ਨਗਰ ਕੌਂਸਲ ਧਨੌਲਾ ਤੇ ਨਗਰ ਪੰਚਾਇਤ ਹੰਡਿਆਇਆ ਦੇ ਅਸਲਾ ਧਾਰਕ ਲਾਇਸੰਸੀਆਂ ਤੇ ਇਹ ਫੈਸਲਾ ਹੋਊ ਲਾਗੂ
ਰਘਵੀਰ ਹੈਪੀ, ਬਰਨਾਲਾ 13 ਦਸੰਬਰ 2024
ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਪੂਨਮਦੀਪ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ-2024 ਦੇ ਮੱਦੇਨਜ਼ਰ ਅਸਲਾ ਲੈ ਕੇ ਚੱਲਣ ‘ਤੇ ਪਾਬੰਦੀ ਲਗਾਈ ਗਈ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਕਿਸੇ ਵੀ ਪ੍ਰਕਾਰ ਦੇ ਲੜਾਈ-ਝਗੜੇ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਚੋਣਾਂ ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਸਲਾ ਲਾਇਸੰਸੀਆਂ ਨੂੰ ਆਪਣੇ ਹਥਿਆਰ ਚੁੱਕ ਕੇ ਚੱਲਣ ‘ਤੇ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਬਰਨਾਲਾ ‘ਚ ਨਗਰ ਕੌਂਸਲ ਧਨੌਲਾ ਅਤੇ ਨਗਰ ਪੰਚਾਇਤ ਹੰਡਿਆਇਆ ਦੇ ਅਸਲਾ ਧਾਰਕ ਲਾਇਸੰਸੀਆਂ ਨੂੰ ਆਪਣੇ ਹਥਿਆਰ ਚੁੱਕ ਕੇ ਚੱਲਣ ਦੀ ਮਨਾਹੀ ਹੈ। ਉਨ੍ਹਾਂ ਦੱਸਿਆ ਕਿ ਇਹ ਹੁਕਮ ਫੌਜੀਆਂ, ਨੀਮ ਫੌਜੀ ਦਸਤੇ, ਬਾ-ਵਰਦੀ ਪੁਲਿਸ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਵੇਗਾ। ਪ੍ਰੰਤੂ ਚੋਣ ਉਮੀਦਵਾਰਾਂ ਦੇ ਸੁਰੱਖਿਆ ਕਰਮਚਾਰੀ/ਐਸ.ਪੀ.ਓਜ਼ ਹਥਿਆਰ ਪੋਲਿੰਗ ਸਟੇਸ਼ਨਾਂ ਦੇ ਅੰਦਰ ਨਹੀਂ ਲੈ ਜਾ ਸਕਣਗੇ। ਇਹ ਹੁਕਮ ਮਿਤੀ 24 ਦਸੰਬਰ, 2024 ਤੱਕ ਲਾਗੂ ਰਹਿਣਗੇ।