੀ ਰਾਜਨੀਤੀ ਤੱਕ ਸੀਮਤ ਹਨ। ਇਹਨਾਂ ਨੂੰ ਪੰਜਾਬ ਦੇ ਲੋਕਾਂ ਦੀਆਂ ਦੁੱਖ ਤਕਲੀਫਾਂ ਅਤੇ ਮਸਲਿਆਂ ਤੋਂ ਕੋਈ ਲੈਣਾ ਦੇਣਾ ਨਹੀਂ, ਜਦੋਂ ਕਿ ਗੋਵਿੰਦ ਸਿੰਘ ਸੰਧੂ ਇਹਨਾਂ ਦੇ ਉਲਟ ਪੰਜਾਬ ਦੇ ਲੋਕਾਂ ਲਈ ਬਹੁਤ ਕੁਝ ਕਰਨਾ ਚਾਹੁੰਦੇ ਹਨ। ਸਾਡੀਆਂ ਆਉਣ ਵਾਲੀਆਂ ਪੀੜੀਆਂ ਦੇ ਭਵਿੱਖ ਨੂੰ ਸੰਵਾਰਨ, ਸਾਡੀਆਂ ਫਸਲਾਂ ਤੇ ਕਾਰੋਬਾਰ ਨੂੰ ਬਚਾਉਣ, ਸਾਰਿਆਂ ਲਈ ਬਰਾਬਰ ਹੱਕਾਂ ਦੀ ਚੰਗੀ ਸੋਚ ਲੈ ਕੇ ਤੁਰੇ ਹੋਏ ਹਨ। ਇਸ ਲਈ ਸਾਰਿਆਂ ਨੂੰ ਇੱਕਜੁੱਟ ਹੋ ਕੇ ਗੋਵਿੰਦ ਸਿੰਘ ਸੰਧੂ ਦਾ ਡੱਟ ਕੇ ਸਾਥ ਦੇਣਾ ਚਾਹੀਦਾ ਹੈ ਤਾਂ ਜੋ ਸਾਡੇ ਲੋਕਾਂ ਦੀ ਆਵਾਜ਼ ਵਿਧਾਨ ਸਭਾ ਰਾਹੀਂ ਅੰਤਰਰਾਸ਼ਟਰੀ ਪੱਧਰ ਤੱਕ ਪਹੁੰਚ ਸਕੇ।
ਪੰਥਕ ਆਗੂ ਸ. ਗੁਰਦੀਪ ਸਿੰਘ ਬਠਿਡਾ ਨੇ ਪੰਥਕ ਜਥੇਬੰਦੀਆਂ ਦੇ ਉਮੀਦਵਾਰ ਗੋਵਿੰਦ ਸਿੰਘ ਸੰਧੂ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਕਿ ਅੱਜ ਸੂਬੇ ਦੇ ਕਿਸਾਨ, ਵਪਾਰੀ, ਮਜਦੂਰ ਅਤੇ ਮੁਲਾਜ਼ਮ ਸਮੇਤ ਹਰ ਵਰਗ ਰੁਲ ਰਿਹਾ ਹੈ। ਕਿਸੇ ਵੀ ਵਰਗ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਸਿਰਫ ਬਿਆਨਾਂ ਤੇ ਇਸ਼ਤਿਹਾਰਾਂ ਵਿੱਚ ਝੂਠੇ ਦਾਅਵੇ ਕੀਤੇ ਜਾ ਰਹੇ ਹਨ। ਆਪਣੇ ਹੱਕਾਂ ਦੀ ਪ੍ਰਾਪਤੀ ਲਈ ਅਤੇ ਝੂਠੇ ਵਾਅਦੇ ਤੇ ਲਾਰੇ ਕਰਨ ਵਾਲੀਆਂ ਪਾਰਟੀਆਂ ਨੂੰ ਸਬਕ ਸਿਖਾਉਣ ਦੀ ਲੋੜ ਹੈ। ਇਸ ਲਈ ਇਸ ਵਾਰ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਪੰਥਕ ਜਥੇਬੰਦੀਆਂ ਦੇ ਸਾਂਝੇ ਉਮੀਦਵਾਰ ਸ. ਗੋਵਿੰਦ ਸਿੰਘ ਸੰਧੂ ਨੂੰ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਭੇਜਿਆ ਜਾਵੇ।
ਸ਼ੇਰੇ ਪੰਜਾਬ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਅਤੇ ਪੰਥਕ ਆਗੂ ਸ. ਬੂਟਾ ਸਿੰਘ ਰਣਸੀਂਹ ਨੇ ਕਿਹਾ ਕਿ ਇਸ ਸਮੇਂ ਪੰਥਕ ਰਾਜਨੀਤੀ ਵਿੱਚ ਜੋ ਖੜੋਤ ਆਈ ਹੋਈ ਹੈ, ਉਸ ਨੂੰ ਮੁੜ ਪੈਰਾਂ ਸਿਰ ਖੜਾ ਕਰਨ ਲਈ ਇੱਕਜੁੱਟ ਹੋ ਕੇ ਪੰਥਕ ਉਮੀਦਵਾਰਾਂ ਦਾ ਸਾਥ ਦਿੱਤਾ ਜਾਵੇ।
ਪੰਥਕ ਜਥੇਬੰਦੀਆਂ ਦੇ ਉਮੀਦਵਾਰ ਸ. ਗੋਵਿੰਦ ਸਿੰਘ ਸੰਧੂ ਨੇ ਸਮੁੱਚੀਆਂ ਪੰਥਕ ਜਥੇਬੰਦੀਆਂ ਦੇ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜਿੰਮੇਵਾਰੀ ਉੱਪਰ ਡੱਟ ਕੇ ਪਹਿਰਾ ਦਿੰਦੇ ਹੋਏ ਪੰਜਾਬ ਦੀ ਨੌਜਵਾਨੀ, ਫਸਲਾਂ ਤੇ ਕਾਰੋਬਾਰਾਂ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰਨਗੇ। ਉਹਨਾਂ ਕਿਹਾ ਕਿ ਅੱਜ ਸੂਬੇ ਦਾ ਹਰ ਪੱਖੋਂ ਬੁਰਾ ਹਾਲ ਹੈ। ਨਸ਼ੇ ਨੂੰ ਸਾਡੀ ਨਸਲਕੁਸ਼ੀ ਦੇ ਹਥਿਆਰ ਵਜੋਂ ਵਰਤਿਆ ਜਾ ਰਿਹਾ ਹੈ। ਚੋਰਾਂ, ਠੱਗਾਂ, ਲੁਟੇਰਿਆਂ ਤੇ ਡਕੈਤਾਂ ਨੂੰ ਖੁੱਲੀ ਛੁੱਟੀ ਦਿੱਤੀ ਹੋਈ। ਹਿੰਦੂ ਸਿੱਖ ਭਾਈਚਾਰਕ ਏਕਤਾ ਨੂੰ ਤੋੜਨ ਲਈ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਥਾਣਿਆਂ ਵਿੱਚ ਕਿਸੇ ਵੀ ਵਰਗ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਇਹਨਾਂ ਵਿਗੜ ਰਹੇ ਹਾਲਾਤਾਂ ਨੂੰ ਠੀਕ ਕਰਨ ਲਈ ਤੁਹਾਡੇ ਸਾਰਿਆਂ ਦੇ ਸਹਿਯੋਗ ਦੀ ਲੋੜ ਹੈ। ਇਹ ਤਾਂ ਹੀ ਸੰਭਵ ਹੋ ਸਕਦਾ ਹੈ ਜਦੋਂ ਅਸੀਂ ਆਪਣੀ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕਜੁੱਟ ਹੋ ਕੇ ਉਪਰਾਲੇ ਕਰਾਂਗੇ।
ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਾਤ ਪਾਤ ਅਤੇ ਧਾਰਮਿਕ ਵਖਰੇਵਿਆਂ ਤੋਂ ਉੱਪਰ ਉੱਠ ਕੇ ਹਰੇਕ ਪਿੰਡ ਅਤੇ ਘਰ ਤੱਕ ਪਹੁੰਚ ਕੀਤੀ ਜਾਵੇ। ਬੱਚਿਆਂ ਨੂੰ ਵੱਧ ਤੋਂ ਵੱਧ ਬਾਣੀ ਅਤੇ ਆਪਣੇ ਸੱਭਿਆਚਾਰ ਨਾਲ ਜੋੜਿਆ ਜਾਵੇ। ਆਪਣੇ ਹੱਕਾਂ ਪ੍ਰਤੀ ਜਾਗਰੂਕ ਕੀਤਾ ਜਾਵੇ ਤਾਂ ਜੋ ਸਾਨੂੰ ਕੋਈ ਵੀ ਗੁਮਰਾਹ ਨਾ ਕਰ ਸਕੇ ਅਤੇ ਅਸੀਂ ਇੱਕ ਚੰਗੇ ਸਮਾਜ ਦੀ ਸਿਰਜਣਾ ਕਰ ਸਕੀਏ।
ਇਸ ਮੌਕੇ ਉਪਰੋਕਤ ਬੁਲਾਰਿਆਂ ਤੋਂ ਇਲਾਵਾ ਸ. ਦਲੀਪ ਸਿੰਘ ਚਕਰ ਪ੍ਰਧਾਨ ਇੰਟਰਨੈਸ਼ਨਲ ਪੰਥਕ ਦਲ, ਸਰਬਜੀਤ ਸਿੰਘ ਅਕਾਲ, ਭੋਲਾ ਸਿੰਘ ਰਾਜਗੜ੍ਹ, ਗੁਰਸੇਵਕ ਸਿੰਘ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਨਰਲ ਸਕੱਤਰ ਪ੍ਰੋ.ਮੋਹਿੰਦਰਪਾਲ ਸਿੰਘ ,ਕੁਲਦੀਪ ਸਿੰਘ ਭਾਗੋਵਾਲ, ਅੰਮਿ੍ਤਪਾਲ ਸਿੰਘ ਛੰਦੜਾਂ, ਸ. ਗੁਰਜੰਟ ਸਿੰਘ ਕੱਟੂ, ਸ. ਕੁਸ਼ਲਪਾਲ ਸਿੰਘ ਮਾਨ, ਕਰਨੈਲ ਸਿੰਘ ਠੁੱਲੀਵਾਲ, ਉਤਮ ਬਾਂਸਲ ਸਮੇਤ ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਸਾਹਿਬਾਨ ਹਾਜ਼ਰ ਸਨ।