ਲਾਲਚ ਨੇ ਅੱਖ ਝਪਕਦੇ ਹੀ ਮੁਲਾਜ਼ਮ ਤੋਂ ਮੁਲਜ਼ਮ ਬਣਾਇਆ
ਵ੍ਹੀਕਲ ਫਿੱਟਨੈੱਸ ਸਰਟੀਫਿਕੇਟ ਦੇਣ ਬਦਲੇ ਮੰਗੀ ਰਿਸ਼ਵਤ
ਬਲਵਿੰਦਰ ਸੂਲਰ, ਪਟਿਆਲਾ, 12 ਦਸੰਬਰ, 2024
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਪਟਿਆਲਾ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਗੁਰਮੀਤ ਸਿੰਘ ਅਤੇ ਪਟਿਆਲਾ ਦੇ ਹੀ ਰਹਿਣ ਵਾਲੇ ਉਸਦੇ ਸਾਥੀ ਅਨਿਲ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਟਿਆਲਾ ਸ਼ਹਿਰ ਦੇ ਵਸਨੀਕ ਦਿਨੇਸ਼ ਕੁਮਾਰ, ਜੋ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਪਟਿਆਲਾ ਵਿਖੇ ਵਸੀਕਾ ਨਵੀਸ ਵਜੋਂ ਕੰਮ ਕਰਦਾ ਹੈ, ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਮੋਟਰ ਵਹੀਕਲ ਇੰਸਪੈਕਟਰ ਆਪਣੇ ਨਿੱਜੀ ਏਜੰਟ ਅਨਿਲ ਰਾਹੀਂ ਵਾਹਨ ਦੀ ਫਿਟਨੈਸ ਲਈ ਮਨਜ਼ੂਰੀ ਸਰਟੀਫਿਕੇਟ ਦੇਣ ਅਤੇ ਉਸਦਾ ਡਰਾਈਵਿੰਗ ਲਾਇਸੈਂਸ ਟੈਸਟ ਪਾਸ ਕਰਨ ਬਦਲੇ ਉਸ ਤੋਂ ਰਿਸ਼ਵਤ ਮੰਗ ਰਿਹਾ ਹੈ।